ਵਿਸ਼ਾਲ ਪੰਥਕ ਇਕੱਠ ’ਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤਾ ਗਿਆ ਗੁਰਮਤਾ, ਕਿਹਾ- ਹਰ ਹਲਕੇ ’ਚ ਵਿਸ਼ਾਲ ਇਕੱਠ ਕੀਤੇ ਜਾਣਗੇ
Amritsar News : ਅੰਮ੍ਰਿਤਸਰ ਦੇ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਹੋਏ ਵਿਸ਼ਾਲ ਪੰਥਕ ਇਕੱਠ ਦੌਰਾਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਮਤਾ ਪੜ੍ਹ ਕੇ ਸੁਣਾਇਆ। ਗੁਰਮਤੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਅਤੇ ਪੰਥਕ ਅਥਾਰਟੀ ਦੱਸਦਿਆਂ ਇਸ ਦੀ ਸਰਬਉੱਚਤਾ ਨੂੰ ਹਰ ਹਾਲਤ ਵਿੱਚ ਕਾਇਮ ਰੱਖਣ ਦਾ ਸੰਦੇਸ਼ ਦਿੱਤਾ ਗਿਆ।
ਗੁਰਮਤੇ ਵਿੱਚ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ਼ ਇੱਕ ਧਾਰਮਿਕ ਅਸਥਾਨ ਨਹੀਂ, ਸਗੋਂ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਉਹ ਮਹਾਨ ਸੰਸਥਾ ਹੈ ਜਿਸ ਨੇ ਚਾਰ ਸਦੀਆਂ ਤੋਂ ਸਿੱਖ ਕੌਮ ਨੂੰ ਹਰ ਔਖੇ ਸਮੇਂ ਵਿੱਚ ਦਿਸ਼ਾ ਦਿੱਤੀ ਹੈ ਅਤੇ ਖਾਲਸਾ ਪੰਥ ਦੀ ਮਰਿਆਦਾ, ਸਵੈਮਾਨ ਅਤੇ ਏਕਤਾ ਦੀ ਰੱਖਿਆ ਕੀਤੀ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ ਗਿਆ। ਗੁਰਮਤੇ ਵਿੱਚ ਕਿਹਾ ਗਿਆ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਆਦੇਸ਼ ਨੂੰ ਪੰਥ ਦੀ ਸਾਂਝੀ ਆਵਾਜ਼ ਵਜੋਂ ਸਵੀਕਾਰ ਕੀਤਾ ਜਾਂਦਾ ਹੈ। ਨਾਲ ਹੀ ਦੋਸ਼ ਲਾਇਆ ਗਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇ ਰਹੇ ਹਨ, ਜਿਸ ਨੂੰ ਪੰਥਕ ਇਕੱਠ ਨੇ ਨਿੰਦਣਯੋਗ ਕਰਾਰ ਦਿੱਤਾ।
ਗੁਰਮਤੇ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਗੁਰਮਤਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਧਾਰਮਿਕ ਅਤੇ ਕੌਮੀ ਫ਼ਰਜ਼ ਹੈ ਅਤੇ ਕਿਸੇ ਵੀ ਰਾਜਨੀਤਿਕ ਤਾਕਤ ਜਾਂ ਵਿਅਕਤੀ ਵੱਲੋਂ ਇਸ ਦੀ ਸਰਬਉੱਚਤਾ ਨੂੰ ਚੁਣੌਤੀ ਦੇਣਾ ਕਬੂਲ ਨਹੀਂ ਕੀਤਾ ਜਾਵੇਗਾ।
ਪੰਥਕ ਇਕੱਠ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਐਸਜੀਪੀਸੀ ਦੇ ਹਰ ਹਲਕੇ ਵਿੱਚ ਵਿਸ਼ਾਲ ਪੰਥਕ ਇਕੱਠ ਕਰਵਾਏ ਜਾਣਗੇ, ਜਿੱਥੇ ਸੰਗਤ ਨੂੰ ਸਿੱਖ ਕੌਮ ਨਾਲ ਜੁੜੇ ਮਸਲਿਆਂ ਅਤੇ ਕਥਿਤ ਸਾਜ਼ਿਸ਼ਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਪਿੰਡ ਪੱਧਰ 'ਤੇ ਗੁਰਸਿੱਖ ਕਮੇਟੀਆਂ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ, ਜੋ ਸਿੱਖੀ ਦੇ ਪ੍ਰਚਾਰ ਅਤੇ ਪੰਥਕ ਜਾਗਰੂਕਤਾ ਲਈ ਕੰਮ ਕਰਨਗੀਆਂ।
ਗੁਰਮਤੇ ਵਿੱਚ ਖਾਲਸਾ ਪੰਥ ਨੂੰ ਅਪੀਲ ਕੀਤੀ ਗਈ ਕਿ ਸੋਸ਼ਲ ਮੀਡੀਆ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਫੈਲਾਈ ਜਾ ਰਹੀ ਗਲਤ ਜਾਣਕਾਰੀ ਦਾ ਤੱਥਾਂ ਦੇ ਆਧਾਰ 'ਤੇ ਜਵਾਬ ਦਿੱਤਾ ਜਾਵੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਹੇਠ ਪੂਰੀ ਸਿੱਖ ਕੌਮ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ।
ਫਿਲਹਾਲ, ਇਸ ਪੰਥਕ ਇਕੱਠ ਤੋਂ ਬਾਅਦ ਸਿੱਖ ਪੰਥ ਨਾਲ ਜੁੜੇ ਇਸ ਮਾਮਲੇ 'ਤੇ ਸਿਆਸੀ ਅਤੇ ਧਾਰਮਿਕ ਚਰਚਾ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Sri Akal Takht Sahib ਨੇ ਮੁੜ ਪੰਜਾਬ ਸਰਕਾਰ ਨੂੰ ਭੇਜਿਆ ਪੱਤਰ ; ਬੇਅਦਬੀ ਐਕਟ ’ਚ ਸੋਧਾਂ ਲਈ ਦਿੱਤਾ ਗਿਆ ਹੈ 1 ਮਹੀਨੇ ਦਾ ਸਮਾਂ
- PTC NEWS