Patiala News : ਬਿਜਲੀ ਸੰਕਟ ਤੋਂ ਤੰਗ ਕਿਸਾਨਾਂ ਦਾ ਹੱਲਾ-ਬੋਲ; ਗ੍ਰਿਡ 'ਤੇ ਦਿੱਤਾ ਧਰਨਾ
Patiala News : ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਬਿਜਲੀ ਦੀ ਕਮੀ ਤੋਂ ਨਾਰਾਜ਼ ਕਿਸਾਨਾਂ ਨੇ ਗ੍ਰਿਡ 'ਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਕਿਸਾਨ ਆਗੂਆਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਖੇਤੀ ਲਈ ਪੂਰੀ ਬਿਜਲੀ ਸਪਲਾਈ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬੂਟਾ ਸਿੰਘ ਨੇ ਕਿਹਾ ਕਿ ਕਈ ਪਿੰਡਾਂ ਵਿੱਚ ਮੋਟਰਾਂ ਕਈ ਦਿਨਾਂ ਤੋਂ ਬੰਦ ਪਈਆਂ ਹਨ ਅਤੇ ਕਿਸਾਨ ਡੀਜ਼ਲ ਜਨਰੇਟਰ ਚਲਾ ਕੇ ਖੇਤਾਂ ਨੂੰ ਪਾਣੀ ਦੇਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਸੁੱਕਣ ਦੇ ਕਿਨਾਰੇ ਪਹੁੰਚ ਰਹੀ ਹੈ, ਜਦਕਿ ਸਰਕਾਰ ਕਿਸਾਨਾਂ ਨੂੰ ਪੂਰੀ ਬਿਜਲੀ ਮਿਲਣ ਦੇ ਦਾਅਵੇ ਕਰ ਰਹੀ ਹੈ।
ਉਨ੍ਹਾਂ ਇਲਜ਼ਾਮ ਲਗਾਇਆ ਕਿ ਦਿਨ ਵੇਲੇ ਬਿਜਲੀ ਦੇਣ ਦੀ ਨੀਤੀ ਵੀ ਸਫਲ ਨਹੀਂ ਹੋਈ। ਬਿਜਲੀ ਕਦੇ 15 ਮਿੰਟ ’ਤੇ ਕਦੇ ਅੱਧਾ ਘੰਟਾ ਆਉਂਦੀ ਹੈ, ਜਿਸ ਨਾਲ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਾਲ ਭਰ ਨਹੀਂ, ਸਿਰਫ਼ ਝੋਨੇ ਦੇ ਸੀਜ਼ਨ ਦੌਰਾਨ ਤਿੰਨ ਤੋਂ ਸਾਢੇ ਤਿੰਨ ਮਹੀਨੇ ਨਿਰਵਿਘਨ ਬਿਜਲੀ ਦੀ ਲੋੜ ਹੁੰਦੀ ਹੈ।
ਬੂਟਾ ਸਿੰਘ ਨੇ ਇਹ ਵੀ ਕਿਹਾ ਕਿ ਦਿਨ ਦੀ ਬਿਜਲੀ ਸਪਲਾਈ ਸ਼ੁਰੂ ਹੋਣ ਤੋਂ ਬਾਅਦ ਮੋਟਰਾਂ ਅਤੇ ਟਰਾਂਸਫਾਰਮਰਾਂ ਦੀਆਂ ਚੋਰੀਆਂ ਵਿੱਚ ਵੀ ਵਾਧਾ ਹੋਇਆ ਹੈ। ਪਹਿਲਾਂ ਕਿਸਾਨ ਰਾਤ ਸਮੇਂ ਖੇਤਾਂ ਵਿੱਚ ਮੌਜੂਦ ਰਹਿੰਦੇ ਸਨ, ਜਿਸ ਕਾਰਨ ਅਜਿਹੀਆਂ ਘਟਨਾਵਾਂ ਘੱਟ ਹੁੰਦੀਆਂ ਸਨ।
ਇਸ ਮੌਕੇ ਯੂਥ ਵਿੰਗ ਘਨੌਰ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਖੇਤੀ ਲਈ ਰੋਜ਼ਾਨਾ ਅੱਠ ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਪਰ ਪਿਛਲੇ ਤਿੰਨ-ਚਾਰ ਦਿਨਾਂ ਤੋਂ ਕਈ ਫੀਡਰਾਂ 'ਤੇ ਇੱਕ ਘੰਟਾ ਵੀ ਬਿਜਲੀ ਨਹੀਂ ਮਿਲ ਰਹੀ। ਉਨ੍ਹਾਂ ਦੱਸਿਆ ਕਿ ਕਿਸਾਨ ਪਿਛਲੇ ਕਈ ਘੰਟਿਆਂ ਤੋਂ ਗ੍ਰਿਡ 'ਤੇ ਬੈਠੇ ਹਨ, ਪਰ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨੀ ਹੈ ਅਤੇ ਸਰਕਾਰ ਨੂੰ ਕਿਸਾਨਾਂ ਦੇ ਅਸਲ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : Faridkot ’ਚ ਭਿਆਨਕ ਵਾਪਰਿਆ ਸੜਕ ਹਾਦਸਾ; ਟੁੱਟੇ ਹੋਏ ਟਰੱਕ ਨਾਲ ਟਕਰਾਈ ਬਾਈਕ, 3 ਨੌਜਵਾਨਾਂ ਦੀ ਮੌਤ
- PTC NEWS