Fazilka ਦੇ SSP ਵਰਿੰਦਰ ਸਿੰਘ ਬਰਾੜ ਨੂੰ ਕੀਤਾ ਮੁਅੱਤਲ, ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਆਰੋਪ
Fazilka News : ਫ਼ਾਜ਼ਿਲਕਾ ਵਿਖੇ ਭ੍ਰਿਸ਼ਟਾਚਾਰ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ।
ਦਰਅਸਲ ,ਮੰਗਲਵਾਰ ਨੂੰ ਹੀ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਸੈੱਲ ਦੇ ਚਾਰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ। ਇਹ ਲੋਕ ਫਾਜ਼ਿਲਕਾ ਵਿੱਚ ਇੱਕ ਨਾਬਾਲਗ ਖ਼ਿਲਾਫ਼ ਸਾਈਬਰ ਕੇਸ ਦਰਜ ਕਰਨ ਦੀ ਧਮਕੀ ਦੇ ਰਹੇ ਸਨ। ਨਾਬਾਲਗ ਨੇ ਗਲਤੀ ਨਾਲ ਇੱਕ ਪੋਰਨ ਸਾਈਟ 'ਤੇ ਕਲਿੱਕ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਹ ਪਰਿਵਾਰ ਨੂੰ ਬਲੈਕਮੇਲ ਕਰ ਰਹੇ ਸਨ ਅਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗ ਰਹੇ ਸਨ।
ਜਿਸ ਮਗਰੋਂ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਮੁਲਜ਼ਮਾਂ ਵਿੱਚ ਐਸਐਚਓ ਮਨਜੀਤ ਸਿੰਘ, ਸੀਨੀਅਰ ਕਾਂਸਟੇਬਲ ਰਾਜਪਾਲ, ਸੀਨੀਅਰ ਕਾਂਸਟੇਬਲ ਸ਼ਿੰਦਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਸੁਮਿਤ ਕੁਮਾਰ ਸ਼ਾਮਲ ਹਨ।
ਇਸ ਸੰਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਛੋਟਾ ਹੋਵੇ ਜਾਂ ਵੱਡਾ, ਆਪਣਾ ਹੋਵੇ ਜਾਂ ਅਣਜਾਣ।
- PTC NEWS