ਸਾਬਕਾ ਮੰਤਰੀ ਸਿਕੰਦਰ ਮਲੂਕਾ ਦਾ ਮੁੰਡਾ ਤੇ ਸਾਬਕਾ IAS ਨੂੰਹ ਪਰਮਪਾਲ ਕੌਰ BJP 'ਚ ਸ਼ਾਮਲ, ਬਠਿੰਡਾ ਤੋਂ ਮਿਲ ਸਕਦੀ ਹੈ ਟਿਕਟ
Lok Sabha Election 2024: ਲੋਕ ਸਭਾ ਚੋਣਾਂ ਨੂੰ ਲੈ ਕੇ ਬਠਿੰਡਾ (Bathinda News) ਦੀ ਰਾਜਨੀਤੀ ਵਿੱਚ ਵੱਡਾ ਉਲਟਫੇਰ ਸਾਹਮਣੇ ਆਇਆ ਹੈ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਮੁੰਡੇ ਗੁਰਪ੍ਰੀਤ ਸਿੰਘ ਮਲੂਕਾ ਅਤੇ ਸਾਬਕਾ ਆਈਏਐਸ ਪਰਮਪਾਲ ਕੌਰ (Former IAS Parampal Kaur) ਨੇ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ ਹੈ। ਚਰਚਾ ਹੈ ਕਿ ਭਾਜਪਾ ਸਾਬਕਾ ਮੰਤਰੀ ਦੀ ਨੂੰਹ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ।
ਇਸ ਮੌਕੇ ਪਰਮਪਾਲ ਕੌਰ ਨੇ ਕਿਹਾ ਕਿ ਉਹ ਪੀਐਮ ਨਰਿੰਦਰ ਮੋਦੀ, ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਦੀ ਪ੍ਰੇਰਨਾ ਲੈ ਕੇ ਉਹ ਪਤੀ-ਪਤਨੀ ਭਾਜਪਾ 'ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਦੇਖ ਕੇ ਭਾਜਪਾ ਨੂੰ ਚੁਣਿਆ ਹੈ, ਕਿਉਂਕਿ ਭਾਜਪਾ ਦੀ ਅਗਵਾਈ ਹੇਠ ਪਿਛਲੇ 10 ਸਾਲਾਂ 'ਚ ਦੇਸ਼ ਨੇ ਬਹੁਤ ਤਰੱਕੀ ਕੀਤੀ ਹੈ ਅਤੇ ਭਾਜਪਾ ਦੇ 2047 ਬਾਰੇ ਮਤੇ ਤੋਂ ਵੀ ਉਹ ਪ੍ਰਭਾਵਿਤ ਹਨ।
ਉਧਰ, ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਅੱਜ ਅਸੀਂ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਸ਼ ਨੂੰ ਮਜ਼ਬੂਤ ਕਰਨ ਅਤੇ ਦੇਸ਼ ਨੂੰ ਅੱਗੇ ਲਿਜਾਣ ਲਈ ਉਨ੍ਹਾਂ ਦੀ ਪ੍ਰਸ਼ੰਸਾ ਕਰਦਾ ਹਾਂ, ਉਹ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ 2024 ਵਿੱਚ ਵੀ ਦੇਸ਼ ਅੰਦਰ ਭਾਜਪਾ ਦੀ ਸਰਕਾਰ ਬਣੇਗੀ, ਜਿਸ ਲਈ ਉਹ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਚੰਗੇ ਵਕੀਲ ਵਾਂਗ ਕੰਮ ਕਰਾਂਗਾ। ਉਨ੍ਹਾਂ ਕਿਹਾ ਕਿ ਮੇਰਾ 28 ਸਾਲਾਂ ਦਾ ਸਿਆਸੀ ਕਰੀਅਰ ਰਿਹਾ ਹੈ, ਪਾਰਟੀ ਮੈਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਮੈਂ ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ।
ਪਰਮਪਾਲ ਕੌਰ ਨੂੰ ਬਠਿੰਡਾ ਤੋਂ ਮਿਲ ਸਕਦੀ ਹੈ ਟਿਕਟ
ਹਾਲਾਂਕਿ, ਆਪਣੇ ਪੁੱਤ ਅਤੇ ਨੂੰਹ ਵੱਲੋਂ ਭਾਜਪਾ ਵਿੱਚ ਸ਼ਾਮਿਲ ਹੋਣ 'ਤੇ ਸਿਕੰਦਰ ਸਿੰਘ ਮਲੂਕਾ ਨੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਮੰਨਿਆ ਜਾ ਰਿਹਾ ਹੈ ਭਾਜਪਾ ਬਠਿੰਡਾ ਲੋਕ ਸਭਾ ਸੀਟ ਤੋਂ ਮਲੂਕਾ ਪਰਿਵਾਰ ਦੀ ਨੂੰਹ ਪਰਮਪਾਲ ਕੌਰ ਨੂੰ ਟਿਕਟ ਦੇ ਸਕਦੀ ਹੈ।
ਦੱਸ ਦਈਏ ਕਿ ਸਾਬਕਾ ਆਈਏਐਸ ਪਰਮਪਾਲ ਕੌਰ ਨੇ ਬੀਤੇ ਦਿਨੀ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਸਮੇਂ ਤੋਂ ਪਹਿਲਾਂ ਸੇਵਾਮੁਕਤੀ (VRS) ਲਈ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਸੀ, ਜਿਸ ਪਿੱਛੋਂ ਹੁਣ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਸਤੀਫੇ ਨੂੰ ਮਨਜ਼ੂਰੀ ਦਿੱਤੀ ਜਾਣੀ ਹੈ। ਉਪਰੰਤ ਇਸ ਨੂੰ ਕੇਂਦਰੀ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ।
ਇਸ ਸਮੇਂ ਪਰਮਪਾਲ ਕੌਰ ਸਿੱਧੂ ਪੰਜਾਬ ਰਾਜ ਉਦਯੋਗਿਕ ਵਿਕਾਸ ਵਿਭਾਗ ਵਿੱਚ ਮੈਨੇਜਿੰਗ ਡਾਇਰੈਕਟਰ ਵੱਜੋਂ ਤਾਇਨਾਤ ਸਨ। 2011 ਬੈਚ ਦੀ ਇਹ ਮਹਿਲਾ ਅਧਿਕਾਰੀ ਅਕਤੂਬਰ ਮਹੀਨੇ ਵਿੱਚ ਸੇਵਾਮੁਕਤ ਹੋਣ ਵਾਲੀ ਹੈ। ਉਨ੍ਹਾਂ ਨੂੰ 2015 'ਚ ਪੀਸੀਐਸ ਤੋਂ ਆਈਏਐਸ ਰੈਂਕ ਵਿੱਚ ਤਰੱਕੀ ਦਿੱਤੀ ਗਈ ਸੀ।
- PTC NEWS