Farmers Rail Roko Protest News : ਪੰਜਾਬ ’ਚ ਕਿਸਾਨਾਂ ਦਾ ਵੱਡਾ ਐਲਾਨ ; ਇਸ ਦਿਨ ਰੇਲਾਂ ਦਾ ਕੀਤਾ ਜਾਵੇਗਾ ਚੱਕਾ, ਲੋਕ ਹੋ ਸਕਦੇ ਹਨ ਪਰੇਸ਼ਾਨ
Farmers Rail Roko Protest News : ਰਈਆ ਨੇੜਲੇ ਇੱਕ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਭਰ ਦੇ ਜ਼ਿਲ੍ਹਿਆਂ ਤੋਂ ਆਏ ਆਗੂਆਂ ਨੇ ਕਿਸਾਨਾਂ ਦੇ ਭਖਦੇ ਮਸਲਿਆਂ 'ਤੇ ਚਰਚਾ ਕਰਦਿਆਂ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ।
ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕੀਤਾ
ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨਾਲ ਧੋਖਾ ਕੀਤਾ ਹੈ। ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਫ਼ਿਰੋਜ਼ਪੁਰ, ਕਪੂਰਥਲਾ ਸਮੇਤ ਕਈ ਜ਼ਿਲ੍ਹਿਆਂ ਦੇ ਹੜ੍ਹ ਪੀੜਤ ਕਿਸਾਨ ਅੱਜ ਵੀ ਮੁਆਵਜ਼ੇ ਲਈ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ, ਪਰ ਸਰਕਾਰ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕੀ। ਕੱਚੀਆਂ-ਪੱਕੀਆਂ ਫ਼ਸਲਾਂ, ਪੈਲੀਆਂ ਅਤੇ ਹੋਰ ਨੁਕਸਾਨਾਂ ਦਾ ਮੁਆਵਜ਼ਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ।
ਕਿਸਾਨ ਕਰਨਗੇ ਰੇਲਵੇ ਸਟੇਸ਼ਨ 'ਤੇ ਰੇਲਾਂ ਦਾ ਚੱਕਾ ਜਾਮ
ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਡੀਸੀ ਦਫ਼ਤਰਾਂ ਅੱਗੇ ਧਰਨੇ, ਮਾਰਚ, ਮੰਗ ਪੱਤਰ ਅਤੇ ਹਰ ਲੋਕਤੰਤਰੀ ਤਰੀਕਾ ਅਪਣਾਇਆ, ਪਰ ਸਰਕਾਰ ਨੇ ਕਿਸਾਨਾਂ ਦੀ ਇੱਕ ਵੀ ਗੰਭੀਰਤਾ ਨਾਲ ਨਹੀਂ ਸੁਣੀ। ਇਸ ਲਈ 11 ਅਗਸਤ ਨੂੰ ਦੁਪਹਿਰ 12 ਵਜੇ ਮਾਨਾਂਵਾਲਾ ਰੇਲਵੇ ਸਟੇਸ਼ਨ 'ਤੇ ਰੇਲਾਂ ਦਾ ਚੱਕਾ ਜਾਮ ਕਰਕੇ ਸਰਕਾਰ ਨੂੰ ਜਗਾਇਆ ਜਾਵੇਗਾ।
ਕਿਸਾਨਾਂ ਦੀ ਸਰਕਾਰ ਨੂੰ ਚਿਤਾਵਨੀ
ਮਾਹਲ ਨੇ ਇਲਜ਼ਾਮ ਲਾਇਆ ਕਿ ਗੰਨਾ ਕਾਸ਼ਤਕਾਰਾਂ ਦੀਆਂ ਅਦਾਇਗੀਆਂ ਲਟਕੀਆਂ ਹੋਈਆਂ ਹਨ, ਤਰਨ ਤਾਰਨ ਦੇ ਕਰੋੜਾਂ ਰੁਪਏ ਦੇ ਘਪਲੇ ਦਾ ਹੱਲ ਨਹੀਂ ਕੀਤਾ ਗਿਆ ਅਤੇ ਕਿਸਾਨ ਆਗੂਆਂ 'ਤੇ ਝੂਠੇ ਪਰਚੇ ਦਰਜ ਕਰਵਾ ਕੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਉਨ੍ਹਾਂ ਪੰਜਾਬ ਦੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ 11 ਅਗਸਤ ਨੂੰ ਮਾਨਾਂਵਾਲਾ ਰੇਲਵੇ ਸਟੇਸ਼ਨ 'ਤੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸੰਘਰਸ਼ ਨੂੰ ਕਾਮਯਾਬ ਬਣਾਇਆ ਜਾਵੇ।
ਇਹ ਵੀ ਪੜ੍ਹੋ : Monsoon ਮੁੜ ਹੋਵੇਗਾ ਐਕਟਿਵ; ਪੰਜਾਬ ਸਣੇ 12 ਸੂਬਿਆਂ ’ਚ ਅਲਰਟ ਜਾਰੀ, ਜਾਣੋ ਸਾਉਣ ਦੇ ਪਹਿਲੇ ਸੋਮਵਾਰ ਨੂੰ ਕਿਹੋ ਜਿਹਾ ਰਹੇਗਾ ਮੌਸਮ
- PTC NEWS