Former DIG ਹਰਚਰਨ ਭੁੱਲਰ ਦੀ ਜ਼ਮਾਨਤ ਅਰਜ਼ੀ 'ਤੇ ਹੋਈ ਸੁਣਵਾਈ , CBI ਵੱਲੋਂ ਅਦਾਲਤ ‘ਚ ਜਵਾਬ ਦਾਖਲ
Former DIG Harcharan Singh Bhullar : ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ (Former DIG Harcharan Singh Bhullar) ਵੱਲੋਂ ਦਾਇਰ ਜ਼ਮਾਨਤ ਪਟੀਸ਼ਨ 'ਤੇ ਅੱਜ (ਸ਼ੁੱਕਰਵਾਰ) ਨੂੰ ਚੰਡੀਗੜ੍ਹ ਸੀਬੀਆਈ ਅਦਾਲਤ 'ਚ ਸੁਣਵਾਈ ਹੋਈ ਹੈ। ਪਿਛਲੀ ਸੁਣਵਾਈ 'ਤੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਭੁੱਲਰ ਦੀ ਜ਼ਮਾਨਤ ਅਰਜ਼ੀ 'ਤੇ ਚੰਡੀਗੜ੍ਹ ਸੀਬੀਆਈ ਤੋਂ ਜਵਾਬ ਮੰਗਿਆ ਸੀ। ਸੁਣਵਾਈ ਸਵੇਰੇ 10:30 ਵਜੇ ਸ਼ੁਰੂ ਹੋਈ ਅਤੇ ਦੁਪਹਿਰ 12:15 ਵਜੇ ਸਮਾਪਤ ਹੋਈ।
ਜਿਸ 'ਤੇ ਸੀਬੀਆਈ ਨੇ ਕਿਹਾ ਕਿ ਉਸਨੂੰ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਚਾਹੀਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਸੀਬੀਆਈ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਅਤੇ ਸੁਣਵਾਈ 2 ਜਨਵਰੀ, 2026 ਲਈ ਨਿਰਧਾਰਤ ਕੀਤੀ ਸੀ। ਜਿਸ ਤੋਂ ਬਾਅਦ ਅੱਜ ਸੀਬੀਆਈ ਨੇ ਅਦਾਲਤ ‘ਚ ਸੁਣਵਾਈ ਦੌਰਾਨ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਸੁਣਵਾਈ ਦੌਰਾਨ ਡੀਆਈਜੀ ਭੁੱਲਰ ਦੇ ਵਕੀਲ ਐਸਪੀਐਸ ਭੁੱਲਰ ਨੇ ਕਿਹਾ ਕਿ ਦਾਇਰ ਸੀਬੀਆਈ ਕੇਸ ਵਿੱਚ ਸਮਾਂ, ਮਿਤੀ ਜਾਂ ਸਥਾਨ ਦਾ ਜ਼ਿਕਰ ਨਹੀਂ ਹੈ।
ਇਸ ਤੋਂ ਇਲਾਵਾ ਦਸਤਾਵੇਜ਼ਾਂ ਵਿੱਚ ਦੱਸੀ ਗਈ ਰਿਸ਼ਵਤ ਦੀ ਰਕਮ ‘ਚ ਪਹਿਲਾਂ ਇੱਕ ਲੱਖ ਅਤੇ ਫਿਰ ਚਾਰ ਲੱਖ ਦਾ ਜ਼ਿਕਰ ਹੈ। ਵਕੀਲ ਨੇ ਇਹ ਵੀ ਕਿਹਾ ਕਿ ਸੀਬੀਆਈ ਦੁਆਰਾ ਰਿਸ਼ਵਤਖੋਰੀ ਲਈ ਚਲਾਨ ਵਿੱਚ ਵਰਤਿਆ ਗਿਆ ਸ਼ਬਦ “ਸੇਵਾ ਪਾਣੀ” ਹੈ। “ਸੇਵਾ ਪਾਣੀ” ਦਾ ਮਤਲਬ ਕੁਝ ਵੀ ਹੋ ਸਕਦਾ ਹੈ, ਜ਼ਰੂਰੀ ਨਹੀਂ ਕਿ ਇਸਦਾ ਮਤਲਬ ਰਿਸ਼ਵਤ ਹੀ ਹੋਵੇ। ਇਸ ਤੋਂ ਇਲਾਵਾ ਸੀਬੀਆਈ ਨੇ ਗ੍ਰਿਫ਼ਤਾਰੀ ਸਮੇਂ ਪੰਜਾਬ ਦੇ ਕਿਸੇ ਵੀ ਸੀਨੀਅਰ ਅਧਿਕਾਰੀ ਨੂੰ ਸੂਚਿਤ ਨਹੀਂ ਕੀਤਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭੁੱਲਰ ਨੇ ਸੁਪਰੀਮ ਕੋਰਟ ਵਿੱਚ ਵੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਪਿਛਲੇ ਸ਼ੁੱਕਰਵਾਰ (19 ਦਸੰਬਰ) ਨੂੰ ਸੁਪਰੀਮ ਕੋਰਟ ਨੇ ਭੁੱਲਰ ਦੀ ਅੰਤਰਿਮ ਰਾਹਤ ਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਭੁੱਲਰ ਦੇ ਵਕੀਲ ਨੇ ਬਾਅਦ ਵਿੱਚ ਪਟੀਸ਼ਨ ਵਾਪਸ ਲੈ ਲਈ। ਭੁੱਲਰ ਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਅੰਤਰਿਮ ਰਾਹਤ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
- PTC NEWS