Lok Sabha Election 2024: ਚੋਣਾਂ ਦੌਰਾਨ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ ਮਾਣ ਭੱਤਾ
ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ। ਇਸ ਤੋਂ ਇਲਾਵਾ 1 ਜੂਨ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ‘ਤੇ ਤੈਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ ਜਾਂ ਬੂਥ ‘ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ‘ਤੇ ਉਨ੍ਹਾਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ ਡੇ ਮੀਲ ਵਰਕਰਾਂ ਦੀ ਤਰਜ਼ ‘ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ 13 ਸੀਟਾਂ ਲਈ ਇੱਕ ਪੜਾਅ ਵਿੱਚ ਵੋਟਿੰਗ ਹੋਣੀ ਹੈ, ਜਿਸ ਵਿੱਚ ਸੱਤਵੇਂ ਯਾਨੀ ਆਖਰੀ ਪੜਾਅ 1 ਜੂਨ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ, ਹੁਸ਼ਿਆਰਪੁਰ, ਨੰਦਪੁਰ ਸਾਹਿਬ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਾਬਾਦ, ਬਠਿੰਡਾ, ਸੰਗਰੂਰ ਅਤੇ ਪਟਿਆਲਾ ਸੀਟਾਂ 'ਤੇ ਵੋਟਾਂ ਪੈਣਗੀਆਂ।
ਇਹ ਵੀ ਪੜ੍ਹੋ: Patiala: ਟਰੱਕ ਵੇਚ ਕੇ ਚੋਣ ਮੈਦਾਨ ਵਿੱਚ ਉਤਰਿਆ ਡਰਾਈਵਰ, ਕਿਹਾ- ਸਾਡੀਆਂ ਮੁਸ਼ਕਿਲਾਂ ਨੂੰ ਕੀਤਾ ਜਾ ਰਿਹਾ ਨਜਰਅੰਦਾਜ
- PTC NEWS