15 ਅਗਸਤ 'ਤੇ ਫ਼ਰੀਦਕੋਟ 'ਚ CM ਮਾਨ ਦੀ ਆਮਦ ਨੂੰ ਲੈ ਕੇ ਘਬਰਾਈ ਸਰਕਾਰ ! ਸਪਰੇਅ ਪੇਂਟ ਤੇ ਗੰਨ ਪੇਂਟ ਕੀਤੇ BAN
CM Mann Faridkot Visit Arrangement : ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਆਜ਼ਾਦੀ ਦਿਹਾੜੇ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਸਰਕਾਰ ਵੱਲੋਂ ਹੇਠਲੇ ਪੱਧਰ 'ਤੇ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮਾਂ 'ਚ ਕਿਸੇ ਵੀ ਤਰ੍ਹਾਂ ਦੇ ਵਿਘਨ ਨਾ ਪੈਣ ਸਬੰਧੀ ਸਖ਼ਤ ਹਦਾਇਤਾਂ ਵੀ ਕੀਤੀਆਂ ਗਈਆਂ ਹਨ। ਇਨ੍ਹਾਂ ਤਿਆਰੀਆਂ ਤਹਿਤ ਹੀ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਮੁੱਖ ਮੰਤਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਇੱਕ ਅਨੋਖਾ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਸਪਰੇਅ ਪੇਂਟ ਅਤੇ ਗੰਨ ਪੇਂਟ ਵੇਚਣ 'ਤੇ ਪਾਬੰਦੀ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ 15 ਅਗਸਤ ਨੂੰ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਿਸ ਦੌਰਾਨ ਕੋਈ ਵੀ ਸ਼ਰਾਰਤੀ ਅਨਸਰ ਸਪਰੇਅ ਪੇਟ ਅਤੇ ਗੰਨ ਪੇਟ ਨਾਲ ਗਲਤ ਇਤਰਾਜ਼ਯੋਗ ਸ਼ਬਦਾਵਲੀ/ਸਲੋਗਨ ਲਿਖ ਕੇ ਘਟਨਾ ਨੂੰ ਅੰਜਾਮ ਦੇ ਸਕਦਾ ਹੈ।

ਇਸ ਲਈ ਕੋਈ ਵੀ ਸ਼ਰਾਰਤੀ ਅਨਸਰ ਅਜਿਹਾ ਨਾ ਕਰ ਸਕੇ, ਜਿਸ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਂਰਾ 163 ਤਹਿਤ ਮਿਲੇ ਅਧਿਕਾਰਾਂ ਹੇਠ 11 ਅਗਸਤ ਤੋਂ 15 ਅਗਸਤ ਤੱਕ ਜ਼ਿਲ੍ਹੇ ਭਰ ਵਿੱਚ ਸਪਰੇਅ ਪੇਂਟ ਅਤੇ ਗੰਨ ਪੇਂਟ ਵੇਚਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਂਦੀ ਹੈ।
ਪੰਜਾਬ ਸਰਕਾਰ ਨੇ ਬੀਤੇ ਦਿਨ ਹੀ ਲੈਂਡ ਪੂਲਿੰਗ ਸਕੀਮ ਨੂੰ ਲਿਆ ਹੈ ਵਾਪਸ
ਜਾਣਕਾਰੀ ਅਨੁਸਾਰ ਇਹ ਹੁਕਮ ਉਸ ਸਮੇਂ ਆਏ ਹਨ ਜਦੋਂ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਵਾਪਸ ਲਈ ਹੈ। ਲੈਂਡ ਪੂਲਿੰਗ ਸਕੀਮ ਨੂੰ ਪੰਜਾਬ ਸਰਕਾਰ ਨੇ ਕਿਸਾਨਾਂ ਅਤੇ ਵਿਰੋਧੀ ਧਿਰਾਂ ਦੇ ਭਾਰੀ ਵਿਰੋਧ ਤੋਂ ਬਾਅਦ 11 ਅਗਸਤ ਨੂੰ ਵਾਪਸ ਲੈ ਲਿਆ ਹੈ। ਭਾਵੇਂ ਸਰਕਾਰ ਵੱਲੋਂ ਇਸ ਸਕੀਮ ਨੂੰ ਕਿਸਾਨਾਂ ਦੇ ਹਿੱਤਾਂ ਵਿੱਚ ਦੱਸਿਆ ਜਾ ਰਿਹਾ ਸੀ, ਪਰ ਕਿਸਾਨਾਂ ਵਿੱਚ ਸਕੀਮ ਨੂੰ ਲੈ ਕੇ ਗੁੱਸੇ ਦੀ ਲਹਿਰ ਪਾਈ ਜਾ ਰਹੀ ਸੀ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਪਿੰਡ ਪੱਧਰ 'ਤੇ ਵਿਰੋਧ ਵੀ ਕੀਤਾ ਜਾ ਰਿਹਾ ਸੀ।
- PTC NEWS