Punjab Blast News : ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ ਕਰਨ ਵਾਲੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਨੇ 6 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ
Punjab Blast News : ਜਲੰਧਰ ‘ਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਅੱਜ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਨੇ 6 ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮ ਰਵਿੰਦਰ ਕੁਮਾਰ ਨਿਵਾਸੀ ਸੁਭਾਨਾ ਰੋਡ, ਗੜਾ, ਜਲੰਧਰ ਅਤੇ ਸਤੀਸ਼ ਉਰਫ ਕਾਕਾ ਨਿਵਾਸੀ ਭਾਰਗੋ ਕੈਂਪ, ਜਲੰਧਰ ਦੇ ਹੀ ਰਹਿਣ ਵਾਲੇ ਹਨ।
ਪੁਲਿਸ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਨੇ ਆਪਣੀਆਂ ਕੁਝ ਟੀਮਾਂ ਦੂਜੇ ਸੂਬਿਆਂ ਵਿਚ ਵੀ ਭੇਜੀਆਂ ਹਨ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੂੰ ਮਹੱਤਵਪੂਰਨ ਸੁਰਾਗ ਮਿਲੇ ਹਨ।
ਦਰਅਸਲ 'ਚ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਜਲੰਧਰ ਦੇ ਸੈਂਟਰਲ ਟਾਊਨ ਵਿਚ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰਨੇਡ ਹਮਲਾ ਹੋਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ 12 ਘੰਟਿਆਂ ਦੇ ਅੰਦਰ-ਅੰਦਰ ਕੇਸ ਸੁਲਝਾ ਲਿਆ ਅਤੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਘਟਨਾ ਦੇ ਸਬੰਧ ‘ਚ ਪੁਲਿਸ ਨੇ ਕੱਲ੍ਹ ਈ-ਰਿਕਸ਼ਾ ਬਰਾਮਦ ਕੀਤਾ ਸੀ।
ਪੰਜਾਬ ਪੁਲਸ ਦੇ ਵਿਸ਼ੇਸ਼ ਡੀ.ਜੀ. ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਸੀ ਕਿ ਮੁੱਢਲੀ ਜਾਂਚ ਵਿਚ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ.ਐੱਸ.ਆਈ. ਵਲੋਂ ਪੰਜਾਬ ਵਿਚ ਫਿਰਕੂ ਸਦਭਾਵਨਾ ਨੂੰ ਵਿਗਾੜਨ ਲਈ ਰਚੀ ਗਈ ਇਕ ਵੱਡੀ ਸਾਜ਼ਿਸ਼ ਦਾ ਖ਼ੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਜ਼ਿਸ਼ ਦਾ ਮਾਸਟਰਮਾਈਂਡ ਜ਼ੀਸ਼ਾਨ ਅਖ਼ਤਰ ਸੀ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪਾਕਿਸਤਾਨ ਸਥਿਤ ਆਈ.ਐੱਸ.ਆਈ. ਦੁਆਰਾ ਸਪਾਂਸਰ ਗੈਂਗਸਟਰ ਸ਼ਹਿਜ਼ਾਦ ਭੱਟੀ ਦਾ ਕਰੀਬੀ ਸਾਥੀ ਹੈ।
- PTC NEWS