Punjabi University : ਪੰਜਾਬੀ ਯੂਨੀ. ਦੇ ਤਲਵੰਡੀ ਸਾਬੋ ਕੈਂਪਸ 'ਚ ਵਿਦਿਆਰਥਣ ਦੀ ਭੇਤਭਰੀ ਹਾਲਤ 'ਚ ਮੌਤ, ਪ੍ਰਬੰਧਕਾਂ ਨੇ ਕੈਂਪਸ 'ਚ ਕੀਤੀ ਛੁੱਟੀ
Punjabi University Guru Kashi Campus : ਸਬ-ਡਿਵੀਜ਼ਨ ਤਲਵੰਡੀ ਸਾਬੋ ਵਿਖੇ ਸਥਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਦੀ ਯਾਦਵਿੰਦਰਾ ਕਾਲਜ ਦੀ ਇੱਕ ਵਿਦਿਆਰਥਣ ਦੀ ਦੇਰ ਰਾਤ ਸਮੇਂ ਹੋਸਟਲ ਵਿੱਚ ਭੇਦ ਭਰੀ ਹਾਲਾਤ ਵਿੱਚ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕੁੜੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਏਮਜ਼ ਹਸਪਤਾਲ (AIIMS) ਲਈ ਰੈਫਰ ਕੀਤਾ ਗਿਆ ਸੀ ਪਰ ਉੱਥੇ ਉਸ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਤਲਵੰਡੀ ਸਾਬੋ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੀ ਇੱਕ ਵਿਦਿਆਰਥਣ, ਜੋ ਕਿ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਦੇ ਯਾਦਵਿੰਦਰਾ ਕਾਲਜ ਦੀ ਬੀਐਸਸੀ ਪਹਿਲੇ ਸਾਲ ਦੀ ਵਿਦਿਆਰਥਣ ਸੀ। ਹੋਸਟਲ ਪ੍ਰਬੰਧਕਾਂ ਦੀ ਜਾਣਕਾਰੀ ਅਨੁਸਾਰ, ਉਨ੍ਹਾਂ ਨੂੰ ਵਿਦਿਆਰਥਣ ਰਾਤ ਸਮੇਂ ਆਪਣੇ ਕਮਰੇ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਮਿਲੀ, ਜਿਸ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ, ਪਰ ਉੱਥੇ ਉਸ ਦੀ ਹਾਲਾਤ ਨਾਜੁਕ ਹੋਣ ਕਾਰਨ ਉਸ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਯੂਨੀਵਰਸਿਟੀ ਕੈਂਪਸ ਦੇ ਡਾਇਰੈਕਟਰ ਡਾ. ਅਮਨਦੀਪ ਸਿੰਘ ਦਾ ਕਹਿਣਾ ਸੀ ਕਿ ਕੁੜੀ ਦੀ ਮੌਤ ਦੇ ਕਾਰਨਾਂ ਦਾ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ, ਕਿਉਂਕਿ ਕੁੜੀ ਪੜ੍ਹਾਈ ਵਿੱਚ ਵੀ ਚੰਗੀ ਸੀ ਤੇ ਗਰੀਬ ਪਰਿਵਾਰ ਨਾਲ ਸੰਬੰਧਿਤ ਸੀ। ਉਹਨਾਂ ਦੱਸਿਆ ਕਿ ਵਿਦਿਆਰਥਣ ਦੀ ਹਾਲਤ ਗੰਭੀਰ ਹੋਣ 'ਤੇ ਉਸਦੇ ਪਰਿਵਾਰਿਕ ਮੈਂਬਰਾਂ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਸੀ ਅਜੇ ਤੱਕ ਉਸਦੀ ਮੌਤ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ।
ਪਿਤਾ ਨੇ ਕਿਹਾ - ਧੀ ਬਿਮਾਰ ਸੀ, ਜ਼ਹਿਰੀਲੀ ਦਵਾਈ ਨਿਗਲਣ ਕਾਰਨ ਹੋਈ ਮੌਤ
ਉਧਰ, ਦੂਜੇ ਪਾਸੇ ਤਲਵੰਡੀ ਸਾਬੋ ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਥਾਣਾ ਤਲਵੰਡੀ ਸਾਬੋ ਮੁਖੀ ਨੇ ਦੱਸਿਆ ਕਿ ਮ੍ਰਿਤਕ ਵਿਦਿਅਰਥਣ ਦੇ ਪਿਤਾ ਨੇ ਉਹਨਾਂ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਹਨਾਂ ਦੀ ਕੁੜੀ ਬਿਮਾਰ ਸੀ ਅਤੇ ਦਵਾਈ ਲੈਣ ਦੌਰਾਨ ਉਹ ਜ਼ਹਿਰੀਲੀ ਵਸਤੂ ਗਲਤੀ ਨਾਲ ਨਿਗਲ ਗਈ ਅਤੇ ਉਹਨਾਂ ਨੂੰ ਕਿਸੇ 'ਤੇ ਵੀ ਕੋਈ ਸ਼ੱਕ ਨਹੀਂ ਹੈ।
- PTC NEWS