ਜਸਕਰਨ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਨਿਯੁਕਤ
Sri Akal Takht Sahib Media Advisor - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਚਨਾ ਤਕਨਾਲੋਜੀ ਵਿਭਾਗ ਵਿੱਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਲੇਖਕ ਵਜੋਂ ਸੇਵਾਵਾਂ ਨਿਭਾਅ ਰਹੇ ਜਸਕਰਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ। ਬੀਤੇ ਦਿਨੀਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਸਕਰਨ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਮੀਡੀਆ ਸਲਾਹਕਾਰ ਦੇ ਅਹੁਦੇ ਉੱਤੇ ਸੇਵਾ ਸੌਂਪ ਦਿੱਤੀ ਹੈ ਅਤੇ ਉਹ ਹੁਣ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਜਸਕਰਨ ਸਿੰਘ ਚੰਡੀਗੜ੍ਹ ਦੇ ਰਹਿਣ ਵਾਲੇ ਹਨ ਤੇ ਉਨ੍ਹਾਂ ਦਾ ਪਿਛੋਕੜ ਮੀਡੀਆ ਨਾਲ ਸਬੰਧਤ ਹੈ। ਉਨ੍ਹਾਂ ਨੇ ਪੱਤਰਕਾਰੀ, ਜਨ ਸੰਚਾਰ ਅਤੇ ਮੀਡੀਆ ਤਕਨਾਲੋਜੀ ਵਿੱਚ ਗ੍ਰੈਜੂਏਸ਼ਨ ਅਤੇ ਮਾਸਟਰ ਡਿਗਰੀ ਹਾਸਲ ਕੀਤੀ ਹੋਈ ਹੈ। ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਿਖੇ ਸੇਵਾਵਾਂ ਸ਼ੁਰੂ ਕਰਨ ਤੋਂ ਪਹਿਲਾਂ ਜਸਕਰਨ ਸਿੰਘ ਸਾਲ 2014 ਤੋਂ ਇੱਕ ਅੰਗ੍ਰੇਜ਼ੀ ਅਖ਼ਬਾਰ ਵਿੱਚ ਬਤੌਰ ਪੱਤਰਕਾਰ ਕਾਰਜ ਕਰ ਰਹੇ ਸਨ।
ਇਸ ਮੌਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਤੇ ਸਹਾਇਕ ਇੰਚਾਰਜ ਜਸਵੀਰ ਸਿੰਘ ਲੌਂਗੋਵਾਲ ਹਾਜ਼ਰ ਸਨ।
- PTC NEWS