Patiala ’ਚ ਸਕੂਲ ਦੇ ਵਿਦਿਆਰਥੀਆਂ ਨੂੰ ਹੋਈ Food Poisoning ! 5 ਬੱਚੇ ਹਸਪਤਾਲ ਵਿੱਚ ਦਾਖਲ
ਪਟਿਆਲਾ ਦੇ ਇੱਕ ਨਾਮੀ ਸਕੂਲ ਦੇ ਕੁਝ ਵਿਦਿਆਰਥੀਆਂ ਦੀ ਤਬੀਅਤ ਅਚਾਨਕ ਖਰਾਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿਦਿਆਰਥੀਆਂ ਵਿੱਚ ਫੂਡ ਪੋਇਜ਼ਨਿੰਗ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿਸ ਮਗਰੋਂ ਇਸ ਮਾਮਲੇ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਸਿਹਤ ਮੰਤਰੀ ਨੂੰ ਵੀ ਦਿੱਤੀ ਗਈ ਜਾਣਕਾਰੀ
ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ 5 ਬੱਚੇ ਹਸਪਤਾਲ ਵਿੱਚ ਦਾਖਲ ਹਨ, ਜਦਕਿ ਬਾਕੀ ਬੱਚਿਆਂ ਦੀ ਹਾਲਤ ਮਾਮੂਲੀ ਪ੍ਰਭਾਵਿਤ ਹੋਣ ਕਾਰਨ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ।
ਡਾ. ਬਲਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਕੁਝ ਘੰਟਿਆਂ ਵਿੱਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਬੱਚਿਆਂ ਦੀ ਤਬੀਅਤ ਖਰਾਬ ਹੋਣ ਦਾ ਅਸਲ ਕਾਰਨ ਕੀ ਸੀ।
ਬੱਚੇ ਗਏ ਸੀ ਸਕੂਲ ਤੋਂ ਬਾਹਰ- ਸਿਹਤ ਮੰਤਰੀ
ਮੰਤਰੀ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਬੱਚੇ ਸਕੂਲ ਤੋਂ ਬਾਹਰ ਗਏ ਸਨ ਅਤੇ ਸੰਭਵ ਹੈ ਕਿ ਉਨ੍ਹਾਂ ਨੇ ਬਾਹਰੋਂ ਕੁਝ ਖਾਧਾ ਹੋਵੇ। ਹਾਲਾਂਕਿ ਬੱਚਿਆਂ ਦੇ ਬਿਮਾਰ ਹੋਣ ਦਾ ਸਹੀ ਕਾਰਨ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗਾ।
'ਬੱਚਿਆਂ ਨੇ ਜੋ ਵੀ ਖਾਇਆ ਹੋਵੇਗੀ ਜਾਂਚ'
ਡਾ. ਬਲਵੀਰ ਸਿੰਘ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਇਹ ਸਾਹਮਣੇ ਆਉਂਦਾ ਹੈ ਕਿ ਬੱਚਿਆਂ ਨੇ ਸਕੂਲ ਤੋਂ ਬਾਹਰ ਕਿਸੇ ਥਾਂ ਖਾਣਾ ਖਾਧਾ ਸੀ ਤਾਂ ਸਿਹਤ ਵਿਭਾਗ ਵੱਲੋਂ ਉਸ ਥਾਂ ਦੀ ਵੀ ਜਾਂਚ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਬੱਚਿਆਂ ਵੱਲੋਂ ਖਾਧੇ ਗਏ ਭੋਜਨ ਤੋਂ ਲੈ ਕੇ ਉਸ ਸਥਾਨ ਦੇ ਵਾਤਾਵਰਣ ਅਤੇ ਸਫਾਈ ਪ੍ਰਬੰਧਾਂ ਤੱਕ ਹਰ ਪੱਖ ਦੀ ਜਾਂਚ ਕੀਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਇਸ ਸਮੇਂ ਹਸਪਤਾਲ ਵਿੱਚ ਦਾਖਲ ਬੱਚਿਆਂ ਦੀ ਹਾਲਤ ਸਥਿਰ ਹੈ ਅਤੇ ਸਾਰੇ ਬੱਚੇ ਠੀਕ ਹਨ।
ਸਕੂਲਾਂ ’ਚ ਸਫਾਈ ’ਤੇ ਜ਼ੋਰ
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਜਿੱਥੇ ਵੀ ਬੱਚਿਆਂ ਲਈ ਖਾਣਾ ਤਿਆਰ ਕੀਤਾ ਜਾਂਦਾ ਹੈ, ਉੱਥੇ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣਾ ਲਾਜ਼ਮੀ ਹੈ। ਖਾਣਾ ਬਣਾਉਣ ਵਾਲੀ ਜਗ੍ਹਾ ਸਾਫ਼-ਸੁਥਰੀ ਹੋਣੀ ਚਾਹੀਦੀ ਹੈ ਅਤੇ ਖਾਣਾ ਤਿਆਰ ਕਰਨ ਵਾਲੇ ਵਿਅਕਤੀਆਂ ਵੱਲੋਂ ਸਫਾਈ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਖਾਣਾ ਬਣਾਉਣ ਅਤੇ ਪਰੋਸਣ ਸਮੇਂ ਹੱਥਾਂ ਦੀ ਸਫਾਈ, ਸਾਫ਼ ਬਰਤਨਾਂ ਅਤੇ ਸਾਫ਼ ਵਾਤਾਵਰਣ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ।
ਬੱਚਿਆਂ ਨੂੰ ਹੱਥ ਧੋਣ ਦੀ ਆਦਤ ਪਾਉਣ ਦੀ ਅਪੀਲ
ਡਾ. ਬਲਵੀਰ ਸਿੰਘ ਨੇ ਕਿਹਾ ਕਿ ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਸਫਾਈ ਦੀਆਂ ਚੰਗੀਆਂ ਆਦਤਾਂ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖਾਣਾ ਖਾਣ ਤੋਂ ਪਹਿਲਾਂ ਸਾਬਣ ਨਾਲ ਹੱਥ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ ਅਤੇ ਉਂਗਲਾਂ ਦੇ ਵਿਚਕਾਰ ਵੀ ਹੱਥਾਂ ਦੀ ਸਫਾਈ ਯਕੀਨੀ ਬਣਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਬਚਪਨ ਵਿੱਚ ਪਾਈਆਂ ਗਈਆਂ ਚੰਗੀਆਂ ਆਦਤਾਂ ਪੂਰੀ ਜ਼ਿੰਦਗੀ ਨਾਲ ਚੱਲਦੀਆਂ ਹਨ। ਇਸ ਲਈ ਬੱਚਿਆਂ ਨੂੰ ਸਫਾਈ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ।
5 ਬੱਚਿਆਂ ਦਾ ਚੱਲ ਰਿਹਾ ਇਲਾਜ
ਹਸਪਤਾਲ ਵਿੱਚ ਦਾਖਲ ਬੱਚਿਆਂ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਵੀਰ ਸਿੰਘ ਨੇ ਕਿਹਾ ਕਿ 5 ਬੱਚੇ ਮਨੀਪਾਲ ਗਰੁੱਪ ਦੇ ਹਸਪਤਾਲ ਵਿੱਚ ਦਾਖਲ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਵੀ ਬੱਚਿਆਂ ਦੇ ਇਲਾਜ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਮਾਪਿਆਂ ਨੂੰ ਉੱਥੇ ਇਲਾਜ ਕਰਵਾਉਣ ਦੀ ਸਹੂਲਤ ਬਾਰੇ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਬੱਚੇ ਦਾ ਇਲਾਜ ਕਿੱਥੇ ਕਰਵਾਉਣਾ ਹੈ, ਇਹ ਫੈਸਲਾ ਮਾਪਿਆਂ ਦੀ ਮਰਜ਼ੀ ਅਤੇ ਪਸੰਦ ’ਤੇ ਨਿਰਭਰ ਕਰਦਾ ਹੈ।
ਮੰਤਰੀ ਨੇ ਭਰੋਸਾ ਦਿੱਤਾ ਕਿ ਸਿਹਤ ਵਿਭਾਗ ਵੱਲੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਜੇਕਰ ਕਿਸੇ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
- PTC NEWS