CBI ਅਦਾਲਤ ਨੇ ਭੁੱਲਰ ਨੂੰ ਮੁੜ 5 ਦਿਨਾਂ ਦੇ ਰਿਮਾਂਡ 'ਤੇ ਭੇਜਿਆ, ਵਿਚੋਲੇ ਕ੍ਰਿਸ਼ਨੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ
Suspended DIG Bhullar Case : ਪੰਜਾਬ 'ਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜੇ ਗਏ ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਚੰਡੀਗੜ੍ਹ ਦੀ CBI ਅਦਾਲਤ ਨੇ ਮੁੜ 5 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਹੈ। ਇਸ ਤੋਂ ਪਹਿਲਾਂ ਵੀ CBI ਨੇ ਸਾਬਕਾ DIG ਨੂੰ 5 ਦਿਨਾਂ ਦੇ ਰਿਮਾਂਡ 'ਤੇ ਲਿਆ ਸੀ। ਇਸ ਤੋਂ ਇਲਾਵਾ ਦੂਜੇ ਮਾਮਲੇ 'ਚ ਭੁੱਲਰ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਸੁਣਵਾਈ ਦੌਰਾਨ ਭੁੱਲਰ ਦੇ ਵਕੀਲ ਨੇ ਜੇਲ੍ਹ ਵਿੱਚ ਉਸਨੂੰ ਮਿਲਣ ਲਈ ਇੱਕ ਪਟੀਸ਼ਨ ਦਾਇਰ ਕੀਤੀ, ਜਿਸ 'ਤੇ ਅਦਾਲਤ ਨੇ ਹੁਕਮ ਦਿੱਤਾ ਕਿ ਭੁੱਲਰ ਹਰ ਰੋਜ਼ ਸ਼ਾਮ 4 ਤੋਂ 5 ਵਜੇ ਦੇ ਵਿਚਕਾਰ ਆਪਣੇ ਵਕੀਲ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਭੁੱਲਰ ਦੇ ਵਕੀਲ ਨੇ ਰਿਮਾਂਡ ਦਾ ਵਿਰੋਧ ਕੀਤਾ ਸੀ। ਉਸਨੇ ਕਿਹਾ ਕਿ ਸੀਬੀਆਈ ਪੰਜਾਬ ਵਿੱਚ ਦਾਖਲ ਨਹੀਂ ਹੋ ਸਕਦੀ ਅਤੇ ਉਸਦੀ ਗ੍ਰਿਫਤਾਰੀ ਗੈਰ-ਕਾਨੂੰਨੀ ਹੈ।
ਦੱਸ ਦਈਏ ਕਿ ਸੀਬੀਆਈ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ DIG ਹਰਚਰਨ ਸਿੰਘ ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂ ਨੂੰ ਅੱਜ ਅਦਾਲਤ ਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਕ੍ਰਿਸ਼ਨੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਕ੍ਰਿਸ਼ਨੂ ਨੂੰ 9 ਦਿਨਾਂ ਦੇ ਸੀਬੀਆਈ ਰਿਮਾਂਡ 'ਤੇ ਭੇਜਿਆ ਸੀ। CBI ਨੇ ਕ੍ਰਿਸ਼ਨੂ ਨੂੰ ਸਕ੍ਰੈਪ ਡੀਲਰ ਤੋਂ ਰਿਸ਼ਵਤ ਲੈਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ।
- PTC NEWS