Jalandhar News : ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ
Jalandhar News : ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਦੇ ਭਗੌੜੇ ਪੁੱਤਰ ਰਾਜਨ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅੱਜ ਹਾਈ ਕੋਰਟ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਰਾਜਨ ਅਰੋੜਾ ਦੀ ਗ੍ਰਿਫ਼ਤਾਰੀ 'ਤੇ 24 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ। ਇਹ ਰਾਹਤ ਉਸ ਸਮੇਂ ਆਈ ਹੈ ਜਦੋਂ ਵਿਜੀਲੈਂਸ ਬਿਊਰੋ ਨੇ ਰਾਜਨ ਅਰੋੜਾ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਸੀ ਅਤੇ ਉਸ ਦੇ ਦੁਬਈ ਵਿੱਚ ਲੁਕਣ ਦੀ ਸੰਭਾਵਨਾ ਸੀ।
ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਰਾਜਨ ਅਰੋੜਾ ਨੇ ਆਪਣੀ ਅਗਾਊਂ ਜ਼ਮਾਨਤ ਪਟੀਸ਼ਨ ਵਿਚ ਕਿਹਾ ਕਿ ਉਸ ਨੂੰ ਬਿਨਾਂ ਕਿਸੇ ਕਾਰਨ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ, ਉਸ ਦਾ ਨਾ ਤਾਂ ਜਲੰਧਰ ਨਗਰ ਨਿਗਮ ਦੇ ਕਿਸੇ ਮਾਮਲੇ ਨਾਲ ਕੋਈ ਲੈਣਾ-ਦੇਣਾ ਹੈ ਅਤੇ ਨਾ ਹੀ ਉਹ ਇਸ ਵਿਚ ਸ਼ਾਮਿਲ ਹੈ। ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।
ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਰਾਜਨ ਅਰੋੜਾ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਹੁਣ ਰਾਜਨ ਅਰੋੜਾ ਨੂੰ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ। ਪਹਿਲਾਂ ਵਿਜੀਲੈਂਸ ਜਾਂਚ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਰਾਜਨ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਦੁਬਈ ਵਿੱਚ ਲੁਕਿਆ ਹੋਇਆ ਸੀ। LOC ਜਾਰੀ ਹੋਣ ਤੋਂ ਬਾਅਦ ਵਿਦੇਸ਼ ਤੋਂ ਵਾਪਸੀ 'ਤੇ ਉਸਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਵੱਧ ਗਈ ਸੀ ਪਰ ਹੁਣ ਉਸਨੂੰ ਹਾਈ ਕੋਰਟ ਦੇ ਹੁਕਮਾਂ ਨਾਲ ਅਸਥਾਈ ਰਾਹਤ ਮਿਲੀ ਹੈ।
ਇਹ ਘਟਨਾਕ੍ਰਮ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਸ਼ੁੱਕਰਵਾਰ ਨੂੰ ਵਿਧਾਇਕ ਰਮਨ ਅਰੋੜਾ ਅਤੇ ਉਸਦੇ ਸਮਧੀ ਰਾਜੂ ਮਦਾਨ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਅਦਾਲਤ ਵਿੱਚ ਰੱਦ ਕਰ ਦਿੱਤਾ ਗਿਆ। ਉਦੋਂ ਤੋਂ ਹੀ ਵਿਜੀਲੈਂਸ ਬਿਊਰੋ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਇਹ ਧਿਆਨ ਦੇਣ ਯੋਗ ਹੈ ਕਿ ਰਾਜਨ ਦੇ ਵਿਧਾਇਕ ਪਿਤਾ ਰਮਨ ਅਰੋੜਾ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਅਦਾਲਤ ਵੱਲੋਂ ਰੱਦ ਕਰ ਦਿੱਤੀ ਜਾ ਚੁੱਕੀ ਹੈ, ਜਿਸ ਕਾਰਨ ਉਨ੍ਹਾਂ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। ਇਹ ਮਾਮਲਾ ਭ੍ਰਿਸ਼ਟਾਚਾਰ ਨਾਲ ਸਬੰਧਤ ਹੈ, ਜਿਸ ਵਿੱਚ ਵਿਧਾਇਕ ਰਮਨ ਅਰੋੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ 'ਤੇ ਕਥਿਤ ਬੇਨਿਯਮੀਆਂ ਅਤੇ ਵਿੱਤੀ ਬੇਨਿਯਮੀਆਂ ਦੇ ਆਰੋਪ ਲਗਾਏ ਗਏ ਹਨ। ਵਿਜੀਲੈਂਸ ਬਿਊਰੋ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ।
ਵਿਧਾਇਕ ਰਮਨ ਅਰੋੜਾ ਨੂੰ 23 ਮਈ ਨੂੰ ਕੀਤਾ ਸੀ ਗ੍ਰਿਫ਼ਤਾਰ
ਵਿਧਾਇਕ ਰਮਨ ਅਰੋੜਾ ਨੂੰ 23 ਜੂਨ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਫੜਿਆ ਗਿਆ ਸੀ, ਜਿਸ ਵਿੱਚ ਉਨ੍ਹਾਂ 'ਤੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਜਾਇਦਾਦ ਬਣਾਉਣ ਅਤੇ ਬੇਨਿਯਮੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁੱਛਗਿੱਛ ਲਈ ਪੁਲਿਸ ਰਿਮਾਂਡ 'ਤੇ ਲਿਆ ਗਿਆ। ਹੁਣ ਰਮਨ ਅਰੋੜਾ ਜੇਲ੍ਹ ਵਿੱਚ ਹੈ। ਉਨ੍ਹਾਂ ਦੇ ਸਮਧੀ ਰਾਜੂ ਮਦਨ ਅਤੇ ਪੁੱਤਰ ਰਾਜਨ ਅਰੋੜਾ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।
- PTC NEWS