Guru Har Sahai Municipal Council ’ਚ ਨਾਮਜ਼ਦਗੀਆਂ ਦਾਖਲ ਕਰਨ ਦੌਰਾਨ ਹੋਇਆ ਹੰਗਾਮਾ, ਜਾਣੋ ਕਦੋਂ ਹੋਵੇਗੀ ਵੋਟਿੰਗ
Guru Har Sahai Municipal Council News : ਗੁਰੂ ਹਰਸਾਏ ਵਿੱਚ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਿੱਖੀ ਤਕਰਾਰ ਹੋ ਗਈ, ਜੋ ਬਾਅਦ ਵਿੱਚ ਧੱਕਾ-ਮੁੱਕੀ ਤੱਕ ਪਹੁੰਚ ਗਈ।
ਜਾਣਕਾਰੀ ਮੁਤਾਬਕ ਦੋਵਾਂ ਪਾਰਟੀਆਂ ਦੇ ਵਰਕਰ ਅਤੇ ਆਗੂ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਐਸਡੀਐਮ ਦਫ਼ਤਰ ਪਹੁੰਚੇ ਹੋਏ ਸੀ। ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੇ ਵਰਕਰਾਂ ਨੂੰ ਅੰਦਰ ਜਾਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਮੌਕੇ ’ਤੇ ਤਿੱਖੀ ਬਹਿਸ ਛਿੜ ਗਈ ਅਤੇ ਦੋਵਾਂ ਧਿਰਾਂ ਦੇ ਵਰਕਰ ਆਪਸ ਵਿੱਚ ਭਿੜ ਗਏ। ਇਸ ਦੌਰਾਨ ਦੋਹਾਂ ਧਿਰਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ।
ਇਸ ਤੋਂ ਇਲਾਵਾ ਵਿਵਾਦ ਉਸ ਸਮੇਂ ਵੀ ਹੋਰ ਵੱਧ ਗਿਆ ਜਦੋਂ ਮੌਕੇ ’ਤੇ ਖੜ੍ਹੀ ਇੱਕ ਸ਼ੱਕੀ ਕਾਰ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋਏ। ਵਿਰੋਧੀ ਧਿਰ ਵੱਲੋਂ ਪੁਲਿਸ ਨੂੰ ਕਾਰ ਦੀ ਤਲਾਸ਼ੀ ਲੈਣ ਦੀ ਮੰਗ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਕਾਰ ਵਿੱਚ ਕੋਈ ਹਥਿਆਰ ਜਾਂ ਹੋਰ ਸ਼ੱਕੀ ਸਮੱਗਰੀ ਹੋ ਸਕਦੀ ਹੈ।
ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਹਾਲਾਤਾਂ ਨੂੰ ਕਾਬੂ ਵਿੱਚ ਕਰਨ ਅਤੇ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਦੋਵਾਂ ਧਿਰਾਂ ਵੱਲੋਂ ਇੱਕ ਦੂਜੇ ’ਤੇ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹੈ। ਨਾਮਜ਼ਦਗੀਆਂ ਦੇ ਦਿਨ ਗੁਰੂ ਹਰਸਾਏ ਵਿੱਚ ਸਿਆਸੀ ਤਣਾਅ ਅਤੇ ਹੰਗਾਮੇ ਦਾ ਮਾਹੌਲ ਸਾਫ਼ ਦੇਖਣ ਨੂੰ ਮਿਲਿਆ।
ਕਾਬਿਲੇਗੌਰ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਕਮਿਸ਼ਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਦੀ ਚੋਣ ਲਈ 5 ਜੁਲਾਈ ਨੂੰ ਵੋਟਾਂ ਪੈਣਗੀਆਂ।
ਪੰਜਾਬ ਰਾਜ ਚੋਣ ਕਮਿਸ਼ਨ ਦੇ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਐਲਾਨ ਕਰਦੇ ਕਿਹਾ ਕਿ ਪੰਜਾਬ 'ਚ ਇਕ ਨਗਰ ਨਿਗਮ, ਦੋ ਨਗਰ ਕੌਂਸਲਾਂ ਅਤੇ ਇਕ ਨਗਰ ਪੰਚਾਇਤ ਦੀ ਚੋਣ ਲਈ ਨਾਮਜ਼ਦਗੀ ਪੱਤਰ 22 ਜੂਨ 2026 (ਸੋਮਵਾਰ) ਤੋਂ ਭਰਨੇ ਸ਼ੁਰੂ ਕੀਤੇ ਜਾਣਗੇ, ਜੋਕਿ 25 ਜੂਨ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਭਰੇ ਜਾਣਗੇ।
ਇਸ ਤੋਂ ਬਾਅਦ ਨਾਮਜ਼ਦਗੀ ਪੱਤਰਾਂ ਦੀ ਪੜਤਾਲ 26 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ 27 ਜੂਨ ਦੁਪਹਿਰ 3 ਵਜੇ ਤੱਕ ਵਾਪਸ ਲਏ ਜਾ ਸਕਣਗੇ। ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਲਈ ਵੋਟਿੰਗ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਦਕਿ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਸਪਸ਼ਟ ਕੀਤਾ ਹੈ ਕਿ ਇਹ ਚੋਣਾਂ ਈ. ਵੀ. ਐੱਮ. ਮਸ਼ੀਨਾਂ ਰਾਹੀਂ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : Punjab Municipal Elections 2026: ਪੰਜਾਬ 'ਚ ਮੁੜ ਵੱਜਿਆ ਸਥਾਨਕ ਚੋਣਾਂ ਦਾ ਬਿਗੁਲ, 5 ਜੁਲਾਈ ਨੂੰ ਪੈਣਗੀਆਂ ਵੋਟਾਂ
- PTC NEWS