Amritsar Gutka Sahib Beadbi : ਸ੍ਰੀ ਦਰਬਾਰ ਸਾਹਿਬ ਦੇ ਨੇੜੇ ਇੱਕ ਵਿਅਕਤੀ ਵੱਲੋਂ ਕੀਤੀ ਗਈ ਗੁਟਕਾ ਸਾਹਿਬ ਦੀ ਬੇਅਦਬੀ ,ਆਰੋਪੀ ਮੌਕੇ 'ਤੇ ਕਾਬੂ
Amritsar Gutka Sahib Beadbi : ਜਿੱਥੇ ਇੱਕ ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸ਼ਹੀਦੀ ਦਿਹਾੜੇ ਚੱਲ ਰਹੇ ਹਨ ਤੇ 6 ਜੂਨ ਨੂੰ ਵੱਡਾ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ। ਉਸ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਚੱਪੇ -ਚੱਪੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੇਅਦਬੀ ਹੋਣ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ।
ਜਾਣਕਾਰੀ ਮੁਤਾਬਕ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਦੇ ਨਜ਼ਦੀਕ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜਿਸ ਵਿੱਚ ਉਸ ਵੱਲੋਂ ਗੁਟਕਾ ਸਾਹਿਬ ਦੇ ਅੰਗ ਫਾੜੇ ਗਏ ਹਨ ਜਦਕਿ ਮੌਕੇ 'ਤੇ ਹੀ ਸੰਗਤ ਵੱਲੋਂ ਉਸ ਆਰੋਪੀ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਅਤੇ ਫਿਲਹਾਲ ਪੁਲਿਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਥਰੀ ਜਸਰੂਪ ਕੌਰ ਬਾਠ ਨੇ ਦੱਸਿਆ ਕਿ ਫਿਲਹਾਲ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਪੁਲਿਸ ਦੀ ਟੀਮ ਉਸ ਤੋਂ ਜਾਂਚ ਕਰ ਰਹੀ ਹੈ। ਉਹਨਾਂ ਕਿਹਾ ਕਿ ਘੱਲੂਘਾਰੇ ਦੇ ਦਿਨ ਹੋਣ ਕਰਕੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਤੈਨਾਤ ਹੈ ਤੇ ਸੰਗਤਾਂ ਵੀ ਵੱਡੀ ਗਿਣਤੀ ਵਿੱਚ ਆ ਰਹੀਆਂ ਹਨ। ਜਦੋਂ ਇਸ ਆਰੋਪੀ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਤਾਂ ਸੰਗਤ ਵੱਲੋਂ ਹੀ ਉਸ ਆਰੋਪੀ ਨੂੰ ਕਾਬੂ ਕਰ ਲਿਆ ਗਿਆ ਸੀ। ਫਿਲਹਾਲ ਅਸੀਂ ਆਰੋਪੀ ਤੋਂ ਸਖ਼ਤੀ ਨਾਲ ਪੁੱਛਗਿੱਛ ਕਰ ਰਹੇ ਹਾਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਕਰ ਰਹੇ ਹਾਂ।
- PTC NEWS