ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੇ ਭਰਾ ਨੇ ਗ੍ਰਿਫਤਾਰੀ ਨੂੰ ਲੈ ਕੇ ਹਾਈਕੋਰਟ 'ਚ ਦਿੱਤੀ ਚੁਣੌਤੀ
ਚੰਡੀਗੜ੍ਹ: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਉਨ੍ਹਾਂ ਦੇ ਭਰਾ ਨੇ 19 ਅਕਤੂਬਰ ਦੇ ਕਾਰਜਕਾਰੀ ਮੈਜਿਸਟ੍ਰੇਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ, ਜਿਸ ਤਹਿਤ ਕਿਹਾ ਗਿਆ ਸੀ ਕਿ ਜ਼ੀਰਾ ਨੂੰ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਨਜ਼ਰਬੰਦ ਕੀਤਾ ਗਿਆ ਹੈ।
ਕੁਝ ਸਮਾਂ ਪਹਿਲਾਂ ਹੀ ਜਸਟਿਸ ਵਿਕਾਸ ਬਹਿਲ ਕੋਲ ਜ਼ੀਰਾ ਦੇ ਭਰਾ ਵੱਲੋਂ ਦਾਇਰ ਇਸ ਪਟੀਸ਼ਨ 'ਤੇ ਸੁਣਵਾਈ ਹੋਈ। ਹਾਈ ਕੋਰਟ ਨੇ ਇਸ ਪਟੀਸ਼ਨ 'ਤੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਹੁਕਮ ਦਿੱਤਾ ਹੈ ਕਿ ਐੱਸ.ਐੱਚ.ਓ ਨੇ ਕਿਸ ਆਧਾਰ 'ਤੇ ਸ਼ਿਕਾਇਤ ਦਰਜ ਕਰਵਾਈ ਹੈ, ਉਸ ਦੀ ਰਿਪੋਰਟ ਪੇਸ਼ ਕੀਤੀ ਜਾਵੇ।
ਇਸ ਤੋਂ ਇਲਾਵਾ ਕਾਰਜਕਾਰੀ ਮੈਜਿਸਟ੍ਰੇਟ ਨੂੰ ਇਸ ਸਬੰਧੀ ਜਲਦੀ ਫੈਸਲਾ ਲੈਣ ਦੇ ਹੁਕਮ ਵੀ ਦਿੱਤੇ ਗਏ ਹਨ। ਦੱਸ ਦੇਈਏ ਕਿ ਬੀਤੇ ਦਿਨ ਹੀ ਜ਼ੀਰਾ ਦੇ ਭਰਾ ਨੇ ਆਪਣੇ ਭਰਾ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।
ਲੰਘੇ ਕੱਲ੍ਹ ਇਸ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈ ਕੋਰਟ ਨੇ ਕਿਹਾ ਸੀ ਕਿ ਜ਼ੀਰਾ ਦੀ ਗ੍ਰਿਫ਼ਤਾਰੀ ਕਾਰਜਕਾਰੀ ਮੈਜਿਸਟਰੇਟ ਦੇ ਹੁਕਮਾਂ ਤਹਿਤ ਕੀਤੀ ਗਈ ਹੈ, ਇਸ ਲਈ ਇਸ ਨੂੰ ਗ਼ੈਰ-ਕਾਨੂੰਨੀ ਨਹੀਂ ਕਿਹਾ ਜਾ ਸਕਦਾ, ਅਜਿਹੀ ਸਥਿਤੀ ਵਿੱਚ ਜ਼ੀਰਾ ਦੇ ਭਰਾ ਨੂੰ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦੇਣ ਦੀ ਆਜ਼ਾਦੀ ਦਿੱਤੀ ਗਈ ਸੀ।
ਜਿਸ ਤਹਿਤ ਕਾਰਜਕਾਰੀ ਮੈਜਿਸਟ੍ਰੇਟ ਦੇ ਹੁਕਮ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ, ਜਿਸ ’ਤੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਤੱਕ ਜਵਾਬ ਦਾਖ਼ਲ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।
- PTC NEWS