Amritsar Physical assault case : ਮਹਿਲਾ ਵਕੀਲ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ ਪੰਜਾਬ ਦੇ ਗ੍ਰਹਿ ਸਕੱਤਰ ਸਮੇਤ ਡੀਜੀਪੀ ਤੇ ਅੰਮ੍ਰਿਤਸਰ ਦੇ ਉਚ ਪੁਲਿਸ ਅਧਿਕਾਰੀ ਤਲਬ
Amritsar Advocate Physical assault : ਸਮੂਹਿਕ ਜਿਨਸੀ ਸੋਸ਼ਣ ਪੀੜਤ ਅੰਮ੍ਰਿਤਸਰ ਦੀ ਮਹਿਲਾ ਵਕੀਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਦੇ ਗ੍ਰਹਿ ਸਕੱਤਰ ਸਮੇਤ ਡੀਜੀਪੀ, ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਸੀਆਈਏ ਅੰਮ੍ਰਿਤਸਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਵੀ ਦਾਇਰ ਕਰਨ ਦੇ ਆਦੇਸ਼ ਦਿੱਤੇ ਗਏ।
23 ਫਰਵਰੀ ਦੀ ਹੈ ਘਟਨਾ
ਅੰਮ੍ਰਿਤਸਰ ਦੀ ਮਹਿਲਾ ਵਕੀਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਪੁਲਿਸ ਉਸ ’ਤੇ ਆਪਣਾ ਇੱਕ ਕੇਸ ਵਾਪਸ ਲੈਣ ਲਈ ਦਬਾਅ ਪਾ ਰਹੀ ਹੈ, ਜਦੋਂ ਉਸ ਨੇ ਇਨਕਾਰ ਕੀਤਾ ਤਾਂ ਅੰਮ੍ਰਿਤਸਰ ਪੁਲਿਸ ਦੇ ਸੀਆਈਏ ਸਟਾਫ਼ ਦੇ ਮੁਲਾਜ਼ਮਾਂ ਨੇ ਉਸ ਨੂੰ 23 ਫਰਵਰੀ ਨੂੰ ਚੁੱਕ ਲਿਆ ਅਤੇ ਬਾਅਦ ਵਿੱਚ ਉਸ ਦਾ ਸਮੂਹਿਕ ਸਰੀਰਕ ਸ਼ੋਸ਼ਣ ਕੀਤਾ। ਇਸ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਬਾਅਦ ਇਕ ਵਾਰ ਫਿਰ ਉਹੀ ਹਰਕਤ ਕੀਤੀ ਗਈ ਅਤੇ ਉਸ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਸ ਨੇ ਭਵਿੱਖ ਵਿਚ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਸ ਦੇ ਨਤੀਜੇ ਮਾੜੇ ਹੋਣਗੇ। ਕਾਫੀ ਕੋਸ਼ਿਸ਼ਾਂ ਤੋਂ ਬਾਅਦ ਮਹਿਲਾ ਵਕੀਲ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਪਰ ਅਜੇ ਤੱਕ ਉਸ ਨੂੰ ਐਫਆਈਆਰ ਦੀ ਕਾਪੀ ਵੀ ਨਹੀਂ ਦਿੱਤੀ ਗਈ।
ਪੀੜਤਾ ਨੇ ਜਾਨ ਨੂੰ ਖਤਰਾ ਦੱਸਦਿਆਂ ਮੰਗੀ ਸੁਰੱਖਿਆ
ਹੁਣ ਮਹਿਲਾ ਵਕੀਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਇਨ੍ਹਾਂ ਪੁਲਿਸ ਮੁਲਾਜ਼ਮਾਂ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ ਅਤੇ ਆਪਣੇ ਕੇਸ ਦੀ ਜਾਂਚ ਤੁਰੰਤ ਮੁਕੰਮਲ ਕਰਨ ਅਤੇ ਮੁਲਜ਼ਮ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ।
ਅੱਜ ਮਹਿਲਾ ਵਕੀਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਗ੍ਰਹਿ ਸਕੱਤਰ ਸਮੇਤ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ 7 ਅਪ੍ਰੈਲ ਨੂੰ ਮਾਮਲੇ ਦੀ ਅਗਲੀ ਸੁਣਵਾਈ 'ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
- PTC NEWS