Kapurthala ਗੋਲੀਕਾਂਡ ਮਾਮਲੇ 'ਚ ਨਵੀਂ ਅਪਡੇਟ , CCTV 'ਚ ਕੈਦ ਹੋਏ ਆਰੋਪੀ ,ਤਸਵੀਰਾਂ ਆਈਆਂ ਸਾਹਮਣੇ
Kapurthala Murder : ਕਪੂਰਥਲਾ ਸ਼ਹਿਰ ਦੇ ਸੀਨਪੁਰਾ ਮੁਹੱਲੇ 'ਚ ਦਿਨ ਦਿਹਾੜੇ 40 ਸਾਲਾ ਮਹਿਲਾ ਹੇਮਪ੍ਰੀਤ ਕੌਰ ਉਰਫ਼ ਹੇਮਾ ਦੀ ਹੱਤਿਆ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਆਰੋਪੀ ਨੇੜਲੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ ਹਨ, ਜਿਨ੍ਹਾਂ ਦੀਆਂ ਤਸਵੀਰਾਂ ਹੁਣ ਪੁਲਿਸ ਦੇ ਹੱਥ ਲੱਗ ਚੁੱਕੀਆਂ ਹਨ।
ਪੁਲਿਸ ਵੱਲੋਂ ਖੰਗਾਲੇ ਗਏ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਦੋ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਇਲਾਕੇ ਵਿੱਚ ਦਾਖ਼ਲ ਹੁੰਦੇ ਹਨ ਅਤੇ ਵਾਰਦਾਤ ਤੋਂ ਬਾਅਦ ਤੇਜ਼ੀ ਨਾਲ ਫ਼ਰਾਰ ਹੋ ਜਾਂਦੇ ਹਨ। ਪੁਲਿਸ ਸੂਤਰਾਂ ਮੁਤਾਬਕ ਫੁਟੇਜ ਵਿੱਚ ਆਰੋਪੀਆਂ ਦੇ ਹੂਲੀਏ ਸਾਫ਼ ਦਿਖਾਈ ਦੇ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਪਹਿਚਾਣ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਘਰ ਵਿੱਚ ਦਾਖ਼ਲ ਹੋ ਕੇ ਕੀਤੀ ਗਈ ਫਾਇਰਿੰਗ
ਜ਼ਿਕਰਯੋਗ ਹੈ ਕਿ ਦੁਪਹਿਰ ਸਮੇਂ ਆਰੋਪੀਆਂ ਨੇ ਜ਼ਬਰਦਸਤੀ ਘਰ ਵਿੱਚ ਦਾਖ਼ਲ ਹੋ ਕੇ ਫਾਇਰਿੰਗ ਕੀਤੀ ਸੀ। ਪੁਲਿਸ ਅਨੁਸਾਰ ਕੁੱਲ ਚਾਰ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਗੋਲੀ ਹੇਮਪ੍ਰੀਤ ਕੌਰ ਨੂੰ ਲੱਗੀ, ਜਦਕਿ ਤਿੰਨ ਗੋਲੀਆਂ ਹਵਾਈ ਫਾਇਰ ਕੀਤੀਆਂ ਗਈਆਂ। ਗੰਭੀਰ ਹਾਲਤ ਵਿੱਚ ਮਹਿਲਾ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਤਸਵੀਰਾਂ ਦੇ ਆਧਾਰ ‘ਤੇ ਭਾਲ ਤੇਜ਼
ਸੀਸੀਟੀਵੀ ਤੋਂ ਮਿਲੀਆਂ ਤਸਵੀਰਾਂ ਦੇ ਆਧਾਰ ‘ਤੇ ਪੁਲਿਸ ਵੱਲੋਂ ਆਰੋਪੀਆਂ ਦੀ ਤਲਾਸ਼ ਤੇਜ਼ ਕਰ ਦਿੱਤੀ ਗਈ ਹੈ। ਵੱਖ-ਵੱਖ ਟੀਮਾਂ ਦਾ ਗਠਨ ਕਰ ਕੇ ਸੰਭਾਵਿਤ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦਾ ਖੁਲਾਸਾ ਕਰ ਲਿਆ ਜਾਵੇਗਾ। ਮ੍ਰਿਤਕਾ ਦਾ ਪਤੀ ਅਤੇ ਪੁੱਤਰ ਕੈਨੇਡਾ ਵਿੱਚ ਰਹਿੰਦੇ ਹਨ। ਅਚਾਨਕ ਵਾਪਰੀ ਇਸ ਖੂਨੀ ਵਾਰਦਾਤ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਧੱਕ ਦਿੱਤਾ ਹੈ, ਜਦਕਿ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਪੱਤਰਕਾਰ ਚਰਨਜੀਤ ਸਿੰਘ ਢਿੱਲੋ ਕਪੂਰਥਲਾ
- PTC NEWS