Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਰਣਧੀਰ ਸਿੰਘ ਚੀਮਾ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਿਮਰ ਸੁਭਾਅ ਵਾਲੇ ਟਜਸਾਲੀ ਅਕਾਲੀ ਤੇ ਨੇਕਦਿਲ ਇਨਸਾਨ ਸਨ।
ਰਣਧੀਰ ਸਿੰਘ ਚੀਮਾ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਵਿਦਿਆ ਦੇ ਖੇਤਰ ਵਿਚ ਵੀ ਅਹਿਮ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਚੀਮਾ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਰਣਧੀਰ ਸਿੰਘ ਚੀਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਰਣਧੀਰ ਸਿੰਘ ਚੀਮਾ ਨਮਿਤ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ ਅਤੇ ਸ਼ੋਕ ਵਜੋਂ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਕਰ ਦਿੱਤੇ ਗਏ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਖ਼ਜ਼ਾਨਚੀ ਤਰਸੇਮ ਸਿੰਘ ਦੇ ਅਕਾਲ ਚਲਾਣੇ ’ਤੇ ਵੀ ਦੁੱਖ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ ਗਈ।
- PTC NEWS