Delhi Sacrilege Case : ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ, ਨਿਹੰਗ ਸਿੰਘਾਂ ਨੇ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ
Delhi Sacrilege Case : ਪੱਛਮੀ ਦਿੱਲੀ ਦੇ ਸ਼ਾਹਪੁਰਾ ਇਲਾਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। 15 ਨਵੰਬਰ ਨੂੰ ਸਤਨਾਮ ਸਿੰਘ ਨਾਮ ਦਾ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਵਿਖੇ ਆਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਕਰਨ ਲੱਗ ਪਿਆ। ਬਾਅਦ ਵਿੱਚ ਸਾਹਮਣੇ ਆਈ ਜਾਣਕਾਰੀ ਅਨੁਸਾਰ, ਉਕਤ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਦਿਆਂ ਉਨ੍ਹਾਂ ਅੰਗਾਂ ਨੂੰ ਪਾੜ ਕੇ ਆਪਣੇ ਨਾਲ ਲਿਜਾਣ ਦੇ ਦੋਸ਼ ਲੱਗੇ ਹਨ।
ਨਿਹੰਗ ਸਿੰਘਾਂ ਨੇ ਫੜਿਆ ਮੁਲਜ਼ਮ, ਪੁਲਿਸ ਹਵਾਲੇ ਕੀਤਾ
ਇਸ ਘਟਨਾ ਤੋਂ ਤਿੰਨ ਦਿਨ ਬਾਅਦ ਅੱਜ ਮੁੜ ਉਹੀ ਨੌਜਵਾਨ ਗੁਰਦੁਆਰਾ ਸਾਹਿਬ ਦੇ ਆਸ-ਪਾਸ ਦਿਖਾਈ ਦਿੱਤਾ। ਗੁਰਦੁਆਰਾ ਸਾਹਿਬ ਦੇ ਸਟਾਫ਼ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਜਿਵੇਂ ਹੀ ਇਸ ਘਟਨਾ ਦੀ ਖ਼ਬਰ ਪੱਛਮੀ ਦਿੱਲੀ ਦੇ ਸਿੱਖ ਭਾਈਚਾਰੇ ਵਿੱਚ ਫੈਲੀ, ਸਿੱਖ ਸੰਗਤ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ।
ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਬਾਬਾ ਬੁੱਢਾ ਦਲ ਦਿੱਲੀ ਸਟੇਟ ਦੇ ਜਥੇਦਾਰ ਆਪਣੇ ਨਿਹੰਗ ਸਿੰਘਾਂ ਦੇ ਜਥੇ ਸਮੇਤ ਮੌਕੇ 'ਤੇ ਪਹੁੰਚ ਗਏ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਦਿੱਤੀ ਗਈ, ਪਰ ਮੌਕੇ 'ਤੇ ਮੌਜੂਦ ਸਿੱਖ ਸੰਗਤ ਦੀ ਮੰਗ ਸੀ ਕਿ ਮੁਲਜ਼ਮ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ ਤਾਂ ਜੋ ਉਸ ਨੂੰ ਸਿੱਖ ਮਰਿਆਦਾ ਅਨੁਸਾਰ ਸਜ਼ਾ ਦਿੱਤੀ ਜਾ ਸਕੇ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਜਿਸਦੀ ਉਮਰ ਲਗਭਗ 45 ਸਾਲ ਹੈ, ਪਿਛਲੇ ਵੀਰਵਾਰ ਨੂੰ ਸ਼ਰਾਬੀ ਹਾਲਤ ਵਿੱਚ ਗੁਰਦੁਆਰੇ ਵਿੱਚ ਦਾਖਲ ਹੋਇਆ ਸੀ ਅਤੇ ਕਥਿਤ ਤੌਰ 'ਤੇ ਪਵਿੱਤਰ ਗ੍ਰੰਥ ਦੇ ਅੰਗ ਪਾੜ ਦਿੱਤੇ ਸਨ।
ਇਸ ਦੇ ਨਾਲ ਹੀ ਸਿੱਖ ਸੰਗਤ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ 'ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ। ਸੰਗਤ ਦਾ ਕਹਿਣਾ ਸੀ ਕਿ ਜੇਕਰ ਪੁਲਿਸ ਵੱਲੋਂ ਮੁਲਜ਼ਮ ਦੇ ਨਾਲ-ਨਾਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਮੈਂਬਰਾਂ, ਹੈੱਡ ਗ੍ਰੰਥੀ ਅਤੇ ਹੋਰ ਸਬੰਧਤ ਸਟਾਫ਼ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਇਸ ਨੂੰ ਬਰਾਬਰ ਦੀ ਜ਼ਿੰਮੇਵਾਰੀ ਮੰਨਿਆ ਜਾਵੇਗਾ।
ਦਿੱਲੀ ਪੁਲਿਸ ਵੱਲੋਂ ਐਫਆਈਆਰ ਤੋਂ ਇਨਕਾਰ
ਦੂਜੇ ਪਾਸੇ, ਪੁਲਿਸ ਵੱਲੋਂ ਪ੍ਰਬੰਧਕ ਕਮੇਟੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਤੋਂ ਇਹ ਕਹਿੰਦਿਆਂ ਇਨਕਾਰ ਕਰ ਦਿੱਤਾ ਗਿਆ ਕਿ ਇਹ ਮਾਮਲਾ ਉਨ੍ਹਾਂ ਦੇ ਕਾਨੂੰਨੀ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ।
ਪੁਲਿਸ ਦੇ ਇਸ ਰਵੱਈਏ ਤੋਂ ਨਾਰਾਜ਼ ਸਿੱਖ ਸੰਗਤ ਨੇ ਤਿਲਕ ਨਗਰ ਥਾਣੇ ਦੇ ਬਾਹਰ ਸੜਕ ਜਾਮ ਕਰ ਦਿੱਤੀ। ਇਸ ਕਾਰਨ ਇਲਾਕੇ ਵਿੱਚ ਲੰਮਾ ਟ੍ਰੈਫਿਕ ਜਾਮ ਲੱਗ ਗਿਆ ਅਤੇ ਸਥਿਤੀ ਨੂੰ ਸੰਭਾਲਣ ਲਈ ਪੁਲਿਸ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ। ਮਾਹੌਲ ਤਣਾਅਪੂਰਨ ਹੁੰਦਾ ਦੇਖਦਿਆਂ ਥਾਣੇ ਵਿੱਚ ਵਾਧੂ ਪੁਲਿਸ ਫੋਰਸ ਵੀ ਬੁਲਾਈ ਗਈ।
ਉਪਰੰਤ, ਪੁਲਿਸ ਵੱਲੋਂ ਮੁਲਜ਼ਮ ਵਿਰੁੱਧ ਭਾਰਤੀ ਨਿਆਏ ਸੰਹਿਤਾ ਦੀ ਧਾਰਾ 298 ਅਤੇ 299 (ਕਿਸੇ ਵੀ ਵਰਗ ਦੇ ਧਰਮ ਜਾਂ ਧਾਰਮਿਕ ਵਿਸ਼ਵਾਸਾਂ ਦਾ ਅਪਮਾਨ ਕਰਕੇ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਇਰਾਦੇ ਨਾਲ ਜਾਣਬੁੱਝ ਕੇ ਅਤੇ ਦੁਰਾਚਾਰੀ ਕਾਰਵਾਈਆਂ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ
ਮੌਕੇ 'ਤੇ ਮੌਜੂਦ ਨਿਹੰਗ ਸਿੰਘਾਂ ਨੇ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਜ਼ਿੰਮੇਵਾਰ ਮੈਂਬਰਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣਾ ਮੋਰਚਾ ਲਗਾਉਣਗੇ ਅਤੇ ਗੁਰਦੁਆਰਾ ਸਾਹਿਬ ਵਿਖੇ ਬੈਠ ਕੇ ਇਨਸਾਫ਼ ਦੀ ਮੰਗ ਕਰਨਗੇ।
ਸ਼੍ਰੋਮਣੀ ਅਕਾਲੀ ਦਲ ਨੇ ਸਖਤ ਸ਼ਬਦਾਂ 'ਚ ਕੀਤੀ ਨਿੰਦਾ
ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀ ਆਪਣਾ ਪੱਖ ਰੱਖਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ 15 ਨਵੰਬਰ ਨੂੰ ਇਹ ਬੇਅਦਬੀ ਦੀ ਘਟਨਾ ਵਾਪਰੀ ਸੀ ਤਾਂ ਪ੍ਰਬੰਧਕ ਕਮੇਟੀ ਵੱਲੋਂ ਇੰਨੇ ਦਿਨਾਂ ਤੱਕ ਇਸ ਮਾਮਲੇ ਨੂੰ ਕਿਉਂ ਲੁਕਾ ਕੇ ਰੱਖਿਆ ਗਿਆ? ਸੰਗਤ ਨੂੰ ਸਮੇਂ ਸਿਰ ਜਾਣਕਾਰੀ ਕਿਉਂ ਨਹੀਂ ਦਿੱਤੀ ਗਈ? ਉਨ੍ਹਾਂ ਕਿਹਾ ਕਿ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਘਟਨਾ ਨੂੰ ਇੰਨੇ ਦਿਨਾਂ ਤੱਕ ਛੁਪਾਉਣ ਪਿੱਛੇ ਕੀ ਕਾਰਨ ਜਾਂ ਰਾਜ ਸੀ ਅਤੇ ਇਸ ਵਿੱਚ ਕਿਸ ਦੀ ਕੀ ਭੂਮਿਕਾ ਰਹੀ ਹੈ।
ਸ. ਸਰਨਾ ਨੇ ਮੰਗ ਕੀਤੀ ਕਿ ਪੁਲਿਸ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰੇ ਅਤੇ ਸਿਰਫ਼ ਬੇਅਦਬੀ ਦੇ ਮੁਲਜ਼ਮ ਹੀ ਨਹੀਂ, ਸਗੋਂ ਘਟਨਾ ਦੀ ਜਾਣਕਾਰੀ ਹੋਣ ਦੇ ਬਾਵਜੂਦ ਇਸ ਨੂੰ ਸਮੇਂ ਸਿਰ ਜਨਤਕ ਨਾ ਕਰਨ ਵਾਲੇ ਜ਼ਿੰਮੇਵਾਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ।
ਇਹ ਵੀ ਪੜ੍ਹੋ... ਜ਼ੀਰਕਪੁਰ 'ਚ ਤਾੜ-ਤਾੜ ਚੱਲੀਆਂ ਗੋਲੀਆਂ ! ਫਾਰਚੂਨਰ ਡਰਾਈਵਰ ਸਮੇਤ ਵਾਲ-ਵਾਲ ਬਚੇ ਮਾਂ-ਪੁੱਤ, ਇਲਾਕੇ 'ਚ ਦਹਿਸ਼ਤ
- PTC NEWS