Sangrur News : ਧੂਰੀ ਪੁਲਿਸ ਵੱਲੋਂ ਚਾਈਨਾ ਡੋਰ ਦੇ 1004 ਗੱਟੂ ਬਰਾਮਦ ਕਰਕੇ ਮੁਲਜ਼ਮ ਗ੍ਰਿਫ਼ਤਾਰ
Sangrur News : ਪੰਜਾਬ ਦੇ ਵਿੱਚ ਚਾਈਨਾ ਡੋਰ ਦਾ ਕਹਿਰ ਲਗਾਤਾਰ ਜਾਰੀ ਹੈ। ਜਿੱਥੇ ਪਤੰਗਾਂ ਵੇਚਣ ਅਤੇ ਉਡਾਉਣ ਵਾਲਿਆਂ ਦਾ ਸੀਜ਼ਨ ਵੀ ਸ਼ੁਰੂ ਹੋ ਜਾਂਦਾ ਹੈ, ਉੱਥੇ ਹੀ ਖੂਨੀ ਡੋਰ ਨਾਲ ਰਾਹਗੀਰਾਂ ਨੂੰ ਖ਼ਤਰਾ ਖੜ੍ਹਾ ਹੋ ਜਾਂਦਾ ਹੈ। ਧੂਰੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਧੂਰੀ ਪੁਲਿਸ ਵੱਲੋਂ ਚਾਈਨਾ ਡੋਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਚਾਈਨਾ ਡੋਰ ਦੇ 1004 ਗੱਟੂ ਬਰਾਮਦ ਕਰਕੇ ਧੂਰੀ ਦੇ ਰਹਿਣ ਵਾਲੇ ਜਤਿੰਦਰ ਕੁਮਾਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਡੀਐਸਪੀ ਧੂਰੀ ਗੁਰਪ੍ਰੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਛਾਪੇਮਾਰੀ ਕੀਤੀ ਗਈ। ਡੀਐਸਪੀ ਨੇ ਕਿਹਾ ਕਿ ਚਾਈਨਾ ਡੋਰ ਇਨਸਾਨਾਂ ਅਤੇ ਪੰਛੀਆਂ ਲਈ ਬੇਹੱਦ ਘਾਤਕ ਹੈ ਅਤੇ ਆਉਣ ਵਾਲੇ ਸਮੇਂ ‘ਚ ਜੇਕਰ ਇਸ ਨਾਲ ਕੋਈ ਹਾਦਸਾ ਵਾਪਰਦਾ ਹੈ ਤਾਂ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਸੰਤ ਪੰਚਮੀ ਦਾ ਤਿਉਹਾਰ ਸਿਰਫ ਸਧਾਰਣ ਡੋਰ ਨਾਲ ਮਨਾਇਆ ਜਾਵੇ ਅਤੇ ਚਾਈਨਾ ਡੋਰ ਤੋਂ ਪੂਰੀ ਤਰ੍ਹਾਂ ਦੂਰ ਰਿਹਾ ਜਾਵੇ।
ਦੱਸ ਦੇਈਏ ਕਿ ਚਾਈਨਾ ਡੋਰ ਨੂੰ ਖੂਨੀ ਡੋਰ ਨਾਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਨਾ ਹੀ ਬੱਚੇ ਬਾਜ ਆ ਰਹੇ ਹਨ ਤੇ ਨਾ ਹੀ ਲੋਕ ਆਪਣੇ ਬੱਚਿਆਂ ਨੂੰ ਸਮਝਾਉਣ ਵਿੱਚ ਕਾਮਯਾਬ ਹੋ ਪਾ ਰਹੇ ਹਨ। ਨਤੀਜਾ ਇਹ ਹੈ ਕਿ ਚਾਈਨਾ ਡੋਰ ਦੀ ਚਪੇਟ ਵਿੱਚ ਆ ਕੇ ਲਗਾਤਾਰ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਰਹੇ ਹਨ।
- PTC NEWS