DM Gagandeep Singh Randhawa ਮਾਮਲੇ ‘ਚ ਇਨਸਾਫ ਦੀ ਮੰਗ ਨੇ ਫੜਿਆ ਜ਼ੋਰ, ਪਰਿਵਾਰ ਨੇ ਕੱਢਿਆ ਕੈਂਡਲ ਮਾਰਚ
ਮ੍ਰਿਤਕ ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ ਵਿੱਚ ਇਨਸਾਫ ਨਾ ਮਿਲਣ ਕਾਰਨ ਅੱਜ ਉਨ੍ਹਾਂ ਦੇ ਪਰਿਵਾਰ ਅਤੇ ਇਲਾਕਾ ਵਾਸੀਆਂ ਵੱਲੋਂ ਰਣਜੀਤ ਐਵਨਿਊ ਤੋਂ ਥਾਣਾ ਰਣਜੀਤ ਐਵਨਯੁ ਪੁਲੀਸ ਥਾਣੇ ਤੱਕ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ਜਾਹਿਰ ਕੀਤਾ ਗਿਆ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਘਟਨਾ ਨੂੰ 44 ਦਿਨ ਬੀਤ ਚੁੱਕੇ ਹਨ, ਪਰ ਅਜੇ ਤੱਕ ਸਿਰਫ ਇੱਕ ਹੀ ਗ੍ਰਿਫਤਾਰੀ ਹੋਈ ਹੈ ਅਤੇ ਬਾਕੀ ਦੋਸ਼ੀ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ। ਮ੍ਰਿਤਕ ਦੀ ਪਤਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ “ਦੇਰ ਨਾਲ ਮਿਲਣ ਵਾਲਾ ਇਨਸਾਫ ਵੀ ਇਨਸਾਫ ਨਹੀਂ ਹੁੰਦਾ।” ਉਨ੍ਹਾਂ ਦੱਸਿਆ ਕਿ ਕਈ ਵਾਰ ਪ੍ਰੈਸ ਕਾਨਫਰੰਸਾਂ ਕਰਨ ਦੇ ਬਾਵਜੂਦ ਵੀ ਨਾ ਸਰਕਾਰ ਅਤੇ ਨਾ ਹੀ ਪੁਲਿਸ ਵੱਲੋਂ ਕੋਈ ਢੰਗ ਦੀ ਕਾਰਵਾਈ ਕੀਤੀ ਗਈ ਹੈ।
ਪਰਿਵਾਰ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ CBI ਤੋਂ ਕਰਵਾਈ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੀਫ ਸੈਕਟਰੀ ਵੱਲੋਂ ਕੀਤੀ ਜਾ ਰਹੀ ਜਾਂਚ ਦੀ ਵੀ ਅਜੇ ਤੱਕ ਕੋਈ ਰਿਪੋਰਟ ਸਾਹਮਣੇ ਨਹੀਂ ਆਈ, ਜਿਸ ਨਾਲ ਉਨ੍ਹਾਂ ਦਾ ਸਰਕਾਰ ‘ਤੇ ਭਰੋਸਾ ਘਟਦਾ ਜਾ ਰਿਹਾ ਹੈ।
ਇਸ ਮੌਕੇ ਬੋਲਦੇ ਹੋਏ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇ ਪੁਲਿਸ ਨੇ ਜਲਦੀ ਕਾਰਵਾਈ ਨਾ ਕੀਤੀ ਤਾਂ ਉਹ ਹੋਰ ਵੱਡੇ ਪੱਧਰ ‘ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜਰੂਰਤ ਪੈਣ ‘ਤੇ ਉਹ ਥਾਣੇ ਅੱਗੇ ਧਰਨਾ ਵੀ ਲਗਾਉਣਗੇ।
ਇਲਾਕਾ ਵਾਸੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਮਾਰਚ ਵਿੱਚ ਸ਼ਮੂਲੀਅਤ ਕਰਦੇ ਹੋਏ ਪਰਿਵਾਰ ਦਾ ਸਮਰਥਨ ਕੀਤਾ। ਪਰਿਵਾਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਨਸਾਫ ਦੀ ਇਸ ਲੜਾਈ ਨੂੰ ਅੱਗੇ ਵੀ ਜਾਰੀ ਰੱਖਣਗੇ।
ਪਰਿਵਾਰ ਦਾ ਦਾਅਵਾ ਹੈ ਕਿ ਜੇਕਰ ਦੋਸ਼ੀਆਂ ਨੂੰ ਸਮੇਂ ਸਿਰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਇਹ ਮਾਮਲਾ ਹੋਰ ਗੰਭੀਰ ਰੂਪ ਧਾਰ ਸਕਦਾ ਹੈ। ਉਨ੍ਹਾਂ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਕਾਰਵਾਈ ਕਰਕੇ ਇਨਸਾਫ ਦਿਵਾਇਆ ਜਾਵੇ।
- PTC NEWS