Kangana Ranaut ਦੀਆਂ ਵਧੀਆਂ ਮੁਸ਼ਕਿਲਾਂ, 'Emergency' ਫਿਲਮ ਖਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਖਲ
Kangana Ranauts film Emergency controversy : ਫਿਲਮ ਐਮਰਜੈਂਸੀ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਫਿਲਮ ਖਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਖਲ ਕਰਕੇ ਇਸ ਨੂੰ ਪ੍ਰਦਰਸ਼ਿਤ ਕਰਨ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਨਾਲ ਹੀ ਪਟੀਸ਼ਨ ਰਾਹੀਂ ਸੈਂਸਰ ਬੋਰਡ ਵੱਲੋਂ ਦਿੱਤਾ ਸਰਟੀਫਿਕੇਟ ਵੀ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ।
ਹਾਈਕੋਰਟ 'ਚ ਦਾਖਲ ਜਨਹਿਤ ਪਟੀਸ਼ਨ 'ਚ ਮੋਹਾਲੀ ਦੇ ਗੁਰਿੰਦਰ ਸਿੰਘ ਅਤੇ ਜਗਮੋਹਨ ਸਿੰਘ ਨੇ ਕਿਹਾ ਹੈ ਕਿ ਫਿਲਮ 'ਚ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ ਅਤੇ ਸਿੱਖ ਧਰਮ ਨਾਲ ਸਬੰਧਤ ਜਾਣਕਾਰੀ ਨੂੰ ਸਹੀ ਢੰਗ ਨਾਲ ਨਹੀਂ ਦਰਸਾਇਆ ਗਿਆ ਹੈ। ਇਸ ਲਈ ਫਿਲਮ ਦੀ ਜਾਂਚ ਲਈ ਮਾਹਰਾਂ ਦਾ ਇੱਕ ਪੈਨਲ ਬਣਾਇਆ ਜਾਵੇ, ਜਿਸ 'ਚ ਸਿੱਖ ਧਰਮ ਦੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਵੀ ਸ਼ਾਮਲ ਕੀਤਾ ਜਾਵੇ, ਜੋ ਇਸ ਫਿਲਮ ਨੂੰ ਵੇਖ ਕੇ ਵਿਵਾਦਤ ਦ੍ਰਿਸ਼ਾਂ ਨੂੰ ਫਿਲਮ ਤੋਂ ਵੱਖ ਕਰ ਸਕੇ, ਜਿਨ੍ਹਾਂ ਨੂੰ ਲੈ ਕੇ ਵਿਵਾਦ ਹੈ।
ਉਨ੍ਹਾਂ ਫਿਲਮ ਦੀ ਸਕਰੀਨਿੰਗ 'ਤੇ ਪਾਬੰਦੀ ਲਗਾਉਣ ਅਤੇ ਇਸ ਫਿਲਮ ਨੂੰ ਸੈਂਸਰ ਬੋਰਡ ਵੱਲੋਂ ਜਾਰੀ ਸਰਟੀਫਿਕੇਟ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਕੰਗਨਾ ਰਣੌਤ ਦੀ ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਹਾਈਕੋਰਟ ਇਸ ਪਟੀਸ਼ਨ 'ਤੇ ਛੇਤੀ ਹੀ ਸੁਣਵਾਈ ਕਰ ਸਕਦਾ ਹੈ।
- PTC NEWS