Operation Sindoor - ''ਭਾਰਤੀ ਫੌਜ ਦੇ ਏਅਰ ਡਿਫੈਂਸ ਚੀਫ ਦਾ ਸ੍ਰੀ ਹਰਮੰਦਿਰ ਸਾਹਿਬ ਨੂੰ ਲੈ ਕੇ ਦਾਅਵਾ ਕੋਰਾ ਝੂਠ'' ; ਜਾਣੋ ਹੈਡ ਗ੍ਰੰਥੀ ਰਘਬੀਰ ਸਿੰਘ ਨੇ ਕੀ ਕਿਹਾ
Operation Sindoor - ਭਾਰਤ-ਪਾਕਿਸਤਾਨ ਤਣਾਅ ਦੇ ਵਿਚਾਲੇ ਪਾਕਿਸਤਾਨ ਵੱਲੋਂ ਭਾਰਤ ਵਿੱਚ ਮਿਜਾਇਲ ਅਟੈਕ ਕੀਤੀ ਗਈ, ਜਿਸ ਤੋਂ ਬਾਅਦ ਭਾਰਤੀ ਫੌਜ ਨੇ ਦਾਅਵਾ ਕੀਤਾ ਹੈ ਕਿ ਉਹ ਮਿਜਾਇਲ ਹਮਲਾ ਪਾਕਿਸਤਾਨ ਨੇ ਸ੍ਰੀ ਦਰਬਾਰ ਸਾਹਿਬ 'ਤੇ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਦਾ ਕਿ ਅਸੀਂ ਬਚਾਵ ਕੀਤਾ ਹੈ ਅਤੇ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤੀ ਫੌਜ ਦੇ ਇਸ ਬਿਆਨ ਨੂੰ ਮੰਨਣ ਤੋਂ ਹੀ ਇਨਕਾਰ ਕਰ ਦਿੱਤਾ ਸੀ।
ਗਿਆਨੀ ਰਘਬੀਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਭਾਰਤੀ ਫੌਜ ਦੇ ਉਸ ਦਾਅਵੇ ਨੂੰ ਵੀ ਨਕਾਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ 'ਚ ਭਾਰਤ ਰੱਖਿਆ ਤੋਪਾਂ ਤੈਨਾਤ ਕਰਨ ਦੀ ਆਗਿਆ ਦਿੱਤੀ ਸੀ।
ਦੱਸ ਦਈਏ ਕਿ ਡਾਇਰੈਕਟਰ ਜਨਰਲ, ਆਰਮੀ ਏਅਰ ਡਿਫੈਂਸ, ਲੈਫਟੀਨੈਂਟ ਜਨਰਲ ਸੁਮੇਰ ਇਵਾਨ ਡੀ'ਕੁੰਹਾ ਨੇ ਸੋਮਵਾਰ ਨੂੰ ਖੁਲਾਸਾ ਕੀਤਾ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ, ਅੰਮ੍ਰਿਤਸਰ ਦੇ ਗੋਲਡਨ ਟੈਂਪਲ (Sri Harmandir Sahib) ਦੇ ਹੈਡ ਗ੍ਰੰਥੀ ਨੇ ਭਾਰਤੀ ਫੌਜ ਨੂੰ ਪਾਕਿਸਤਾਨ ਤੋਂ ਸੰਭਾਵੀ ਡਰੋਨ ਅਤੇ ਮਿਜ਼ਾਈਲ ਖਤਰਿਆਂ ਦਾ ਮੁਕਾਬਲਾ ਕਰਨ ਲਈ ਧਾਰਮਿਕ ਸਥਾਨ ਦੇ ਅੰਦਰ ਹਵਾਈ ਰੱਖਿਆ ਤੋਪਾਂ ਤਾਇਨਾਤ ਕਰਨ ਦੀ ਆਗਿਆ ਦਿੱਤੀ ਸੀ, ਤਾਂ ਜੋ ਪਾਕਿਸਤਾਨ ਤੋਂ ਆਉਣ ਵਾਲੇ ਡਰੋਨਾਂ (Pakistani Drone) ਦਾ ਬਿਹਤਰ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨਾਲ ਮੁਕਾਬਲਾ ਕੀਤਾ ਜਾ ਸਕੇ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗਿਆਨੀ ਰਘਬੀਰ ਸਿੰਘ ਨਾਲ ਨੇ ਦੱਸਿਆ ਕਿ ਭਾਰਤੀ ਫੌਜ ਵੱਲੋਂ ਉਨ੍ਹਾਂ ਦੇ ਨਾਲ ਕਿਸੇ ਵੀ ਤਰੀਕੇ ਦਾ ਕੋਈ ਰਾਬਤਾ ਕਾਇਮ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜਦੋਂ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੀ ਸਥਿਤੀ ਬਣ ਰਹੀ ਸੀ, ਉਸ ਸਮੇਂ ਉਹ ਵਿਦੇਸ਼ ਵਿੱਚ ਗਏ ਹੋਏ ਸਨ ਅਤੇ ਇਸ ਦੌਰਾਨ ਕਿਸੇ ਵੀ ਫੌਜ ਦੇ ਅਧਿਕਾਰੀ ਅਤੇ ਕਿਸੇ ਵੀ ਭਾਰਤ ਸਰਕਾਰ ਦੇ ਅਧਿਕਾਰੀ ਦੀ ਉਹਨਾਂ ਜਾਂ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਕਿਸੇ ਵੀ ਤਰੀਕੇ ਦੀ ਕੋਈ ਗੱਲਬਾਤ ਨਹੀਂ ਹੋਈ।
ਇਸ ਦੇ ਨਾਲ ਹੀ ਉਹਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਵੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਭਾਰਤੀ ਫੌਜ ਵੱਲੋਂ ਅਜਿਹਾ ਬਿਆਨ ਕਿਉਂ ਦਿੱਤਾ ਗਿਆ? ਇਸ ਦੀ ਪੂਰੀ ਤਰੀਕੇ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਨੇ ਅੱਗੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ, ਜਿੱਥੇ ਲੱਖਾਂ ਦੀ ਤਾਦਾਦ 'ਚ ਸੰਗਤਾਂ ਮੱਥਾ ਟੇਕਣ ਆਉਂਦੀਆਂ ਹਨ ਅਤੇ ਸ੍ਰੀ ਦਰਬਾਰ ਸਾਹਿਬ ਉੱਪਰ ਹਮਲਾ ਕਰਨ ਬਾਰੇ ਕੋਈ ਵੀ ਨਹੀਂ ਸੋਚ ਸਕਦਾ।
- PTC NEWS