Golden Temple Threat : ਮੁੜ ਆਈ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਭਰੀ ਈਮੇਲ, ਸ਼ੁਭਮ ਦੁਬੇ ਨਾਂਅ ਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Golden Temple Threat : ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਭਰੀ ਈਮੇਲ ਸ਼ੁੱਕਰਵਾਰ ਨੂੰ ਪੰਜਵੇਂ ਦਿਨ ਵੀ ਮਿਲੀ ਹੈ। ਇਸ ਵਾਰ ਮੇਲ ਵਿੱਚ ਸਿੱਧੀ ਧਮਕੀ ਦਿੱਤੀ ਗਈ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ RDX ਨਾਲ ਉਡਾ ਦਿੱਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੱਤੀ ਹੈ। ਸਾਫਟਵੇਅਰ ਇੰਜੀਨੀਅਰ ਸ਼ੁਭਮ ਦੁਬੇ ਨਾਂਅ ਦੇ ਵਿਅਕਤੀ ਨੂੰ ਹਿਰਾਸਤ 'ਚ ਲਏ ਜਾਣ ਤੋਂ ਬਾਅਦ ਇਹ ਧਮਕੀ ਮਿਲੀ ਹੈ। ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਜੀਦਗੀ ਦਿਖਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਆਰੋਪ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਨੂੰ ਹਲਕੇ ਪੱਧਰ ’ਤੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਕ ਦੋ ਦਿਨਾਂ ਵਿਚ ਸਾਰੇ ਆਰੋਪੀ ਕਾਬੂ ਨਾ ਕੀਤੇ ਗਏ ਤਾਂ ਸ਼੍ਰੋਮਣੀ ਕਮੇਟੀ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇਸ ਅਹਿਮ ਮਾਮਲੇ ਸੰਬੰਧੀ ਮੁਲਾਕਾਤ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਭਾਈ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਈਮੇਲ ਵੀ ਪਿਛਲੇ ਦਿਨਾਂ ਮਿਲੀਆਂ ਈਮੇਲ ਵਾਂਗ ਅਣਜਾਣ ਆਈਡੀ ਤੋਂ ਭੇਜੀ ਗਈ ਹੈ।
ਅੱਜ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਧਮਕੀ ਭਰੀਆਂ ਈਮੇਲ ਭੇਜਣ ਵਾਲੇ ਇਕ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੁਬੇ ਨਾਂਅ ਦੇ ਵਿਅਕਤੀ ਨੂੰ ਫਰੀਦਾਬਾਦ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਸੀ ਪਰ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਅੱਜ ਮੁੜ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ, ਜਿਸ ਤੋਂ ਲੱਗਦਾ ਹੈ ਕਿ ਇਸ ਸਾਜਿਸ਼ ਪਿੱਛੇ ਕੋਈ ਇਕੱਲਾ ਵਿਅਕਤੀ ਨਹੀਂ ਬਲਕਿ ਹੋਰ ਵੀ ਲੋਕ ਹਨ, ਜਿਨ੍ਹਾਂ ਬਾਰੇ ਸਰਕਾਰ ਨੂੰ ਸੰਜੀਦਗੀ ਨਾਲ ਜਾਂਚ ਕਰਨੀ ਚਾਹੀਦੀ ਹੈ।
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀ ਰਹੀਆਂ ਸਨ। ਇਹ ਧਮਕੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਈਮੇਲ ‘ਤੇ ਭੇਜੀਆਂ ਜਾ ਰਹੀਆਂ ਸਨ। ਜਿਸ 'ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਪੁਲਿਸ ਨੇ ਹਰਿਆਣਾ ਦੇ ਇੱਕ ਸਾਫਟਵੇਅਰ ਇੰਜੀਨੀਅਰ ਨੂੰ ਹਿਰਾਸਤ ਵਿੱਚ ਲਿਆ ਹੈ। ਉਸਦੀ ਪਛਾਣ ਫਰੀਦਾਬਾਦ ਦੇ ਸ਼ੁਭਮ ਦੂਬੇ ਵਜੋਂ ਹੋਈ ਹੈ, ਜਿਸਨੂੰ ਅੰਮ੍ਰਿਤਸਰ ਲਿਆਂਦਾ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸਦੀ ਪੁਸ਼ਟੀ ਕੀਤੀ ਹੈ। ਹੁਣ ਇਸ ਮਾਮਲੇ ਨਾਲ ਜੁੜੇ ਹਰ ਪਹਿਲੂ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
- PTC NEWS