Kotkapura ਨੇੜੇ ਰਜਵਾਹਾ ਟੁੱਟਣ ਨਾਲ 70 ਏਕੜ ਸਬਜ਼ੀ ਦੇ ਖੇਤ ਡੁੱਬੇ, ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ
Kotkapura News : ਕੋਟਕਪੂਰਾ ਦੇ ਨੇੜਲੇ ਪਿੰਡ ਕੁਹਾਰਵਾਲਾ ਵਿਖੇ ਰਜਵਾਹਾ ਟੁੱਟਣ ਕਾਰਨ ਤਕਰੀਬਨ 70 ਏਕੜ ਸਬਜ਼ੀ ਦੇ ਖੇਤਾਂ ਵਿੱਚ ਪਾਣੀ ਭਰ ਗਿਆ, ਜਿਸ ਨਾਲ ਕਾਸਤਕਾਰਾਂ ਨੂੰ ਲੱਖਾਂ ਰੁਪਏ ਦਾ ਵੱਡਾ ਨੁਕਸਾਨ ਝੱਲਣਾ ਪਿਆ। ਪਿਛਲੇ ਕਈ ਸਾਲਾਂ ਤੋਂ ਇਹ ਰਜਵਾਹਾ ਹਰ ਸਾਲ ਟੁੱਟ ਰਿਹਾ ਹੈ, ਪਰ ਕਿਸਾਨਾਂ ਦੀ ਮੰਗ ਦੇ ਬਾਵਜੂਦ ਸੰਬੰਧਿਤ ਵਿਭਾਗ ਵੱਲੋਂ ਇਸ ਦੀ ਮੁਰੰਮਤ ਨਹੀਂ ਕਰਵਾਈ ਜਾ ਰਹੀ, ਜਿਸ ਦਾ ਖਾਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਮਾਮਲੇ ਦੀ ਸੂਚਨਾ ਮਿਲਣ 'ਤੇ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਪ੍ਰਸ਼ਾਸਨਿਕ ਟੀਮ ਸਮੇਤ ਮੌਕੇ 'ਤੇ ਪੁੱਜੇ ਅਤੇ ਰਾਹਤ ਦਾ ਕੰਮ ਸ਼ੁਰੂ ਕਰਵਾਇਆ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਰਜਵਾਹਾ ਟੁੱਟਣ ਨਾਲ ਪਾਣੀ ਦੇ ਤੇਜ਼ ਬਹਾਵ ਕਾਰਨ ਲਗਭਗ 70 ਏਕੜ ਜ਼ਮੀਨ ਪਾਣੀ ਹੇਠ ਆ ਗਈ। ਇਸ ਜ਼ਮੀਨ ਵਿੱਚ ਗੋਭੀ ਸਮੇਤ ਹੋਰ ਸਬਜ਼ੀਆਂ ਅਤੇ ਫਸਲਾਂ ਲੱਗੀਆਂ ਹੋਈਆਂ ਸਨ, ਜੋ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈਆਂ। ਕਿਸਾਨਾਂ ਨੇ ਦੱਸਿਆ ਕਿ ਪਿਛਲੇ ਸਾਲ ਵੀ ਇਸੇ ਤਰ੍ਹਾਂ ਰਜਵਾਹਾ ਟੁੱਟਣ ਕਾਰਨ ਉਨ੍ਹਾਂ ਨੂੰ ਵੱਡਾ ਨੁਕਸਾਨ ਹੋਇਆ ਸੀ। ਉਸ ਸਮੇਂ ਵੀ ਉਨ੍ਹਾਂ ਨੇ ਸਰਕਾਰ ਅਤੇ ਸੰਬੰਧਿਤ ਵਿਭਾਗ ਨੂੰ ਰਜਵਾਹਾ ਪੱਕਾ ਕਰਨ ਦੀ ਮੰਗ ਕੀਤੀ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਇਸ ਵਾਰ ਵੀ ਉਨ੍ਹਾਂ ਨੂੰ ਨੁਕਸਾਨ ਝੱਲਣਾ ਪਿਆ।
ਰਜਵਾਹਾ ਟੁੱਟਣ ਦੀ ਸੂਚਨਾ ਮਿਲਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕੇ 'ਤੇ ਪੁੱਜੇ। ਉਨ੍ਹਾਂ ਵੱਲੋਂ ਰਾਹਤ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇਗੀ। ਨਾਲ ਹੀ ਇੱਕ ਯੋਜਨਾ ਤਿਆਰ ਕਰਕੇ ਰਜਵਾਹੇ ਨੂੰ ਪੱਕਾ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਸਮੱਸਿਆ ਨਾ ਆਵੇ।
- PTC NEWS