Kullu Bomb Threat : ਕੁੱਲੂ ਜ਼ਿਲ੍ਹੇ 'ਚ ਸਰਕਾਰੀ ਦਫ਼ਤਰਾਂ ਅਤੇ ਜਨਤਕ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ,ਪ੍ਰਸ਼ਾਸਨ ਨੇ ਵਧਾਈ ਸੁਰੱਖਿਆ
Kullu Bomb Threat : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਉਸ ਸਮੇਂ ਹੜਕੰਪ ਮਚ ਗਿਆ ,ਜਦੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਈਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲੀ। ਇਸ ਧਮਕੀ ਵਿੱਚ ਸਰਕਾਰੀ ਦਫ਼ਤਰਾਂ ਅਤੇ ਜਨਤਕ ਥਾਵਾਂ ਸਮੇਤ ਵੱਖ-ਵੱਖ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਗਈ ਸੀ। ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਨੇ ਤੁਰੰਤ ਕਾਰਵਾਈ ਕੀਤੀ ਅਤੇ ਪੁਲਿਸ ਅਤੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਾਈ ਅਲਰਟ 'ਤੇ ਰੱਖ ਦਿੱਤਾ।
ਡਿਪਟੀ ਕਮਿਸ਼ਨਰ ਦਫ਼ਤਰ ਅਤੇ ਚੇਅਰਮੈਨ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ, ਕੁੱਲੂ ਨੇ ਕਿਹਾ ਕਿ ਇਹ ਧਮਕੀ ਪਿਛਲੇ 24 ਘੰਟਿਆਂ ਦੇ ਅੰਦਰ ਪ੍ਰਾਪਤ ਹੋਈ ਹੈ। ਸੂਤਰਾਂ ਅਨੁਸਾਰ ਇਸ ਈਮੇਲ ਵਿੱਚ ਜ਼ਿਲ੍ਹੇ ਦੇ ਕਈ ਮਹੱਤਵਪੂਰਨ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਗਈ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਅਤੇ ਬੰਬ ਨਿਰੋਧਕ ਦਸਤੇ ਤਾਇਨਾਤ ਕੀਤੇ ਗਏ ਹਨ, ਅਤੇ ਸ਼ੱਕੀ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੀ ਧਮਕੀ ਮਿਲੀ ਹੈ। ਹਾਲ ਹੀ ਵਿੱਚ 17 ਅਪ੍ਰੈਲ 2025 ਨੂੰ ਸ਼ਿਮਲਾ ਵਿੱਚ ਰਾਜ ਸਕੱਤਰੇਤ ਦੇ ਮੁੱਖ ਸਕੱਤਰ ਦਫ਼ਤਰ ਅਤੇ ਮੰਡੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ ਸੀ। ਇਸ ਤੋਂ ਇਲਾਵਾ 25 ਅਪ੍ਰੈਲ ਨੂੰ ਚੰਬਾ ਅਤੇ ਹਮੀਰਪੁਰ ਦੇ ਡਿਪਟੀ ਕਮਿਸ਼ਨਰ ਦਫਤਰਾਂ ਨੂੰ ਵੀ ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਖਾਲੀ ਕਰਵਾਉਣਾ ਪਿਆ ਸੀ। ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਕੋਈ ਵੀ ਜੋਖਮ ਹਲਕੇ ਵਿੱਚ ਨਹੀਂ ਲੈ ਰਿਹਾ ਹੈ।
ਫਿਲਹਾਲ ਪੁਲਿਸ ਧਮਕੀ ਭੇਜਣ ਵਾਲੇ ਵਿਅਕਤੀ ਦੀ ਪਛਾਣ ਅਤੇ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਰਿਪੋਰਟ ਕਰਨ।
- PTC NEWS