Amritsar News : ਦਿੱਲੀ ਸਿੱਖ ਗੁ: ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ SGPC ਦੇ ਪ੍ਰਧਾਨ ਐਡਵੋਕੇਟ ਧਾਮੀ ਨੂੰ ਲਿਖਿਆ ਪੱਤਰ
Amritsar News : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਕ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੇਨਤੀ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਦਿੱਲੀ ਵਿਖੇ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਗਮਾਂ ਨੂੰ ਇਕਜੁੱਟ ਹੋ ਕੇ ਮਨਾਉਣ ਦੀ ਪਿਰਤ ਸ਼ੁਰੂ ਕੀਤੀ ਜਾਵੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇੱਕ ਚਿੱਠੀ ਰਾਹੀਂ ਸਨਿਮਰ ਬੇਨਤੀ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਦਿੱਲੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵੱਡੇ ਭਰਾ ਦੀ ਤਰ੍ਹਾਂ ਨਾਲ ਮਿਲ ਕੇ ਇਕਜੁੱਟ ਹੋ ਕੇ ਮਨਾਉਣ ਦਾ ਉਪਰਾਲਾ ਕਰਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੋਟੇ ਭਰਾ ਦਾ ਫਰਜ਼ ਨਿਭਾਉਂਦੇ ਹੋਏ ਆਪ ਦਾ ਪੂਰਾ ਸਨਮਾਨ ਅਤੇ ਸਹਿਯੋਗ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡੇ ਭਰਾ ਦੀ ਭੂਮਿਕਾ ਨਿਭਾਉਂਦੇ ਹੋਏ ਦਿੱਲੀ ਵਿਚ ਸਮਾਗਮ ਕਰਵਾਉਂਦੀ ਹੈ ਤਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਉਸ ਨਾਲ ਛੋਟੇ ਭਰਾ ਵਾਂਗ ਸਹਿਯੋਗ ਕਰੇਗੀ। ਹਰਮੀਤ ਸਿੰਘ ਕਾਲਕਾ ਨੇ ਅੱਗੇ ਲਿਖਿਆ ਕਿ ਇਹ ਸਾਰੇ ਪ੍ਰੋਗਰਾਮ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਕੀਤੇ ਜਾਣਗੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੋਟੇ ਭਰਾ ਦਾ ਫ਼ਰਜ਼ ਨਿਭਾਉਂਦੇ ਹੋਏ ਆਪ ਜੀ ਦਾ ਪੂਰਨ ਸਨਮਾਨ ਅਤੇ ਸਹਿਯੋਗ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵਲੋਂ ਮਹਾਨ ਸ਼ਤਾਬਦੀਆਂ, ਦਿੱਲੀ ਸਿੱਖ ਗੁ: ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਮਨਾਈਆਂ ਜਾਂਦੀਆਂ ਰਹੀਆਂ ਹਨ ਪਰ ਕੁਝ ਪੰਥਕ ਇਕਜੁੱਟਤਾ ਦੇ ਦੋਖੀਆਂ ਵਲੋਂ ਇਸ ਮਹਾਨ 350 ਸਾਲਾ ਸ਼ਹਾਦਤ ਨੂੰ ਵੱਖਰੇਵੇਂ ਨਾਲ ਮਨਾਉਣ ਦੀਆਂ ਕੋਸ਼ਿਸਾਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਇਕਜੁੱਟ ਹੋ ਕੇ ਮਨਾਉਣਾ ਸਾਡਾ ਆਪਸੀ ਪਿਆਰ ਅਤੇ ਪੰਥਕ ਇਕਜੁੱਟਤਾ ਨੂੰ ਦਰਸਾਏਗਾ।
- PTC NEWS