Fri, Dec 26, 2025
Whatsapp

Fatehgarh Sahib ਵਿਖੇ ਲਗਾਏ ਗਏ 'ਮੇਰੀ ਦਸਤਾਰ ਮੇਰੀ ਸ਼ਾਨ’ ਦੋ ਰੋਜ਼ਾ ਕੈਂਪ 'ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸ਼ਿਰਕਤ

Fatehgarh Sahib News : ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਜ਼ਿਲ੍ਹਾ ਅਕਾਲੀ ਦਲ ਫਤਿਹਗੜ੍ਹ ਸਾਹਿਬ ਅਤੇ ਯੂਥ ਵਿੰਗ ਵੱਲੋਂ ਇਤਿਹਾਸਕ ਗੁਰਧਾਮ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦੋ ਰੋਜ਼ਾ ‘ਮੇਰੀ ਦਸਤਾਰ, ਮੇਰੀ ਸ਼ਾਨ’ — ਦਸਤਾਰਾਂ ਦਾ ਲੰਗਰ (ਮੁਫ਼ਤ ਦਸਤਾਰ ਬੰਨ੍ਹਣ ਕੈਂਪ) ਲਗਾਇਆ ਗਿਆ

Reported by:  PTC News Desk  Edited by:  Shanker Badra -- December 26th 2025 07:54 PM
Fatehgarh Sahib ਵਿਖੇ ਲਗਾਏ ਗਏ 'ਮੇਰੀ ਦਸਤਾਰ ਮੇਰੀ ਸ਼ਾਨ’ ਦੋ ਰੋਜ਼ਾ ਕੈਂਪ 'ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸ਼ਿਰਕਤ

Fatehgarh Sahib ਵਿਖੇ ਲਗਾਏ ਗਏ 'ਮੇਰੀ ਦਸਤਾਰ ਮੇਰੀ ਸ਼ਾਨ’ ਦੋ ਰੋਜ਼ਾ ਕੈਂਪ 'ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸ਼ਿਰਕਤ

Fatehgarh Sahib News : ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਜ਼ਿਲ੍ਹਾ ਅਕਾਲੀ ਦਲ ਫਤਿਹਗੜ੍ਹ ਸਾਹਿਬ ਅਤੇ ਯੂਥ ਵਿੰਗ ਵੱਲੋਂ ਇਤਿਹਾਸਕ ਗੁਰਧਾਮ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦੋ ਰੋਜ਼ਾ ‘ਮੇਰੀ ਦਸਤਾਰ, ਮੇਰੀ ਸ਼ਾਨ’ — ਦਸਤਾਰਾਂ ਦਾ ਲੰਗਰ (ਮੁਫ਼ਤ ਦਸਤਾਰ ਬੰਨ੍ਹਣ ਕੈਂਪ) ਲਗਾਇਆ ਗਿਆ, ਜੋ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸ਼ਾਨਦਾਰ ਸਫਲਤਾ ਨਾਲ ਸੰਪੰਨ ਹੋਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਇਸ ਕੈਂਪ ਦੌਰਾਨ ਦੋ ਦਿਨਾਂ ਵਿੱਚ 1500 ਤੋਂ ਵੱਧ ਸ਼ਰਧਾਲੂਆਂ — ਜਿਨ੍ਹਾਂ ਵਿੱਚ ਬੱਚੇ, ਨੌਜਵਾਨ, ਵੱਡੀ ਉਮਰ ਦੇ ਵਿਅਕਤੀ, ਔਰਤਾਂ ਅਤੇ ਸੰਗਤਾਂ ਦੇ ਹਰ ਵਰਗ ਦੇ ਲੋਕ ਸ਼ਾਮਲ ਸਨ — ਨੂੰ ਦਸਤਾਰਾਂ ਬੰਨ੍ਹੀਆਂ ਗਈਆਂ। ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਅਤੇ ਬੱਚਿਆਂ ਵੱਲੋਂ ਵੱਡੇ ਉਤਸ਼ਾਹ ਨਾਲ ਭਾਗ ਲਿਆ ਗਿਆ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਯੂਥ ਅਕਾਲੀ ਦਲ ਦੇ ਦੋ ਰੋਜ਼ਾ ‘ਮੇਰੀ ਦਸਤਾਰ, ਮੇਰੀ ਸ਼ਾਨ’ ਕੈਂਪ ਦਾ ਦੌਰਾ ਕਰਦਿਆਂ ਸੰਗਤਾਂ ਨਾਲ ਮੁਲਾਕਾਤ ਕੀਤੀ ਅਤੇ ਦਸਤਾਰ ਸਜਾਉਣ ਦੀ ਮੁਹਿੰਮ ਦੀ ਸ਼ਲਾਘਾ ਕੀਤੀ। ਜਥੇਦਾਰ ਸਾਹਿਬ ਨੇ ਕਿਹਾ ਕਿ ਦਸਤਾਰ ਸਿੱਖਾਂ ਦੀ ਅਟੁੱਟ ਪਛਾਣ ਹੈ ਅਤੇ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਧਰਮ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।


ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨੇ ਯੂਥ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਖ਼ਾਸ ਤੌਰ ‘ਤੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ‘ਮੇਰੀ ਦਸਤਾਰ, ਮੇਰੀ ਸ਼ਾਨ’ ਵਰਗੇ ਕੈਂਪ ਲਗਾਉਣਾ ਬਹੁਤ ਹੀ ਸਰਾਹਣਯੋਗ ਕਦਮ ਹੈ, ਜੋ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾ ਰਿਹਾ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਅਜਿਹੇ ਉਪਰਾਲੇ ਸਿਰਫ਼ ਦਸਤਾਰ ਸਜਾਉਣ ਤੱਕ ਸੀਮਿਤ ਨਹੀਂ ਰਹਿੰਦੇ, ਸਗੋਂ ਨੌਜਵਾਨਾਂ ਦੇ ਮਨਾਂ ਵਿੱਚ ਸਿੱਖ ਇਤਿਹਾਸ, ਕੁਰਬਾਨੀ ਅਤੇ ਸਵੈਮਾਣ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

ਜਥੇਦਾਰ ਸਾਹਿਬ ਨੇ ਕਿਹਾ ਕਿ ਸਰਬਜੀਤ ਸਿੰਘ ਝਿੰਜਰ ਨੇ ਸਿਰਫ਼ ਰਾਜਨੀਤਿਕ ਆਗੂ ਹੋਣ ਦੀ ਨਹੀਂ, ਸਗੋਂ ਇੱਕ ਜ਼ਿੰਮੇਵਾਰ ਸਿੱਖ ਨੌਜਵਾਨ ਆਗੂ ਵਜੋਂ ਆਪਣੀ ਭੂਮਿਕਾ ਨਿਭਾਉਂਦੇ ਹੋਏ ਸਿੱਖ ਇਤਿਹਾਸ, ਦਸਤਾਰ ਅਤੇ ਮਰਿਆਦਾ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਦਾ ਸ਼ਲਾਘਾਯੋਗ ਕੰਮ ਕੀਤਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨੇ ਆਪਣੇ ਸੰਬੋਧਨ ਦੌਰਾਨ ਇਹ ਵੀ ਜ਼ਿਕਰ ਕੀਤਾ ਕਿ ‘ਮੇਰੀ ਦਸਤਾਰ, ਮੇਰੀ ਸ਼ਾਨ’ ਕੈਂਪ ਕੋਈ ਇਕ ਦਿਨ ਜਾਂ ਇਕ ਸਾਲ ਦਾ ਉਪਰਾਲਾ ਨਹੀਂ, ਬਲਕਿ ਯੂਥ ਅਕਾਲੀ ਦਲ ਵੱਲੋਂ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਅਤੇ ਨਿਰੰਤਰ ਤੌਰ ‘ਤੇ ਚਲਾਈ ਜਾ ਰਹੀ ਇਕ ਮਹੱਤਵਪੂਰਣ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਰਾਹੀਂ ਹਜ਼ਾਰਾਂ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖ ਪਛਾਣ ਨਾਲ ਜੋੜਿਆ ਗਿਆ ਹੈ, ਜੋ ਬੇਹੱਦ ਸ਼ਲਾਘਾਯੋਗ ਹੈ।

ਉਨ੍ਹਾਂ ਨੇ ਹੋਰ ਕਿਹਾ ਕਿ ‘ਮੇਰੀ ਦਸਤਾਰ, ਮੇਰੀ ਸ਼ਾਨ’ ਵਰਗੇ ਕੈਂਪ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਇੱਕ ਲਗਾਤਾਰ ਚਲ ਰਹੀ ਸੋਚ ਅਤੇ ਅੰਦੋਲਨ ਹਨ, ਜੋ ਸਿੱਖ ਕੌਮ ਵਿੱਚ ਸਵੈਮਾਣ, ਏਕਤਾ ਅਤੇ ਚੜ੍ਹਦੀ ਕਲਾ ਦੀ ਭਾਵਨਾ ਨੂੰ ਪ੍ਰਚੰਡ ਕਰ ਰਹੇ ਹਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨੇ ਆਸ ਪ੍ਰਗਟਾਈ ਕਿ ਯੂਥ ਅਕਾਲੀ ਦਲ ਅੱਗੇ ਵੀ ਇਸੇ ਜਜ਼ਬੇ ਨਾਲ ਇਹ ਕੈਂਪ ਲਗਾਉਂਦਾ ਰਹੇਗਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਦਾ ਇਹ ਸਿਲਸਿਲਾ ਹੋਰ ਵਧੇਗਾ।

ਇਸ ਮੌਕੇ ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਇਹ ਕੈਂਪ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਲਗਾਇਆ ਗਿਆ ਹੈ, ਜਿਨ੍ਹਾਂ ਨੇ ਬਾਲ ਉਮਰ ਵਿੱਚ ਅਸਹਿਨਸ਼ੀਲ ਅਤਿਆਚਾਰ ਸਹਿਦੇ ਹੋਏ ਵੀ ਆਪਣੇ ਧਰਮ, ਆਪਣੇ ਵਿਸ਼ਵਾਸ ਅਤੇ ਸਿੱਖ ਮਰਿਆਦਾ ਤੋਂ ਟੱਸ ਤੋਂ ਮੱਸ ਹੋਣ ਤੋਂ ਇਨਕਾਰ ਕਰ ਦਿੱਤਾ ਅਤੇ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਸਿੱਖ ਕੌਮ ਦੇ ਇਤਿਹਾਸ ਦਾ ਚਿਰਾਗ ਹਨ, ਜੋ ਸਦੀਵਾਂ ਲਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੱਚ, ਸਬਰ ਅਤੇ ਸਵੈਮਾਣ ਦੀ ਪ੍ਰੇਰਨਾ ਦਿੰਦੀਆਂ ਰਹਿਣਗੀਆਂ।

ਝਿੰਜਰ ਨੇ ਕਿਹਾ ਕਿ ਸ੍ਰੀ ਫਤਿਹਗੜ੍ਹ ਸਾਹਿਬ ਸਿੱਖ ਇਤਿਹਾਸ ਦਾ ਉਹ ਪਵਿੱਤਰ ਸਥਾਨ ਹੈ ਜਿੱਥੇ ਧਰਮ ਅਤੇ ਅਸੂਲਾਂ ਦੀ ਖਾਤਰ ਸਭ ਤੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਗਈਆਂ। ਇੱਥੇ ਲੱਗੇ ਇਸ ਕੈਂਪ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਸਿੱਖ ਜੜ੍ਹਾਂ ਨਾਲ ਜੋੜਨਾ, ਉਨ੍ਹਾਂ ਨੂੰ ਦਸਤਾਰ ਦੀ ਮਹੱਤਤਾ, ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜਾਣੂ ਕਰਵਾਉਣਾ ਅਤੇ ਮਾਣ ਨਾਲ ਸਿੱਖ ਪਛਾਣ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।

ਉਨ੍ਹਾਂ ਕਿਹਾ  ਕਿ ਸਾਡਾ ਉਦੇਸ਼ ਨੌਜਵਾਨਾਂ ਨੂੰ ਸਿਰਫ਼ ਦਸਤਾਰ ਬੰਨ੍ਹਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੇ ਮਨਾਂ ਵਿੱਚ ਸਿੱਖੀ ਦੇ ਮੂਲ ਸਿਧਾਂਤ, ਸਵੈਮਾਣ, ਏਕਤਾ ਅਤੇ ਕੁਰਬਾਨੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਝਿੰਜਰ ਨੇ ਇਹ ਵੀ ਕਿਹਾ ਕਿ ਕੈਂਪ ਦੌਰਾਨ ਧੀਆਂ ਅਤੇ ਭੈਣਾਂ ਵੱਲੋਂ ਵੱਡੀ ਗਿਣਤੀ ਵਿੱਚ ਦਸਤਾਰਾਂ ਸਜਾਉਣਾ ਬੇਹੱਦ ਮਾਣ ਅਤੇ ਖੁਸ਼ੀ ਦੀ ਗੱਲ ਹੈ, ਜੋ ਇਹ ਦਰਸਾਉਂਦਾ ਹੈ ਕਿ ਸਿੱਖ ਨਾਰੀ ਵੀ ਸਿੱਖ ਪਛਾਣ ਅਤੇ ਦਸਤਾਰ ਦੀ ਮਹਾਨ ਪਰੰਪਰਾ ਨੂੰ ਪੂਰੇ ਗੌਰਵ ਨਾਲ ਅਪਣਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਯੂਥ ਅਕਾਲੀ ਦਲ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਧਾਰਮਿਕ, ਸਮਾਜਿਕ ਅਤੇ ਜਾਗਰੂਕਤਾ ਭਰਪੂਰ ਪ੍ਰੋਗਰਾਮਾਂ ਦਾ ਆਯੋਜਨ ਕਰਦਾ ਰਹੇਗਾ, ਤਾਂ ਜੋ ਸਿੱਖ ਕੌਮ ਦੀ ਨੌਜਵਾਨ ਪੀੜ੍ਹੀ ਨੂੰ ਭਟਕਣ ਤੋਂ ਬਚਾ ਕੇ ਆਪਣੇ ਅਮੀਰ ਇਤਿਹਾਸ ਨਾਲ ਜੋੜਿਆ ਜਾ ਸਕੇ।

ਅੰਤ ਵਿੱਚ ਸਰਬਜੀਤ ਸਿੰਘ ਝਿੰਜਰ ਨੇ ਸਮੁੱਚੀ ਯੂਥ ਅਕਾਲੀ ਦਲ ਟੀਮ, ਜ਼ਿਲ੍ਹਾ ਅਕਾਲੀ ਦਲ ਫਤਿਹਗੜ੍ਹ ਸਾਹਿਬ ਅਤੇ ਸਾਰੇ ਸੇਵਾਦਾਰਾਂ ਦਾ ਦੋ ਰੋਜ਼ਾ ਕੈਂਪ ਨੂੰ ਸਫਲ ਬਣਾਉਣ ਲਈ ਕੀਤੇ ਗਏ ਅਣਥੱਕ ਯਤਨਾਂ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਂਪ ਇੱਕ ਪੂਰੀ ਟੀਮ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ।

ਇਸ ਮੌਕੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਐਸਜੀਪੀਸੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜ਼ਿਲ੍ਹਾ ਪ੍ਰਧਾਨ ਸਰਨਜੀਤ ਸਿੰਘ ਚਨਾਥਲ, ਐਸਜੀਪੀਸੀ ਮੈਂਬਰ ਅਵਤਾਰ ਸਿੰਘ ਰਿਆ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਹਰਪ੍ਰੀਤ ਸਿੰਘ ਰਿੱਚੀ ਅਤੇ ਹਰਬੀਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।

- PTC NEWS

Top News view more...

Latest News view more...

PTC NETWORK
PTC NETWORK