ਦੋਗਲੇ ਮਿਆਰ ਨਾ ਅਪਣਾਓ, ਸੰਗਰੂਰ ਦੇ ਕਿਸਾਨ ਦੇ ਕਤਲ ਦੀ ਜ਼ਿੰਮੇਵਾਰੀ ਚੁੱਕੋ: ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ
ਲੰਬੀ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੂੰ ਦੋਗਲੇ ਮਿਆਰ ਨਹੀਂ ਅਪਣਾਉਣੇ ਚਾਹੀਦੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕਤੰਤਰੀ ਢੰਗ ਨਾਲ ਰੋਸ ਪ੍ਰਦਰਸ਼ਨ ਦੌਰਾਨ ਮਾਸੂਮ ਕਿਸਾਨ ਦੇ ਕਤਲ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।
ਬਠਿੰਡਾ ਦੇ ਐਮ.ਪੀ. ਜਿਹਨਾਂ ਨੇ ਪਿੰਡ ਖੁੱਡੀਆਂ ਗੁਲਾਬ ਦਾ ਦੌਰਾ ਕਰ ਕੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਗੁਰਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਲੋਕ ਗੁਰਮੀਤ ਸਿੰਘ ਖੁੱਡੀਆਂ ਦੇ ਪਿੰਡ ਵਿਚ ਨਸ਼ਿਆਂ ਦੀ ਓਵਰਡੋਜ਼ ਨਾਲ ਮਰ ਰਹੇ ਹਨ। ਉਹਨਾਂ ਕਿਹਾ ਕਿ ਖਿੱਤੇ ਵਿਚ ਨਸ਼ਾ ਮਾਫੀਆ ਦੀ ਪੁਸ਼ਤਪਨਾਹੀ ਦਾ ਹੋਰ ਇਸ ਤੋਂ ਵੱਡਾ ਸਬੂਤ ਕੀ ਹੋ ਸਕਦਾ ਹੈ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਸਿੰਥੈਟਿਕ ਨਸ਼ਿਆਂ ਵਿਚ ਕਈ ਗੁਣਾ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਮਾਵਾਂ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਕਰਦਿਆਂ ਮੰਗ ਕਰ ਰਹੀਆਂ ਹਨ ਕਿ ਚਿੱਟੇ ਦੀ ਸਪਲਾਈ ਬੰਦ ਹੋਵੇ ਪਰ ਕੋਈ ਸੁਣਵਾਈ ਨਹੀਂ ਹੋ ਰਹੀ।
ਉਹਨਾਂ ਕਿਹਾ ਕਿ ਇਸ ਤੋਂ ਵੀ ਮੰਦਭਾਗੀ ਗੱਲ ਇਹ ਹੈ ਕਿ ਇਹ ਸਭ ਕੁਝ ਮੰਤਰੀ ਦੀ ਨੱਕ ਹੇਠ ਹੋ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਇਕ ਕੈਬਨਿਟ ਮੰਤਰੀ ਦੇ ਜੱਦੀ ਪਿੰਡ ਦੇ ਇਹ ਹਾਲਾਤ ਹਨ ਤਾਂ ਫਿਰ ਕੋਈ ਸੂਬੇ ਦੇ ਹਾਲਾਤਾਂ ਦਾ ਸਹਿਜੇ ਹੀ ਅੰਦਾਜ਼ਾ ਲਗਾ ਸਕਦਾ ਹੈ।
ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਤੇ 'ਆਪ' ਰਲ ਕੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਦਾ ਮਕਸਦ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਨੂੰ ਕਮਜ਼ੋਰ ਕਰਨਾ ਹੈ।
ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਤੇ ਫਿਰ ਆਪ ਨੇ ਕੁਝ ਹਫਤਿਆਂ ਵਿਚ ਹੀ ਨਸ਼ਾ ਖਤਮ ਕਰਨ ਦੇ ਦਾਅਵੇ ਕੀਤੇ ਸਨ ਜਦੋਂ ਕਿ ਨਸ਼ਿਆਂ ਵਿਚ ਕਈ ਗੁਣਾ ਵਾਧਾ ਹੋ ਗਿਆ ਹੈ।
ਉਹਨਾਂ ਨੇ ਪੀੜਤ ਪਰਿਵਾਰ ਦੇ ਨਾਲ-ਨਾਲ ਪਿੰਡ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਸ਼ੁਰੂ ਕਰੇਗਾ ਤੇ 'ਆਪ' ਸਰਕਾਰ ਨੂੰ ਇਸ ਬੁਰਾਈ ਦੇ ਖ਼ਿਲਾਫ਼ ਠੋਸ ਕਾਰਵਾਈ ਕਰਨ ਲਈ ਮਜਬੂਰ ਕਰੇਗਾ।
ਸੰਗਰੂਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਕੀਤੇ ਗਏ ਲਾਠੀਚਾਰਜ ਵਿਚ ਸਿੱਖ ਕਿਸਾਨ ਦੇ ਕਤਲ ਦੀ ਗੱਲ ਕਰਦਿਆਂ ਬਠਿੰਡਾ ਦੀ ਐੱਮ.ਪੀ. ਨੇ ਕਿਹਾ ਕਿ 'ਆਪ' ਸਰਕਾਰ ਇਸ ਮੌਤ ਲਈ ਗ੍ਰਹਿ ਮੰਤਰੀ ਨੂੰ ਜ਼ਿੰਮੇਵਾਰ ਕਿਉਂ ਨਹੀਂ ਠਹਿਰਾ ਰਹੀ? ਉਹਨਾਂ ਕਿਹਾ ਕਿ ਇਹ ਅਕਾਲੀ ਦਲ ਤੇ ਆਪਣੇ ਮੁਕਾਬਲੇ ਵਿਚ ਦੋ ਵੱਖ-ਵੱਖ ਮਾਪਦੰਡ ਨਹੀਂ ਅਪਣਾ ਸਕਦੇ। ਅਸੀਂ ਮੰਗ ਕਰਦੇ ਹਾਂ ਕਿ ਸੰਗਰੂਰ ਵਿਖੇ ਕੱਲ੍ਹ ਹੋਏ ਕਿਸਾਨ ਪ੍ਰੀਤਮ ਸਿੰਘ ਦੇ ਕਤਲ ਦੇ ਮਾਮਲੇ ਵਿਚ ਮੁੱਖ ਮੰਤਰੀ ਦੇ ਨਾਲ-ਨਾਲ ਜ਼ਿੰਮੇਵਾਰ ਸੀਨੀਅਰ ਪੁਲਿਸ ਅਧਿਕਾਰੀਆਂ ਖਿਲਾਫ ਵੀ ਕਤਲ ਦਾ ਕੇਸ ਦਰਜ ਕੀਤਾ ਜਾਵੇ।
ਸੀਨੀਅਰ ਅਕਾਲੀ ਆਗੂ ਨੇ ਇਹ ਸਵਾਲ ਵੀ ਕੀਤਾ ਕਿ ਅਖੌਤੀ ਸਿੱਖ ਜਥੇਬੰਦੀਆਂ ਸਿੱਖ ਕਿਸਾਨ ਦੇ ਕਤਲ ’ਤੇ ਚੁੱਪ ਕਿਉਂ ਹਨ। ਉਹਨਾਂ ਕਿਹਾ ਕਿ ਇਹ ਸਾਰੇ ਆਗੂ ਜੋ ਅਕਾਲੀ ਦਲ ਦੇ ਖ਼ਿਲਾਫ਼ ਜ਼ਹਿਰ ਉਗਲਦੇ ਸਨ, ਨੇ 'ਆਪ' ਸਰਕਾਰ ਵੱਲੋਂ ਕਿਸਾਨਾਂ ਢਾਹੇ ਤਸ਼ੱਦਦ ਤੇ ਕਿਸਾਨ ਦੇ ਕਤਲ ਬਾਰੇ 'ਆਪ' ਸਰਕਾਰ ਖ਼ਿਲਾਫ਼ ਇਕ ਸ਼ਬਦ ਵੀ ਨਹੀਂ ਬੋਲਿਆ ਤੇ ਨਾ ਹੀ ਕਿਸਾਨ ਨੂੰ ਸ਼ਹੀਦ ਕਰਾਰ ਦਿੱਤਾ।
ਉਹਨਾਂ ਕਿਹਾ ਕਿ ਇਹ ਅਖੌਤੀ ਜਥੇਬੰਦੀਆਂ ਅਤੇ ਆਗੂ ਤਾਂ ਚੁੱਪ ਹਨ ਕਿਉਂਕਿ ਇਹਨਾਂ ਨੂੰ ਕਿਸਾਨਾਂ ਦੀ ਜਾਂ ਪੰਥ ਦੀ ਭਲਾਈ ਵਿਚ ਕੋਈ ਦਿਲਚਸਪੀ ਨਹੀਂ ਹੈ ਤੇ ਇਹਨਾਂ ਦਾ ਇਕਲੌਤਾ ਨਿਸ਼ਾਨਾ ਆਨੇ ਬਹਾਨੇ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ।
- PTC NEWS