Arvind Kejriwal : ਦਿੱਲੀ ਦੇ CM ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ, ਨਹੀਂ ਮਿਲੀ ਜ਼ਮਾਨਤ
Arvind Kejriwal News : ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਜ਼ਮਾਨਤ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਣਾਇਆ ਹੈ। ਸੀਐਮ ਕੇਜਰੀਵਾਲ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਉਸ ਨੇ ਦੋਵੇਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਨ੍ਹਾਂ ਪਟੀਸ਼ਨਾਂ ਨੂੰ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਅਦਾਲਤ ਨੇ ਰੱਦ ਕਰ ਦਿੱਤਾ ਹੈ। ਦਿੱਲੀ ਹਾਈ ਕੋਰਟ ਨੇ 17 ਜੁਲਾਈ ਨੂੰ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅਤੇ 29 ਜੁਲਾਈ ਨੂੰ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਿਆ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਉਹ ਜ਼ਮਾਨਤ ਲਈ ਹੇਠਲੀ ਅਦਾਲਤ ਜਾ ਸਕਦੇ ਹਨ।
ਦਿੱਲੀ ਦੀ ਆਬਕਾਰੀ ਨੀਤੀ ਵਿੱਚ ਸੀਬੀਆਈ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਤੋਂ ਇਲਾਵਾ ਕੇਸਾਂ ਵਿੱਚ ਨਿਯਮਤ ਜ਼ਮਾਨਤ ਪਟੀਸ਼ਨਾਂ ਵੀ ਦਾਇਰ ਕੀਤੀਆਂ ਗਈਆਂ ਸਨ।
ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਕੀਤਾ ਸੀ ਗ੍ਰਿਫਤਾਰ
ਅਦਾਲਤ ਨੇ ਦੋਵਾਂ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ 21 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਅਰਵਿੰਦ ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਜੇਕਰ ਅੱਜ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਕੇਸ ਵਿੱਚ ਵੀ ਦਿੱਲੀ ਹਾਈਕੋਰਟ ਤੋਂ ਰਾਹਤ ਮਿਲ ਜਾਂਦੀ ਤਾਂ ਉਹ ਜੇਲ੍ਹ ਤੋਂ ਬਾਹਰ ਆ ਜਾਂਦੇ।
ਇਹ ਵੀ ਪੜ੍ਹੋ: Amritsar News : ਸ਼ਰਾਬੀ ਨੌਜਵਾਨ ਨੇ ਕੀਤਾ ਹੰਗਾਮਾ, ਪੁਲਿਸ ਮੁਲਾਜ਼ਮਾਂ ਦੀ ਪਾੜੀ ਵਰਦੀ
- PTC NEWS