Jathedar Giani Kuldeep Singh Gargaj ਦੀ ਪੰਜਾਬ ਸਰਕਾਰ ਨੂੰ ਤਾੜਨਾ, ਕਿਹਾ- ਸਰਕਾਰ ਪੰਥਕ ਮਾਮਲਿਆਂ ’ਚ ਦਖਲਅੰਦਾਜ਼ੀ ਬੰਦ ਕਰੇ
Jathedar Giani Kuldeep Singh Gargaj News : ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅੱਜ ਪੰਜ ਸਿੰਘ ਸਾਹਿਬਾਨ ਦੀ ਅਹਿਮ ਮੀਟਿੰਗ ਹੋਈ, ਜਿਸ ਤੋਂ ਬਾਅਦ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰਕਾਰ ਵਾਰਤਾ ਕਰਕੇ ਕਈ ਅਹਿਮ ਅਤੇ ਸਖ਼ਤ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ ਗਈ। ਜਥੇਦਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਥਕ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਜਥੇਦਾਰ ਨੇ ਸਾਫ਼ ਕੀਤਾ ਕਿ ਬੀਚਾਂ, ਪਾਰਕਾਂ ਜਾਂ ਹੋਰ ਅਣਉਚਿਤ ਥਾਵਾਂ ‘ਤੇ ਅਨੰਦ ਕਾਰਜ ਕਰਵਾਉਣ ‘ਤੇ ਪੂਰਨ ਪਾਬੰਦੀ ਰਹੇਗੀ। ਅਨੰਦ ਕਾਰਜ ਸਿਰਫ਼ ਮਰਿਆਦਾ ਅਨੁਸਾਰ ਗੁਰਦੁਆਰਾ ਸਾਹਿਬ ਅੰਦਰ ਹੀ ਕੀਤਾ ਜਾ ਸਕਦਾ ਹੈ। ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕਿਸੇ ਵੀ ਹਾਲਤ ਵਿੱਚ ਬਾਹਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਜਿਹੜੇ ਰਾਗੀ ਜਥੇ ਜਾਂ ਵਿਅਕਤੀ ਇਸ ਹੁਕਮ ਦੀ ਉਲੰਘਣਾ ਕਰਦੇ ਪਾਏ ਗਏ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਨੇ ਦੱਸਿਆ ਕਿ ਇਹ ਹੁਕਮ ਅੱਜ ਤੋਂ ਹੀ ਲਾਗੂ ਮੰਨੇ ਜਾਣਗੇ।
ਉਨ੍ਹਾਂ ਕਿਹਾ ਕਿ ਭਾਵੇਂ ਇਹ ਹੁਕਮ ਪਹਿਲਾਂ ਵੀ ਜਾਰੀ ਹੋ ਚੁੱਕੇ ਹਨ, ਪਰ ਹੁਣ ਇਨ੍ਹਾਂ ਦੀ ਉਲੰਘਣਾ ‘ਤੇ ਅਮਲਦਾਰੀ ਕਾਰਵਾਈ ਵੀ ਹੋਵੇਗੀ, ਖ਼ਾਸ ਕਰਕੇ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹੋ ਰਹੇ ਅਨੰਦ ਕਾਰਜਾਂ ‘ਤੇ ਨਜ਼ਰ ਰੱਖੀ ਜਾਵੇਗੀ।
ਮੀਟਿੰਗ ਵਿੱਚ ਆਧੁਨਿਕ ਤਕਨੀਕ ਨਾਲ ਬਣ ਰਹੀਆਂ ਏਆਈ ਵੀਡੀਓਆਂ ਅਤੇ ਕ੍ਰਿਤ੍ਰਿਮ ਫ਼ਿਲਮਾਂ ‘ਤੇ ਵੀ ਚਰਚਾ ਕੀਤੀ ਗਈ। ਜਤ੍ਹੇਦਾਰ ਨੇ ਕਿਹਾ ਕਿ ਕਿਸੇ ਵੀ ਫ਼ਿਲਮ ਜਾਂ ਵੀਡੀਓ ਵਿੱਚ ਗੁਰੂ ਸਾਹਿਬਾਨ ਜਾਂ ਉਨ੍ਹਾਂ ਦੇ ਪਰਿਵਾਰ ਦੀ ਛਵੀ ਦਰਸਾਉਣ ਦੀ ਮਨਾਹੀ ਹੈ। ਇਹ ਫ਼ੈਸਲਾ ਸਿੱਖ ਮਰਿਆਦਾ ਅਤੇ ਪੰਥਕ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ 328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਵੀ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਕਿਸੇ ਵੀ ਸਰਕਾਰ ਨੂੰ ਪੰਥਕ ਮਸਲਿਆਂ ਵਿੱਚ ਦਖ਼ਲ ਦੇਣ ਦਾ ਹੱਕ ਨਹੀਂ, ਪਰ ਮੌਜੂਦਾ ਸਰਕਾਰ ਪੁਲਿਸ ਦੇ ਜ਼ਰੀਏ ਦਖ਼ਲਅੰਦਾਜ਼ੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਕੋਲ ਐਸਜੀਪੀਸੀ ਅਤੇ ਸਿੱਖਾਂ ਖ਼ਿਲਾਫ਼ ਨਫ਼ਰਤ ਫੈਲਾਉਣ ਸੰਬੰਧੀ ਕਈ ਸ਼ਿਕਾਇਤਾਂ ਮੌਜੂਦ ਹਨ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰੀ ਦਖ਼ਲਅੰਦਾਜ਼ੀ ਨਾ ਰੁਕੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਦਮ ਚੁੱਕੇ ਜਾਣਗੇ।
ਮੀਟਿੰਗ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਮਾਮਲੇ ‘ਤੇ ਵੀ ਵਿਚਾਰ ਕੀਤਾ ਗਿਆ। ਜਥੇਦਾਰ ਨੇ ਦੱਸਿਆ ਕਿ 5 ਜਨਵਰੀ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਨੂੰ ਸੱਦਿਆ ਗਿਆ ਹੈ, ਜਿੱਥੇ ਉਹ ਮੈਂਬਰਾਂ ਦੀ ਸੂਚੀ ਪੇਸ਼ ਕਰਨਗੇ। ਜਿਨ੍ਹਾਂ ਮੈਂਬਰਾਂ ਨੇ ਅੰਮ੍ਰਿਤ ਛਕਿਆ ਹੋਵੇਗਾ, ਉਹੀ ਮੈਂਬਰਸ਼ਿਪ ਦੇ ਹਕਦਾਰ ਹੋਣਗੇ, ਜਦਕਿ ਅੰਮ੍ਰਿਤਪਾਨ ਨਾ ਕਰਨ ਵਾਲਿਆਂ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।
- PTC NEWS