Amritsar News : ਗਿਆਨੀ ਹਰਪਾਲ ਸਿੰਘ ਤੇ ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤਾ ਗਿਆ ਸਨਮਾਨਿਤ
Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਬੀਤੇ ਸਮੇਂ ਵਿੱਚ ਕੀਤੇ ਫੈਸਲੇ ਤਹਿਤ ਅੱਜ ਉੱਘੇ ਸਿੱਖ ਪ੍ਰਚਾਰਕ ਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੂੰ ਭਾਈ ਮਨਸੁਖ ਜੀ ਸਨਮਾਨ ਤਹਿਤ “ਭਾਈ ਸਾਹਿਬ” ਦੀ ਉਪਾਧੀ ਦੇ ਨਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰੇ ਗੁਰਪੁਰਵਾਸੀ ਭਾਈ ਮਲਕੀਤ ਸਿੰਘ ਖੰਡੂਰ ਸਾਹਿਬ ਦੇ ਪਰਿਵਾਰ ਨੂੰ ਉਨ੍ਹਾਂ ਦੀਆਂ ਸਿੱਖ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਸਨਮਾਨਿਤ ਕੀਤਾ ਗਿਆ।
ਇਹ ਸਨਮਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸਿਰੋਪਾਓ, ਸ੍ਰੀ ਸਾਹਿਬ, ਸਿੱਖ ਰਹਿਤ ਮਰਿਆਦਾ ਦੀ ਪੁਸਤਕ ਅਤੇ ਗਿਆਨੀ ਹਰਪਾਲ ਸਿੰਘ ਨੂੰ ਵਿਸ਼ੇਸ਼ ਚਾਂਦੀ ਦੀ ਤਸ਼ਤਰੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਦਾ ਸਨਮਾਨ ਉਨ੍ਹਾਂ ਦੀ ਸੁਪਤਨੀ ਬੀਬੀ ਹਰਜਿੰਦਰ ਕੌਰ ਨੂੰ ਸੌਂਪਿਆ ਗਿਆ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵੀ ਹਾਜ਼ਰ ਸਨ।
ਸਨਮਾਨ ਸਮਾਗਮ ਤੋਂ ਪਹਿਲਾਂ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਗਿਆਨੀ ਹਰਪਾਲ ਸਿੰਘ ਨੂੰ ਇਹ ਸਨਮਾਨ ਸਿੱਖੀ ਪ੍ਰਚਾਰ, ਸਫ਼ਰ-ਏ-ਸ਼ਹਾਦਤ ਸਮਾਗਮਾਂ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦਾ ਪ੍ਰਚਾਰ ਪ੍ਰਸਾਰ ਕਰਨ ਲਈ ਦਿੱਤਾ ਗਿਆ ਹੈ। ਗਿਆਨੀ ਮਲਕੀਤ ਸਿੰਘ ਨੂੰ ਇਹ ਸਨਮਾਨ ਗੁਰਬਾਣੀ ਸੰਥਿਆ ਰਾਹੀਂ ਸਿੱਖੀ ਪ੍ਰਚਾਰ ਦੀਆਂ ਨਿਭਾਈਆਂ ਵਡਮੁੱਲੀਆਂ ਸੇਵਾਵਾਂ ਲਈ ਦਿੱਤਾ ਗਿਆ ਹੈ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕੀ ਸਮੂਹ ਸਿੱਖ ਪ੍ਰਚਾਰਕਾਂ ਨੂੰ ਇਨ੍ਹਾਂ ਸ਼ਖ਼ਸੀਅਤਾਂ ਤੋਂ ਪ੍ਰੇਰਣਾ ਲੈ ਕੇ ਵੱਧ ਤੋਂ ਵੱਧ ਸਿੱਖੀ ਦਾ ਪ੍ਰਚਾਰ ਕਰਨਾ ਚਾਹੀਦਾ ਹੈ ਤਾਂ ਜੋ ਕੀਤੀਆਂ ਸੇਵਾਵਾਂ ਗੁਰੂ ਦਰਬਾਰ ਵਿੱਚ ਪ੍ਰਵਾਨ ਹੋਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਰੀਆ, ਵਧੀਕ ਸਕੱਤਰ ਸ. ਬਿਜੈ ਸਿੰਘ, ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ ਸੁਖਦੇਵ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਸੁਪਰਡੰਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਰਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ, ਬਿਕਰਮਜੀਤ ਸਿੰਘ, ਗੁਰਵਿੰਦਰ ਸਿੰਘ ਦੇਵੀਦਾਸਪੁਰ, ਗੁਰਤਿੰਦਰਪਾਲ ਸਿੰਘ, ਅਕਾਲੀ ਆਗੂ ਜਗਦੀਪ ਸਿੰਘ ਚੀਮਾ, ਸਾਬਕਾ ਵਿਧਾਇਕ ਹਰਮਿੰਦਰ ਸਿੰਘ, ਕੁਲਦੀਪ ਸਿੰਘ ਸਿੰਘ ਬ੍ਰਦਰਜ਼, ਗੁਰਦੀਪ ਸਿੰਘ ਮੈਨੇਜਰ ਗੁਰਦੁਆਰਾ ਫਤਹਿਗੜ੍ਹ ਸਾਹਿਬ ਆਦਿ ਹਾਜ਼ਰ ਸਨ।
- PTC NEWS