Ferozepur Double Murder Case : ਦੋਹਰੇ ਕਤਲ ਕਾਂਡ 'ਚ ਪੁਲਿਸ ਨੇ ਆਸ਼ੀਸ਼ ਚੋਪੜਾ ਗੈਂਗ ਦੇ 3 ਮੈਂਬਰ ਫੜੇ, 3 ਪਿਸਤੌਲਾਂ ਬਰਾਮਦ
Ferozepur Double Murder Case : ਪੁਲਿਸ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਫਿਰੋਜ਼ਪੁਰ ਪੁਲਿਸ (Ferozepur News) ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਗੈਂਗ ਰੰਜਿਸ਼ ਕਾਰਨ ਰਿਸ਼ਭ ਅਤੇ ਸ਼ਾਲੂ ਦੇ ਸਨਸਨੀਖੇਜ਼ ਦੋਹਰੇ ਕਤਲ ਵਿੱਚ ਸ਼ਾਮਲ ਆਸ਼ੀਸ਼ ਚੋਪੜਾ ਗੈਂਗ (Ashish Chopra Gang) ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਫਡੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਰਮਨਦੀਪ ਸਿੰਘ, ਦੋਵੇਂ ਫਿਰੋਜ਼ਪੁਰ ਦੇ ਵਸਨੀਕ ਅਤੇ ਸੋਨੂੰ, ਫਰੀਦਕੋਟ ਦੇ ਵਸਨੀਕ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਜ਼ਿੰਦਾ ਕਾਰਤੂਸ ਅਤੇ ਚਾਰ ਖੋਲ ਦੇ ਨਾਲ-ਨਾਲ ਪਿਸਤੌਲ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦਾ ਵੀ ਪਤਾ ਲੱਗਿਆ ਹੈ, ਜਿਸ ਵਿੱਚ ਯੋਥਮ ਵਜੋਂ ਪਛਾਣੇ ਗਏ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ਵਿੱਚ ਮਨਪ੍ਰੀਤ ਮੰਨੂ ਮੁੱਖ ਸ਼ੂਟਰ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਗੈਂਗ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਖਾਸ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਫਿਰੋਜ਼ਪੁਰ ਪੁਲਿਸ ਨਾਲ ਮਿਲ ਕੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੁਲਾਬੇ ਵਾਲਾ ਵਿੱਚ ਰਮਨਦੀਪ ਸਿੰਘ ਅਤੇ ਸੋਨੂੰ ਦੇ ਟਿਕਾਣੇ 'ਤੇ ਛਾਪਾ ਮਾਰਿਆ।
ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕੀਤੀ ਪਰ ਪਿੱਛਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 132 ਅਤੇ 22 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੰਬਰ 89 ਮਿਤੀ 24/5/2025 ਨੂੰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।
ਏਡੀਜੀਪੀ ਨੇ ਕਿਹਾ ਕਿ ਇੱਕ ਵੱਖਰੇ ਆਪ੍ਰੇਸ਼ਨ ਵਿੱਚ, ਮੁਲਜ਼ਮ ਮਨਪ੍ਰੀਤ ਮੰਨੂ ਨੂੰ ਫਿਰੋਜ਼ਪੁਰ ਵਿੱਚ ਰੋਕਿਆ ਗਿਆ, ਜਿੱਥੇ ਉਸਨੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਕਿਹਾ ਕਿ ਜਵਾਬੀ ਗੋਲੀਬਾਰੀ ਵਿੱਚ, ਦੋਸ਼ੀ ਨੂੰ ਗੋਲੀ ਲੱਗ ਗਈ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਪੁਲਿਸ ਟੀਮਾਂ ਨੇ ਉਸਦੀ ਹੀਰੋ ਐਚਐਫ ਡੀਲਕਸ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ 'ਤੇ ਉਹ ਸਵਾਰ ਸੀ।
ਇਸ ਸਬੰਧ ਵਿੱਚ, ਬੀਐਨਐਸ ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਦੇ ਤਹਿਤ ਪੁਲਿਸ ਸਟੇਸ਼ਨ ਸਿਟੀ ਫਿਰੋਜ਼ਪੁਰ ਵਿਖੇ ਇੱਕ ਵੱਖਰਾ ਮਾਮਲਾ ਦਰਜ ਕੀਤਾ ਗਿਆ ਹੈ।
ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਾਲ ਹੀ ਵਿੱਚ ਹੋਏ ਦੋਹਰੇ ਕਤਲ ਕੇਸ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ।
- PTC NEWS