ਪੰਜਾਬ 'ਚ ਇੱਕ ਹੋਰ ਭਰਤੀ 'ਤੇ ਲੱਗੀ ਰੋਕ ! ਹਾਈਕੋਰਟ ਨੇ ਪੰਜਾਬ ਸਰਕਾਰ ਤੋਂ 2 ਸਤੰਬਰ ਤੱਕ ਮੰਗਿਆ ਜਵਾਬ
Block Program Manager : ਪੰਜਾਬ 'ਚ ਫਾਰਮੇਸੀ ਪੇਪਰ ਲੀਕ ਵਿਚਾਲੇ ਇੱਕ ਹੋਰ ਭਰਤੀ 'ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ 85 ਬਲਾਕ ਪ੍ਰੋਗਰਾਮ ਮੈਨੇਜਰ ਅਤੇ ਕਲੱਸਟਰ ਕੋਆਰਡੀਨੇਟਰ ਅਸਾਮੀਆਂ ਦੀ ਨਿਯੁਕਤੀ 'ਤੇ ਪੰਜਾਬ ਸਰਕਾਰ ਤੋਂ 2 ਸਤੰਬਰ ਤੱਕ ਜਵਾਬ ਮੰਗਿਆ ਹੈ। ਇਨ੍ਹਾਂ ਵਿੱਚ 41 ਬਲਾਕ ਪ੍ਰੋਗਰਾਮ ਮੈਨੇਜਰ ਅਤੇ 44 ਕਲੱਸਟਰ ਕੋਆਰਡੀਨੇਟਰ ਦੀਆਂ ਅਸਾਮੀਆਂ ਸ਼ਾਮਲ ਹਨ।
ਭਰਤੀ 'ਚ ਬੇਨਿਯਮੀਆਂ ਦੇ ਲੱਗੇ ਸਨ ਦੋਸ਼
ਇਸ ਭਰਤੀ ਪ੍ਰਕਿਰਿਆ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਭਰਤੀ ਦੌਰਾਨ ਨਿਯਮਾਂ ਦੀ ਉਲੰਘਣਾ ਅਤੇ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾਏ ਗਏ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹਾਈ ਕੋਰਟ ਨੇ ਭਰਤੀ ਨਾਲ ਸਬੰਧਤ ਪੂਰਾ ਰਿਕਾਰਡ ਆਪਣੀ ਹਿਰਾਸਤ ਵਿੱਚ ਲੈ ਕੇ ਸੀਲ ਕਰ ਦਿੱਤਾ ਸੀ।
ਭਰਤੀ ਪ੍ਰਕਿਰਿਆ ਦੀ ਜਾਂਚ ਲਈ ਹਾਈ ਕੋਰਟ ਦੀ ਨਿਗਰਾਨੀ ਹੇਠ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਦੀ ਅਗਵਾਈ ਇੱਕ ਵਕੀਲ ਵੱਲੋਂ ਕੀਤੀ ਗਈ, ਜਦਕਿ ਇਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਿਪਟੀ ਡਾਇਰੈਕਟਰ ਅਤੇ ਇੱਕ DDPO ਨੂੰ ਵੀ ਸ਼ਾਮਲ ਕੀਤਾ ਗਿਆ ਸੀ।
ਕਮੇਟੀ ਨੇ ਹਾਈਕੋਰਟ ਨੂੰ ਸੌਂਪੀ ਸੀਲਬੰਦ ਰਿਪੋਰਟ
ਕਮੇਟੀ ਨੇ ਭਰਤੀ ਨਾਲ ਸਬੰਧਤ ਰਿਕਾਰਡ ਦੀ ਜਾਂਚ ਕਰਨ ਤੋਂ ਬਾਅਦ ਆਪਣੀ ਸੀਲਬੰਦ ਰਿਪੋਰਟ ਹਾਈ ਕੋਰਟ ਵਿੱਚ ਪੇਸ਼ ਕਰ ਦਿੱਤੀ ਹੈ। ਹਾਈ ਕੋਰਟ ਨੇ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਾਂਚ ਦੌਰਾਨ ਕਈ ਬਿਨੈਕਾਰਾਂ ਦੀ ਮਾਰਕਿੰਗ ਵਿੱਚ ਬੇਨਿਯਮੀਆਂ ਸਾਹਮਣੇ ਆਈਆਂ ਹਨ।
ਇਹ ਵੀ ਪੜ੍ਹੋ... ED ਦੀ ਰਾਡਾਰ ’ਤੇ CM ਭਗਵੰਤ ਮਾਨ ਦਾ OSD ਰਾਜਵੀਰ ਘੁੰਮਣ ! ਈਡੀ ਨੇ ਡੀਜੀਪੀ ਨੂੰ ਲਿਖਿਆ ਪੱਤਰ
ਅਦਾਲਤ ਨੇ ਜਾਂਚ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪਦਿਆਂ ਸਰਕਾਰ ਨੂੰ ਇਸ ’ਤੇ ਆਪਣਾ ਜਵਾਬ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਸਤੰਬਰ ਨੂੰ ਹੋਵੇਗੀ।
ਹਾਈ ਕੋਰਟ ਨੇ ਇਸ ਦੇ ਨਾਲ ਹੀ 85 ਅਸਾਮੀਆਂ ਦੀ ਭਰਤੀ ਪ੍ਰਕਿਰਿਆ ’ਤੇ ਲੱਗੀ ਰੋਕ ਨੂੰ ਅਗਲੇ ਹੁਕਮਾਂ ਤੱਕ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਹੁਣ ਸਰਕਾਰ ਦੇ ਜਵਾਬ ਅਤੇ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਅਦਾਲਤ ਵੱਲੋਂ ਅਗਲੀ ਕਾਰਵਾਈ ਸਬੰਧੀ ਫੈਸਲਾ ਲਿਆ ਜਾਵੇਗਾ।
- PTC NEWS