Fri, Jun 13, 2025
Whatsapp

ਸੀ.ਐੱਮ ਮਾਨ ਦਾ ਕੈਪਟਨ ਨੂੰ ਕਰਾਰਾ ਜਵਾਬ, ਕਿਹਾ - ਤੁਹਾਡੀ ਸਿਆਣਪ ਨੇ ਪੰਜਾਬ ਨੂੰ ਕੀਤਾ ਬਰਬਾਦ

Reported by:  PTC News Desk  Edited by:  Jasmeet Singh -- July 03rd 2023 02:13 PM
ਸੀ.ਐੱਮ ਮਾਨ ਦਾ ਕੈਪਟਨ ਨੂੰ ਕਰਾਰਾ ਜਵਾਬ, ਕਿਹਾ - ਤੁਹਾਡੀ ਸਿਆਣਪ ਨੇ ਪੰਜਾਬ ਨੂੰ ਕੀਤਾ ਬਰਬਾਦ

ਸੀ.ਐੱਮ ਮਾਨ ਦਾ ਕੈਪਟਨ ਨੂੰ ਕਰਾਰਾ ਜਵਾਬ, ਕਿਹਾ - ਤੁਹਾਡੀ ਸਿਆਣਪ ਨੇ ਪੰਜਾਬ ਨੂੰ ਕੀਤਾ ਬਰਬਾਦ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਖ਼ੁਦ ਨੂੰ ਸਿਆਣੇ ਕਹਿਣ ਵਾਲੇ ਪਟਿਆਲੇ ਦੇ ਇਸ ਵਾਰਸ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਪੰਜਾਬ ਜਾਣਦਾ ਹੈ ਕਿ ਕੈਪਟਨ ਨੂੰ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਬਜਾਏ ਆਪਣੀ ਕੁਰਸੀ ਦੀ ਚਿੰਤਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਮਹਿਲਾਂ ਵਿੱਚ ਕੈਦ ਕਰ ਕੇ ਕੈਪਟਨ ਨੇ ਸੱਤਾ ਵਿੱਚ ਰਹਿੰਦੇ ਹੋਏ ਸੂਬੇ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕੈਪਟਨ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਪੰਜਾਬੀ ਇਸ ਗੱਲ ਨੂੰ ਕਦੇ ਨਹੀਂ ਭੁੱਲ ਸਕਦਾ ਕਿ ਕੈਪਟਨ ਦੇ ਪੁਰਖਿਆਂ ਨੇ ਆਪਣੇ ਸਵਾਰਥਾਂ ਲਈ ਮੁਗਲਾਂ ਅਤੇ ਅੰਗਰੇਜ਼ਾਂ ਦਾ ਸਾਥ ਦਿੱਤਾ ਸੀ ਅਤੇ ਉਨ੍ਹਾਂ ਨੇ ਬਰਤਾਨਵੀ ਸ਼ਾਸਨ ਦੌਰਾਨ ਦੇਸ਼ ਦੀ ਆਜ਼ਾਦੀ ਲਈ ਲੜ ਰਹੇ ਦੇਸ਼ ਭਗਤਾਂ 'ਤੇ ਅਣਗਿਣਤ ਅੱਤਿਆਚਾਰ ਕੀਤੇ ਸਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਪੁਰਖਿਆਂ ਦੀ ਲੀਹ 'ਤੇ ਚੱਲਦਿਆਂ ਆਪਣੇ ਸਿਆਸੀ ਹਿੱਤਾਂ ਨੂੰ ਪੂਰਨ ਲਈ ਲੋੜ ਪੈਣ ਉਤੇ ਕਾਂਗਰਸ ਅਤੇ ਅਕਾਲੀਆਂ ਨਾਲ ਸਾਂਝ ਪਾਈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਲਈ ਜ਼ਿੰਮੇਵਾਰ ਹੋਣ ਦੇ ਬਾਵਜੂਦ ਕੈਪਟਨ ਨੇ ਹੁਣ ਇੱਕ ਵਾਰ ਫਿਰ ਪੰਜਾਬ ਅਤੇ ਕਿਸਾਨ ਵਿਰੋਧੀ ਭਗਵਾ ਪਾਰਟੀ ਨਾਲ ਹੱਥ ਮਿਲਾਉਣ ਦਾ ਫੈਸਲਾ ਕੀਤਾ ਹੈ।


ਮੁੱਖ ਮੰਤਰੀ ਨੇ ਕਿਹਾ ਕਿ ‘ਸੱਤਾ ਦੇ ਭੁੱਖੇ’ ਕੈਪਟਨ ਨੇ ਸਿਰਫ਼ ਸੱਤਾ ਦੀ ਖਾਤਰ ਹੀ ਪੱਖ ਬਦਲਿਆ ਹੈ, ਜੋ ਕਿ ਉਸ ਦੇ ਪੁਰਖਿਆਂ ਨੇ 1919 ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੌਰਾਨ ਅੰਗਰੇਜ਼ਾਂ ਦਾ ਸਾਥ ਦੇ ਕੇ ਕੀਤਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਪਹਿਲਾਂ ਹੀ ਕਿਸਾਨਾਂ ਅਤੇ ਪੰਜਾਬੀਆਂ ਨਾਲ ਕੀਤੇ ਧੋਖੇ ਦੀ ਸਜ਼ਾ ਭੁਗਤ ਚੁੱਕੇ ਹਨ ਕਿਉਂਕਿ ਲੋਕਾਂ ਨੇ ਉਸ ਨੂੰ ਰਾਜ ਦੇ ਸਿਆਸੀ ਅਖਾੜੇ ਤੋਂ ਬੇਦਖਲ ਕਰ ਦਿੱਤਾ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ 2022 ਦੀਆਂ ਚੋਣਾਂ ਵਿਚ ਉਨ੍ਹਾਂ ਦੇ ਸਾਰੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਚੁੱਕੀਆਂ ਹਨ ਪਰ ਹੁਣ ਸਿਆਸੀ ਪਿੜ ਵਿੱਚ ਆਉਣ ਲਈ ਕੈਪਟਨ ਸੂਬੇ ਵਿਚ ਬੇਬੁਨਿਆਦ ਅਤੇ ਗੁੰਮਰਾਹਕੁਨ ਬਿਆਨਬਾਜ਼ੀ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਕੈਪਟਨ ਅਮਰਿੰਦਰ ਸਿੰਘ ਨੇ ਅੰਸਾਰੀ ਦੀ ਨਜ਼ਰਬੰਦੀ ਦੇ ਬਿਆਨ 'ਤੇ ਮਾਨ ਦੀ ਕੀਤੀ ਨਿਖੇਧੀ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ਦੀ ਨਿਖੇਦੀ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਪੰਜਾਬ ਵਿੱਚ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਸਬੰਧ ਵਿੱਚ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਦਿੱਤੇ ਪੈਸੇ ਵਸੂਲੇਗੀ।  ਇਸ ਬਿਆਨ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਅਜਿਹੇ ਬਿਆਨ ਜਾਰੀ ਕਰਨ ਤੋਂ ਪਹਿਲਾਂ ਕਾਨੂੰਨ ਅਤੇ ਜਾਂਚ ਦੀ ਪ੍ਰਕਿਰਿਆ ਨੂੰ ਸਿੱਖਣ ਲਈ ਕਿਹਾ ਜੋ ਪ੍ਰਸ਼ਾਸਨ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਦੀ ਅਗਿਆਨਤਾ ਨੂੰ ਉਜਾਗਰ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਢੇ ਨੌਂ ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਜਦਕਿ ਮਾਨ ਨੇ ਡੇਢ ਸਾਲ ਵੀ ਪੂਰਾ ਨਹੀਂ ਕੀਤਾ ਹੈ ਅਤੇ ਉਨ੍ਹਾਂ ਨੂੰ ਅਜਿਹੇ ਅਣਜਾਣ ਬਿਆਨ ਦੇਣ ਤੋਂ ਪਹਿਲਾਂ ਸਾਸ਼ਨ ਬਾਰੇ ਸਿੱਖਣਾ ਅਤੇ ਤਜ਼ਰਬਾ ਹਾਸਲ ਕਰਨਾ ਚਾਹੀਦਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ.........

ਇਹ ਵੀ ਪੜ੍ਹੋ: ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਹੁਣ ਹਿਮਾਚਲ ਨੇ ਵੀ ਚੰਡੀਗੜ੍ਹ 'ਤੇ ਠੋਕੀ ਆਪਣੀ ਦਾਵੇਦਾਰੀ, ਬਣਾਈ ਵੱਖਰੀ ਕਮੇਟੀ

- PTC NEWS

Top News view more...

Latest News view more...

PTC NETWORK