ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਧਿਆ ਨਿਸ਼ਾਨਾ
ਮੋਰਿੰਡਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਜ਼ਿਲ੍ਹੇ ਵਿੱਚ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੌਰਾਨ ਹੋਈ ਕਿਸਾਨ ਦੀ ਮੌਤ ਲਈ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨ ਦੀ ਮੌਤ ਦੇ ਲਈ ਮੁੱਖ ਜ਼ਿੰਮੇਵਾਰ ਹੈ।
ਚੰਨੀ ਨੇ ਬੀਤੇ ਦਿਨ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ ਵਿੱਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਅਤੇ ਇੱਕ ਕਿਸਾਨ ਦੀ ਮੌਤ ਦੇ ਮਾਮਲੇ ਦੀ ਤੁਲਨਾ ਬਰਗਾੜੀ ਕਾਂਡ ਨਾਲ ਕਰਦਿਆਂ ਕਿਹਾ ਕਿ ਜੇਕਰ ਬਰਗਾੜੀ ਕਾਂਡ ’ਚ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਦੋ ਸਿੱਖਾਂ ਦੇ ਸ਼ਹੀਦ ਹੋਣ ਲਈ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕੇਸ ਕੀਤਾ ਜਾ ਸਕਦਾ ਹੈ ਤਾਂ ਹੁਣ ਲੌਂਗੋਵਾਲ ਕਾਂਡ ਵਿੱਚ ਇੱਕ ਕਿਸਾਨ ਦੇ ਸ਼ਹੀਦ ਹੋਣ ਮਗਰੋਂ ਮੌਜੂਦਾ ਗ੍ਰਹਿ ਮੰਤਰੀ ਭਗਵੰਤ ਮਾਨ ’ਤੇ ਵੀ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।
ਇਲਾਕੇ ਦੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਅਮਨ ਕਾਨੂੰਨ ਦੀ ਸਥਿਤੀ ’ਤੇ ਕੋਈ ਕੰਟਰੋਲ ਨਾ ਹੋਣ ਕਾਰਨ ਸੂਬੇ ਦੇ ਹਾਲਾਤ ਬਹੁਤ ਹੀ ਚਿੰਤਾਜਨਕ ਹਨ। ਇਹ ਸਾਰੇ ਨੁਮਾਇੰਦੇ ਚੰਨੀ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਨ ’ਤੇ ਸਨਮਾਨਿਤ ਕਰਨ ਲਈ ਉਨ੍ਹਾਂ ਦੀ ਮੋਰਿੰਡਾ ਸਥਿਤ ਰਿਹਾਇਸ਼ ’ਤੇ ਇਕੱਤਰ ਹੋਏ ਸਨ। ਚੰਨੀ ਨੇ ਕਿਹਾ ਕਿ ਲੋਕਾਂ ਨੇ ਬਦਲਾਅ ਲਈ ‘ਆਪ’ ਨੂੰ ਸੱਤਾ ਸੌਂਪੀ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਸਟੇਟ ਨੂੰ ਸਟੇਜ ਦੀ ਤਰ੍ਹਾਂ ਚਲਾ ਰਹੇ ਹਨ।
ਇਲਾਕੇ ਵਿੱਚ ਸੋਗ਼ ਦਾ ਲਹਿਰ:
ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਕਿਸਾਨ ਦੀ ਮੌਤ ਤੋਂ ਬਾਅਦ ਕਸਬਾ ਲੌਂਗੋਵਾਲ ਦੇ ਸਮੁੱਚੇ ਬਾਜ਼ਾਰ ਸੋਗ ਵਜੋਂ ਮੁਕੰਮਲ ਬੰਦ ਰਹੇ। ਕਿਸਾਨ ਪ੍ਰੀਤਮ ਸਿੰਘ ਨੂੰ ਜਿੱਥੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ ਉਥੇ ਪਿੰਡ ਮੰਡੇਰ ਕਲਾਂ ’ਚ ਪੀੜਤ ਕਿਸਾਨ ਪਰਿਵਾਰ ਦਾ ਕਹਿਣਾ ਹੈ ਕਿ ਪ੍ਰੀਤਮ ਸਿੰਘ ਕਿਸਾਨੀ ਸੰਘਰਸ਼ ਨੂੰ ਸਮਰਪਿਤ ਸੀ ਅਤੇ ਕਿਸਾਨੀ ਲਈ ਹੀ ਸ਼ਹੀਦ ਹੋਇਆ ਹੈ।
- PTC NEWS