Tapan Kumar Deka : ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਕੁਮਾਰ ਡੇਕਾ ਦਾ ਕਾਰਜਕਾਲ ਇੱਕ ਸਾਲ ਲਈ ਹੋਰ ਵਧਾਇਆ ,ਹੁਣ ਜੂਨ 2026 ਤੱਕ ਸੰਭਾਲਣਗੇ ਜ਼ਿੰਮੇਵਾਰੀ
IB Director Tapan Kumar Deka : ਕੇਂਦਰ ਸਰਕਾਰ ਨੇ ਇੰਟੈਲੀਜੈਂਸ ਬਿਊਰੋ (IB) ਦੇ ਡਾਇਰੈਕਟਰ ਤਪਨ ਕੁਮਾਰ ਡੇਕਾ ਦਾ ਕਾਰਜਕਾਲ ਇੱਕ ਸਾਲ ਲਈ ਵਧਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਨਿਯੁਕਤੀ ਕਮੇਟੀ (ਏਸੀਸੀ) ਨੇ ਉਨ੍ਹਾਂ ਦੇ ਸੇਵਾਕਾਲ ਦੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਡੇਕਾ 30 ਜੂਨ 2026 ਤੱਕ ਇਸ ਅਹੁਦੇ 'ਤੇ ਰਹਿਣਗੇ। ਉਨ੍ਹਾਂ ਦਾ ਕਾਰਜਕਾਲ 30 ਜੂਨ ਨੂੰ ਖਤਮ ਹੋਣ ਵਾਲਾ ਸੀ।
ਡੇਕਾ 1988 ਬੈਚ ਦੇ ਆਈਪੀਐਸ ਅਧਿਕਾਰੀ ਹਨ ਅਤੇ ਜੁਲਾਈ 2022 ਤੋਂ ਦੇਸ਼ ਦੀ ਸਭ ਤੋਂ ਮਹੱਤਵਪੂਰਨ ਖੁਫੀਆ ਏਜੰਸੀ ਦੇ ਮੁਖੀ ਵਜੋਂ ਸੇਵਾ ਨਿਭਾ ਰਹੇ ਹਨ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਡੇਕਾ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਜਸ਼ੈਲੀ ਅਤੇ ਦੇਸ਼ ਦੀ ਅੰਦਰੂਨੀ ਸੁਰੱਖਿਆ ਵਿੱਚ ਯੋਗਦਾਨ ਦੇ ਕਾਰਨ ਸੇਵਾ ਵਿੱਚ ਇੱਕ ਸਾਲ ਦਾ ਵਾਧਾ ਦਿੱਤਾ ਗਿਆ ਹੈ। ਉਨ੍ਹਾਂ ਦੀ ਅਗਵਾਈ ਕੇਂਦਰ ਸਰਕਾਰ ਲਈ ਭਰੋਸੇਯੋਗ ਅਤੇ ਪ੍ਰਭਾਵਸ਼ਾਲੀ ਸਾਬਤ ਹੋਈ ਹੈ।
ਤਪਨ ਕੁਮਾਰ ਡੇਕਾ 1988 ਬੈਚ ਦੇ ਹਿਮਾਚਲ ਪ੍ਰਦੇਸ਼ ਕੇਡਰ ਦੇ ਆਈਪੀਐਸ ਅਧਿਕਾਰੀ ਹਨ। ਉਨ੍ਹਾਂ ਨੂੰ ਪਹਿਲੀ ਵਾਰ ਜੂਨ 2022 ਵਿੱਚ ਦੋ ਸਾਲਾਂ ਦੀ ਮਿਆਦ ਲਈ ਆਈਬੀ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਸੀ। ਡੇਕਾ ਨੇ ਆਪਣੇ ਕਰੀਅਰ ਦਾ ਜ਼ਿਆਦਾਤਰ ਸਮਾਂ ਇੰਟੈਲੀਜੈਂਸ ਬਿਊਰੋ ਵਿੱਚ ਬਿਤਾਇਆ ਹੈ। ਉਨ੍ਹਾਂ ਨੇ ਅੱਤਵਾਦ ਅਤੇ ਕੱਟੜਵਾਦ ਨਾਲ ਸਬੰਧਤ ਕਈ ਮਹੱਤਵਪੂਰਨ ਮਾਮਲਿਆਂ ਨੂੰ ਸੰਭਾਲਿਆ ਹੈ। ਖਾਸ ਕਰਕੇ ਜੰਮੂ-ਕਸ਼ਮੀਰ ਵਿੱਚ ਅੱਤਵਾਦ ਅਤੇ ਟਾਰਗੇਟ ਕਿਲਿੰਗ ਨਾਲ ਸਬੰਧਤ ਮਾਮਲਿਆਂ ਵਿੱਚਉਨ੍ਹਾਂ ਦੀ ਭੂਮਿਕਾ ਫੈਸਲਾਕੁੰਨ ਰਹੀ ਹੈ।
ਡੇਕਾ ਨੂੰ 2024 ਵਿੱਚ ਦਿੱਤੀ ਗਈ ਸੀ ਤਰੱਕੀ
ਡੇਕਾ ਨੂੰ ਜੂਨ 2024 ਵਿੱਚ ਇੰਟੈਲੀਜੈਂਸ ਬਿਊਰੋ ਵਿੱਚ ਵਿਸ਼ੇਸ਼ ਨਿਰਦੇਸ਼ਕ ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਉਹ ਵਧੀਕ ਨਿਰਦੇਸ਼ਕ ਵਜੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ਦੀ ਅਗਵਾਈ ਹੇਠ ਆਈਬੀ ਨੇ ਹਾਲ ਹੀ ਦੇ ਸਾਲਾਂ ਵਿੱਚ ਕਈ ਗੁੰਝਲਦਾਰ ਅਤੇ ਸੰਵੇਦਨਸ਼ੀਲ ਸੁਰੱਖਿਆ ਚੁਣੌਤੀਆਂ ਨਾਲ ਸਫਲਤਾਪੂਰਵਕ ਨਜਿੱਠਿਆ ਹੈ। ਡੇਕਾ ਦੇ ਕਾਰਜਕਾਲ ਵਿੱਚ ਵਾਧੇ ਤੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਅੰਦਰੂਨੀ ਸੁਰੱਖਿਆ ਪ੍ਰਤੀ ਬਹੁਤ ਸੁਚੇਤ ਹੈ ਅਤੇ ਤਜਰਬੇਕਾਰ ਅਧਿਕਾਰੀਆਂ ਦੀ ਅਗਵਾਈ ਨੂੰ ਤਰਜੀਹ ਦੇ ਰਹੀ ਹੈ।
- PTC NEWS