Mon, Apr 29, 2024
Whatsapp

ਡਿਬਰੂਗੜ੍ਹ ਜੇਲ੍ਹ 'ਚ ਬੰਦ ਸਿੱਖ ਨੌਜਵਾਨਾਂ ਨੂੰ ਤੁਰੰਤ ਪੰਜਾਬ ਤਬਦੀਲ ਕਰੇ ਸਰਕਾਰ: ਗਿਆਨੀ ਰਘੁਬੀਰ ਸਿੰਘ

Written by  KRISHAN KUMAR SHARMA -- February 28th 2024 01:24 PM
ਡਿਬਰੂਗੜ੍ਹ ਜੇਲ੍ਹ 'ਚ ਬੰਦ ਸਿੱਖ ਨੌਜਵਾਨਾਂ ਨੂੰ ਤੁਰੰਤ ਪੰਜਾਬ ਤਬਦੀਲ ਕਰੇ ਸਰਕਾਰ: ਗਿਆਨੀ ਰਘੁਬੀਰ ਸਿੰਘ

ਡਿਬਰੂਗੜ੍ਹ ਜੇਲ੍ਹ 'ਚ ਬੰਦ ਸਿੱਖ ਨੌਜਵਾਨਾਂ ਨੂੰ ਤੁਰੰਤ ਪੰਜਾਬ ਤਬਦੀਲ ਕਰੇ ਸਰਕਾਰ: ਗਿਆਨੀ ਰਘੁਬੀਰ ਸਿੰਘ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡਿਬਰੂਗੜ੍ਹ ਜੇਲ੍ਹ (Dibrugarh Jail) ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਜੇਲ੍ਹ ਵਿਚ ਹੋ ਰਹੇ ਅੱਤਿਆਚਾਰ ਦੇ ਵਿਰੁੱਧ ਅਤੇ ਉਨ੍ਹਾਂ ਨੂੰ ਡਿਬਰੂਗੜ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਲਈ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਰੱਖੀ ਭੁੱਖ ਹੜਤਾਲ ਪ੍ਰਤੀ ਸਰਕਾਰ ਦੇ ਘੋਰ ਅਣਦੇਖੀ ਭਰੇ ਰਵੱਈਏ ਦੀ ਸਖਤ ਨਿਖੇਧੀ ਕੀਤੀ ਹੈ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਆਖਿਆ ਕਿ ਭਾਈ ਅੰਮ੍ਰਿਤਪਾਲ ਸਿੰਘ (Amritpal Singh) ਤੇ ਸਾਥੀਆਂ ਦੇ ਪਰਿਵਾਰਾਂ ਵਲੋਂ ਭੁੱਖ ਹੜਤਾਲ ਸ਼ੁਰੂ ਕੀਤਿਆਂ ਇਕ ਹਫਤਾ ਹੋ ਚੱਲਿਆ ਹੈ ਪਰ ਅਜੇ ਤੱਕ ਪ੍ਰਸ਼ਾਸਨ ਜਾਂ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਦੀ ਗੱਲ ਸੁਣਨ ਤੱਕ ਨਹੀਂ ਆਇਆ ਜਦੋਂਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀ ਸਿੰਘਾਂ ਵਲੋਂ ਡਿਬਰੂਗੜ੍ਹ ਜੇਲ੍ਹ ਵਿਚ 16 ਫਰਵਰੀ ਤੋਂ ਭੁੱਖ ਹੜਤਾਲ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਅਣਗੌਲਿਆ ਵਤੀਰਾ ਸਹੀ ਨਹੀਂ ਹੈ ਅਤੇ ਇਸ ਦੇ ਨਾਲ ਸਿੱਖਾਂ ਦੇ ਮਨਾਂ ਵਿਚ ਇਸ ਦੇਸ਼ ਅੰਦਰ ਬੇਗਾਨੇਪਨ ਅਤੇ ਵਿਤਕਰੇ ਦਾ ਅਹਿਸਾਸ ਪ੍ਰਬਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਕੋਈ ਜ਼ੁਰਮ ਨਹੀਂ ਕੀਤਾ, ਸਗੋਂ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਛੁਡਵਾ ਕੇ ਅੰਮ੍ਰਿਤਧਾਰੀ ਬਣਨ ਵੱਲ ਪ੍ਰੇਰਿਤ ਕਰਨ ਦੀ ਮੁਹਿੰਮ ਹੀ ਚਲਾਈ ਸੀ।


ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਫੜ ਕੇ ਪੰਜਾਬ ਤੋਂ ਸੈਂਕੜੇ ਮੀਲਾਂ ਦੂਰ ਡਿਬਰੂਗੜ੍ਹ ਦੀ ਜੇਲ੍ਹ ਵਿਚ ਨਜ਼ਰਬੰਦ ਕਰਨਾ ਹੀ ਇਕ ਵੱਡਾ ਧੱਕਾ ਸੀ ਪਰ ਹੁਣ ਜੇਲ੍ਹ ਵਿਚ ਵੀ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ ਨਾਲ ਹਿੰਸਾ ਕਰਨ ਦੀਆਂ ਘਟਨਾਵਾਂ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਤੁਰੰਤ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਡਿਬਰੂਗੜ੍ਹ ਜੇਲ੍ਹ ਵਿਚ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੀ ਭੁੱਖ ਹੜਤਾਲ ਨੂੰ ਗੰਭੀਰਤਾ ਨਾਲ ਲੈ ਕੇ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਤਰਜੀਹੀ ਤੌਰ ‘ਤੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨਾ ਚਾਹੀਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਬੀਤੇ ਕੱਲ੍ਹ ਦਲਜੀਤ ਸਿੰਘ ਕਲਸੀ, ਜੋ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਹਨ, ਦੀ ਜੋ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਉਸ ਦੇ ਅਨੁਸਾਰ ਆਸ ਦੇ ਜੇਲ੍ਹ ਵਿਭਾਗ ਨੇ ਪੰਜਾਬ ਸਰਕਾਰ ਨੂੰ ਲਿਖਤੀ ਪੱਤਰ ਭੇਜਿਆ ਹੈ ਕਿ ਤੁਹਾਡੇ ਬੰਦੀਆਂ ਦੀ ਰੱਖੀ ਭੁੱਖ ਹੜਤਾਲ ਨਾਲ ਸਿਹਤ ਖ਼ਰਾਬ ਹੋ ਰਹੀ ਹੈ, ਇਸ ਵਾਸਤੇ ਇਨ੍ਹਾਂ ਦੀ ਮੰਗ ਅਨੁਸਾਰ ਇਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਲਈ ਫੈਸਲਾ ਲਿਆ ਜਾਵੇ। ਸੋ, ਪੰਜਾਬ ਸਰਕਾਰ ਨੂੰ ਇਸ ਪਾਸੇ ਗੰਭੀਰਤਾ ਨਾਲ ਧਿਆਨ ਦੇ ਕੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਲਈ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਭੁੱਖ ਹੜਤਾਲ ‘ਤੇ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਕੋਈ ਵੀ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦੇ ਸਿੱਟੇ ਗੰਭੀਰ ਹੋ ਸਕਦੇ ਹਨ, ਜਿਸ ਕਾਰਨ ਸਰਕਾਰ ਨੂੰ ਤੁਰੰਤ ਉਨ੍ਹਾਂ ਦੀਆਂ ਮੰਗਾਂ ਨੂੰ ਸੁਣ ਕੇ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।

-

Top News view more...

Latest News view more...