Mon, Aug 17, 2026
Whatsapp

ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਤ ਤਹਿਤ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।

Reported by:  PTC News Desk  Edited by:  Amritpal Singh -- August 17th 2026 05:07 PM
ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਤ ਤਹਿਤ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਤ ਤਹਿਤ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਸੰਬੋਧਨ ਦੌਰਾਨ ਸੰਗਤ ਨੂੰ ਗੁਰਮਤਿ ਦੇ ਸਿਧਾਂਤਾਂ ’ਤੇ ਚੱਲਣ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਿੱਖ ਸਿਧਾਂਤਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਆਪਸੀ ਏਕਤਾ, ਸੰਜਮ ਅਤੇ ਗੁਰੂ ਸਾਹਿਬ ਦੀ ਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰ ਸਿੱਖ ਸੰਗਤ ਲਈ ਸ਼ਰਧਾ, ਸ਼ਾਂਤੀ ਅਤੇ ਆਤਮਿਕਤਾ ਦੇ ਕੇਂਦਰ ਹਨ, ਇਸ ਲਈ ਇਨ੍ਹਾਂ ਪਵਿੱਤਰ ਅਸਥਾਨਾਂ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਹਰ ਹਾਲਤ ਵਿਚ ਕਾਇਮ ਰੱਖਣਾ ਚਾਹੀਦਾ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬਹੁਤ ਸਾਰੀਆਂ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਇਸ ਲਈ ਸਿੱਖ ਸੰਸਥਾਵਾਂ ’ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਨੂੰ ਇਨ੍ਹਾਂ ਤਾਕਤਾਂ ਵਿਰੁੱਧ ਇਕਜੁਟ ਹੋਣ ਦੀ ਲੋੜ ਹੈ, ਤਾਂ ਜੋ ਇਹ ਪੰਥ ਵਿਰੋਧੀ ਸ਼ਕਤੀਆਂ ਆਪਣੇ ਮਨਸੂਬੇ ਵਿਚ ਕਾਮਯਾਬ ਨਾ ਹੋ ਸਕਣ।

ਉਨ੍ਹਾਂ ਬੀਤੇ ਦਿਨੀਂ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਕਿਸੇ ਵੀ ਤਰ੍ਹਾਂ ਦੀ ਹਿੰਸਕ ਜਾਂ ਅਣਸੁਖਾਵੀਂ ਘਟਨਾ ਨਹੀਂ ਵਾਪਰਨੀ ਚਾਹੀਦੀ। ਗੁਰੂ ਘਰ ਮਾਨਵਤਾ ਨੂੰ ਸ਼ਾਂਤੀ, ਸੇਵਾ, ਨਿਮਰਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ, ਇਸ ਲਈ ਇਥੇ ਅਜਿਹਾ ਵਰਤਾਰਾ ਸਿੱਖੀ ਦੀਆਂ ਕਦਰਾਂ-ਕੀਮਤਾਂ ਦੇ ਅਨੁਕੂਲ ਨਹੀਂ ਹੈ।

ਇਸ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਹੈ, ਜਿਥੇ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਇਕ ਅਕਾਲ ਪੁਰਖ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਅੰਦਰ ਫੈਲੇ ਅੰਧ-ਵਿਸ਼ਵਾਸ ਅਤੇ ਭਰਮ ਵਿਰੁੱਧ ਅਵਾਜ਼ ਉਠਾਈ ਅਤੇ ਲੋਕਾਈ ਨੂੰ ਸੱਚ, ਸੇਵਾ, ਸਿਮਰਨ, ਨਿਰਮਤਾ ਅਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਵਹੀਰ ਦਾ ਮੰਤਵ ਜਿਥੇ ਸੰਗਤਾਂ ਨੂੰ ਸਿੱਖ ਸਿਧਾਂਤਾਂ ਨਾਲ ਜੋੜਨਾ ਹੈ, ਉਥੇ ਹੀ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਕਰਨਾ ਹੈ।

ਉਨ੍ਹਾਂ ਸੰਗਤ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਅਤੇ ਅੰਮ੍ਰਿਤਧਾਰੀ ਹੋਣ ਦੀ ਅਪੀਲ ਵੀ ਕੀਤੀ। ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਬੁਲਾਰਿਆਂ ਨੇ ਸੰਗਤ ਨਾਲ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਅਤੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਵੀ ਕੀਤਾ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK