ਮੋਗਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
Punjab News: ਮੋਗਾ ਜ਼ਿਲ੍ਹੇ ਦੇ ਪਿੰਡ ਸਮਾਧ ਭਾਈ ਦੀ ਦਾਣਾ ਮੰਡੀ ਵਿੱਚ ਬਣੀ ਝੌਂਪੜੀ ਵਿੱਚ ਕੁਝ ਨੌਜਵਾਨ ਦੂਸਰੇ ਨੌਜਵਾਨ ਨੂੰ ਆਪਣੇ ਨਾਲ ਲੈ ਗਏ ਅਤੇ ਉਸ ਨੂੰ ਨਸ਼ੇ ਦੀ ਓਵਰਡੋਜ਼ ਪਿਲਾ ਦਿੱਤੀ। ਨੌਜਵਾਨ ਦੀ ਸਿਹਤ ਵਿਗੜਨ 'ਤੇ ਬਾਕੀ ਚਾਰ ਨੌਜਵਾਨ ਉਥੋਂ ਫ਼ਰਾਰ ਹੋ ਗਏ। ਜਿਸ ਕਾਰਨ 28 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪੁਲਸ ਨੇ ਮ੍ਰਿਤਕ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਸਮਾਧ ਭਾਈ ਦੇ ਵਸਨੀਕ ਜਸਕਰਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਲੜਕਾ ਰਾਜਪਾਲ ਸਿੰਘ (28) ਨਸ਼ੇ ਦਾ ਆਦੀ ਸੀ, ਅੱਜ ਸਵੇਰੇ ਕਰੀਬ 6 ਵਜੇ ਪਿੰਡ ਦੇ ਸਾਬਕਾ ਸਰਪੰਚ ਧਨਿੰਦਰ ਸਿੰਘ ਨੇ ਆ ਕੇ ਦੱਸਿਆ ਕਿ ਉਸ ਦਾ ਲੜਕਾ ਰਾਜਪਾਲ ਸਿੰਘ ਦਾਣਾ ਮੰਡੀ ਦੇ ਇੱਕ ਘਰ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ। ਪਰਿਵਾਰਕ ਮੈਂਬਰ ਮੌਕੇ 'ਤੇ ਪੁੱਜੇ ਤਾਂ ਦੇਖਿਆ ਕਿ ਉਸ ਦਾ ਲੜਕਾ ਰਾਜਪਾਲ ਸਿੰਘ ਮਰਿਆ ਪਿਆ ਸੀ।
ਸਾਰੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕੀਤਾ ਹੈ
ਪੁਲੀਸ ਨੇ ਮ੍ਰਿਤਕ ਦੇ ਪਿਤਾ ਜਸਕਰਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਮੁਲਜ਼ਮਾਂ ਲਖਬੀਰ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਕੇਵਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਪੁਲੀਸ ਨੇ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
- PTC NEWS