ਸ਼੍ਰੋਮਣੀ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ ਦੇ ਚਲਾਣੇ ’ਤੇ ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸਰਵਣ ਸਿੰਘ ਕੁਲਾਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰ ਕਈ ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ, "ਸ. ਸਰਵਨ ਸਿੰਘ ਜੀ ਉੱਚੇ–ਸੁੱਚੇ ਜੀਵਨ, ਮਿੱਠ ਬੋਲੜੇ ਅਤੇ ਧਾਰਮਿਕ ਬਿਰਤੀ ਦੇ ਮਾਲਕ ਸਨ, ਜੋ ਕਿ ਅਕਾਲ ਪੁਰਖ ਵੱਲੋਂ ਬਖਸ਼ੀ ਸੁਆਸਾਂ ਦੀ ਪੂੰਜੀ ਖਰਚ ਕਰ ਕੇ ਪ੍ਰਭੂ ਚਰਨਾ ਵਿਚ ਜਾ ਬਿਰਾਜੇ ਹਨ।" ਸਿੰਘ ਸਾਹਿਬ ਜੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਿਤਾਉਂਦਿਆਂ ਕਿਹਾ ਕਿ ਮੀਰੀ-ਪੀਰੀ ਦੇ ਪਾਤਸ਼ਾਹ ਸਤਿਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ ਕਰਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ, "ਸ. ਸਰਵਣ ਸਿੰਘ ਕੁਲਾਰ ਖਾਲਸਾ ਪੰਥ ਨੂੰ ਸਮਰਪਿਤ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਹਮੇਸ਼ਾ ਹੀ ਪੰਥਕ ਸਰੋਕਾਰਾਂ ਦੀ ਗੱਲ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਕਾਰਜਾਂ ਵਿਚ ਵੀ ਅਹਿਮ ਭੂਮਿਕਾ ਨਿਭਾਈ ਅਤੇ ਸੰਸਥਾ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਸੇਧਮਈ ਸਲਾਹ ਦਿੰਦੇ ਸਨ।"
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ, "ਸ਼੍ਰੋਮਣੀ ਅਕਾਲੀ ਦਲ ਦੇ ਕਪੂਰਥਲਾ ਜਿਲ੍ਹੇ ਦੇ ਪ੍ਰਧਾਨ ਅਤੇ ਫਗਵਾੜਾ ਤੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਸਰਵਣ ਸਿੰਘ ਕੁਲਾਰ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਮੈਂ ਇਸ ਔਖੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹੋਇਆ ਗੁਰੂ ਚਰਨਾਂ ਵਿੱਚ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹਾਂ। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਕੁਲਾਰ ਸਾਬ੍ਹ ਵੱਲੋਂ ਪੰਥ ਅਤੇ ਪਾਰਟੀ ਦੀ ਕੀਤੀ ਸੇਵਾ ਲਈ ਉਹਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।"
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਸਰਵਣ ਸਿੰਘ ਕੁਲਾਰ ਨਮਿਤ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ। ਸ਼ੋਕ ਸਭਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਰਵਣ ਸਿੰਘ ਕੁਲਾਰ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ।
ਸ. ਸਰਵਣ ਸਿੰਘ ਕੁਲਾਰ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ।
ਦਸਣਯੋਗ ਹੈ ਕਿ ਸ. ਸਰਵਣ ਸਿੰਘ ਕੁਲਾਰ ਦਾ ਅੰਤਿਮ ਸੰਸਕਾਰ ਭਲਕੇ 28 ਸਤੰਬਰ ਨੂੰ ਫਗਵਾੜਾ-ਹੁਸ਼ਿਆਰਪੁਰ ਰੋਡ ’ਤੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਕੁਲਾਰ ਵਿਖੇ ਦੁਪਹਿਰ 3 ਵਜੇ ਕੀਤਾ ਜਾਵੇਗਾ।
- PTC NEWS