ਭਾਰਤ ਸਰਕਾਰ ਨੇ ਪਾਕਿਸਤਾਨ ਜਾਣ ਵਾਲੇ ਜਥਿਆਂ ’ਤੇ ਲਾਇਆ ਟੈਕਸ ! ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਤਾਇਆ ਇਤਰਾਜ਼
India Entry Fee : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv. Harjinder Singh Dhami) ਨੇ ਭਾਰਤ ਸਰਕਾਰ (Government of India) ਵੱਲੋਂ ਪਾਕਿਸਤਾਨ (Pakistan) ਜਾਣ ਵਾਲੇ ਯਾਤਰੂਆਂ ਤੋਂ ਦਾਖ਼ਲਾ ਫੀਸ ਲਏ ਜਾਣ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਇਸ ਫੈਸਲੇ ਤੋਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣਾ ਹਰ ਸਿੱਖ ਦੀ ਆਸਥਾ ਹੈ। ਸਰਕਾਰ ਵੱਲੋਂ ਕੀਤੇ ਅਜਿਹੇ ਫੈਸਲੇ ਨਾਲ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ’ਤੇ ਵੀ ਅਸਰ ਪਵੇਗਾ।
ਆਉਣ-ਜਾਣ 'ਤੇ ਦੇਣਾ ਪਵੇਗਾ ਟੈਕਸ, ਧਾਮੀ ਬੋਲੇ - ਟੈਕਸ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ
ਐਡਵੋਕੇਟ ਧਾਮੀ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਪਾਕਿਸਤਾਨ ਜਾਣ ਵਾਲੇ ਯਾਤਰੂਆਂ ਤੋਂ 200 ਰੁਪਏ ਜਾਣ ਅਤੇ 200 ਰੁਪਏ ਆਉਣ ਸਮੇਂ ਦਾਖ਼ਲਾ ਫੀਸ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵੰਡ ਸਮੇਂ ਵਿਛੜ ਗਏ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਹਰ ਸਿੱਖ ਦੇ ਮਨ ਵਿਚ ਹਮੇਸ਼ਾ ਰਹਿੰਦੀ ਹੈ, ਜਿਸ ਲਈ ਸੰਗਤਾਂ ਅਰਦਾਸ ਕਰਦੀਆਂ ਹਨ। ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਗੁਰਪੁਰਬ ਅਤੇ ਇਤਿਹਾਸਕ ਦਿਹਾੜਿਆਂ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਂਦੇ ਹਨ। ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਤੋਂ ਦਾਖ਼ਲਾ ਫੀਸ ਵਸੂਲੇ ਜਾਣਾ, ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।
'ਪਹਿਲਾਂ ਪਾਕਿਸਤਾਨ ਤੇ ਹੁਣ ਭਾਰਤ ਸਰਕਾਰ ਨੇ ਨਿਰਾਸ਼ ਕੀਤੇ ਸ਼ਰਧਾਲੂ'
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਕਿਸਤਾਨ ਸਰਕਾਰ ਵੱਲੋਂ ਲਈ ਜਾਂਦੀ 20 ਡਾਲਰ ਫੀਸ ਨੂੰ ਖ਼ਤਮ ਕੀਤੇ ਜਾਣ ਦੀ ਮੰਗ ਕਰਦੀ ਆ ਰਹੀ ਹੈ। ਹੁਣ ਭਾਰਤ ਸਰਕਾਰ ਵੱਲੋਂ ਕੀਤੇ ਗਏ ਨਵੇਂ ਫੈਸਲੇ ਨਾਲ ਸਿੱਖ ਸ਼ਰਧਾਲੂ ਪ੍ਰਭਾਵਿਤ ਹੋਣਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹਾ ਕੋਈ ਵੀ ਫੈਸਲਾ ਲਾਗੂ ਨਾ ਕੀਤਾ ਜਾਵੇ, ਜਿਸ ਨਾਲ ਸਿੱਖ ਸ਼ਰਧਾਲੂਆਂ ਦੀ ਆਸਥਾ ਨੂੰ ਸੱਟ ਵੱਜੇ। ਉਨ੍ਹਾਂ ਸਰਕਾਰ ਨੂੰ ਤਾਜ਼ਾ ਫੈਸਲਾ ਤੁਰੰਤ ਵਾਪਸ ਲੈਣ ਦੀ ਅਪੀਲ ਵੀ ਕੀਤੀ।
- PTC NEWS