ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਹਿਰਾਸਤ 'ਚ ਲੈਣ 'ਤੇ ਜਥੇਦਾਰ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਸਮੇਤ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈਣ ਦੀ ਕਾਰਵਾਈ 'ਤੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਬਿਨਾਂ ਵਜ੍ਹਾ ਤੋਂ ਮਾਹੌਲ ਵਿਚ ਤਲਖੀ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਕੀਤੇ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੂੰ ਸਰਕਾਰ ਵਲੋਂ ਐਨ.ਐਸ.ਏ. ਲਗਾ ਕੇ ਪੰਜਾਬ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਕਰਨ ਦੇ ਖ਼ਿਲਾਫ਼ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ ਤਹਿਤ ਭਲ੍ਹਕੇ 8 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਣ ਵਾਲੇ ਖ਼ਾਲਸਾ ਚੇਤਨਾ ਮਾਰਚ ਵਿਚ ਸ਼ਾਮਲ ਹੋਣ ਤੋਂ ਰੋਕਣ ਲਈ ਸਰਕਾਰ ਵਲੋਂ ਵਰਤੇ ਜਾ ਰਹੇ ਹਥਕੰਡੇ ਪੰਜਾਬ ਦੀ ਅਮਨ-ਸ਼ਾਂਤੀ ਵਾਲੇ ਮਾਹੌਲ ਦੇ ਹਿਤ ਵਿਚ ਨਹੀਂ ਹਨ।
ਉਨ੍ਹਾਂ ਕਿਹਾ ਕਿ ਅੱਜ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿਚ ਲੈਣਾ ਸ਼ਰਮਨਾਕ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਅਤੀਤ ਤੋਂ ਸਬਕ ਲੈਂਦਿਆਂ ਕੋਈ ਵੀ ਅਜਿਹੀ ਕਾਰਵਾਈ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਸ ਦੇ ਨਾਲ ਸਿੱਖਾਂ ਵਿਚ ਰੋਸ ਤੇ ਅਲਹਿਦਗੀ ਦੀ ਭਾਵਨਾ ਵੱਧਦੀ ਹੋਵੇ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਹੋਵੇ।
ਉਨ੍ਹਾਂ ਆਖਿਆ ਕਿ ਪੁਲਿਸ ਦੇ ਬਲ ਦੀ ਦੁਰਵਰਤੋਂ ਕਰਦਿਆਂ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਪਰਿਵਾਰਾਂ ਵਲੋਂ ਚੁੱਕੀ ਜਾ ਰਹੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਵੱਲੋਂ ਵਰਤੀ ਜਾ ਰਹੀ ਜਬਰ ਦੀ ਨੀਤੀ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ:
- RR vs RCB ਮੈਚ 'ਚ 13 ਛੱਕੇ, ਹੁਣ ਰਾਜਸਥਾਨ ਰਾਇਲਜ਼ 78 ਘਰਾਂ 'ਚ ਲਗਾਏਗਾ ਸੋਲਰ ਪੈਨਲ
- ਕਰਨਾਟਕ 'ਚ ਮੰਦਿਰ ਮੇਲੇ ਲਈ ਰਵਾਨਾ ਹੋਇਆ 100 ਫੁੱਟ ਉੱਚਾ ਰੱਥ ਡਿੱਗਿਆ, ਵਾਲ-ਵਾਲ ਬਚੇ ਸ਼ਰਧਾਲੂ
- RBI ਸ਼ੁਰੂ ਕਰੇਗਾ UPI ਰਾਹੀਂ ਕੈਸ਼ ਡਿਪਾਜ਼ਿਟ ਸਹੂਲਤ, ਜਾਣੋ ਕਦੋਂ ਹੋਵੇਗੀ ਸ਼ੁਰੂ
-