ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅਹੁਦੇ ਤੋਂ ਕੀਤਾ ਸੇਵਾਮੁਕਤ
Sri Akal Takht Sahib : ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਏ ਫੈਸਲਿਆਂ ਅਨੁਸਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨਾਲ ਹੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਅਹੁਦੇ ਤੋਂ ਸੇਵਾਮੁਕਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਹੈ। ਹਾਲਾਂਕਿ, ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਕੀਤਾ ਗਿਆ ਹੈ, ਪਰ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਵੱਜੋਂ ਉਨ੍ਹਾਂ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ।
ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਜੋਂ ਗਿਆਨੀ ਕੁਲਦੀਪ ਸਿੰਘ ਗੜਗਜ ਸੇਵਾਵਾਂ ਨਿਭਾਉਣਗੇ। ਇਸਦੇ ਨਾਲ ਹੀ ਉਨ੍ਹਾਂ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਜਥੇਦਾਰ ਵੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਮੇਟੀ ਵੱਲੋਂ ਬਾਬਾ ਟੇਕ ਸਿੰਘ ਧਨੌਲਾ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ।
ਕਦੋਂ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ?
ਅੰਤ੍ਰਿੰਗ ਕਮੇਟੀ ਵੱਲੋਂ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੀ ਤਰੀਕ ਦਾ ਵੀ ਐਲਾਨ ਕੀਤਾ ਗਿਆ ਹੈ, ਜੋ ਕਿ 28 ਮਾਰਚ ਨੂੰ ਹੋਵੇਗਾ।
- PTC NEWS