Punjab Court Threat : ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! ਮੱਚੀ ਹੜਕੰਪ, ਪੁਲਿਸ ਤੇ ਬੰਬ ਨਿਰੋਧਕ ਦਸਤੇ ਮੌਕੇ 'ਤੇ ਪਹੁੰਚੇ
Ludhiana Bomb Threat : ਪੰਜਾਬ 'ਚ ਜ਼ਿਲ੍ਹਾ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੋਰਟ ਕੰਪਲੈਕਸਾਂ ਨੂੰ ਖਾਲੀ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਕਿਸੇ ਨੂੰ ਵੀ ਕੰਪਲੈਕਸ 'ਚ ਨਾ ਜਾਣ ਲਈ ਕਿਹਾ ਗਿਆ ਹੈ।
ਪੰਜਾਬ 'ਚ ਅਦਾਲਤਾਂ ਨੂੰ ਗਣਤੰਤਰ ਦਿਵਸ ਤੋਂ ਪਹਿਲਾਂ ਧਮਕੀਆਂ ਮਿਲਣ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੁਧਿਆਣਾ ਦੀ ਕੋਰਟ ਦੇ ਵਿੱਚ ਪੁਲਿਸ ਨੇ ਐਂਟਰੀ ਬੰਦ ਕਰ ਦਿੱਤੀ ਹੈ। ਨਾਲ ਹੀ ਬਾਰ ਐਸੋਸੀਏਸ਼ਨ ਵੱਲੋਂ ਵੀ ਸਾਰੇ ਵਕੀਲ ਭਾਈਚਾਰੇ ਨੂੰ ਕੰਪਲੈਕਸ ਅੰਦਰ ਜਾਣ ਦੀ ਸਲਾਹ ਦਿੱਤੀ ਗਈ ਹੈ।
ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਿਨ ਸੱਗੜ ਨੇ ਕਿਹਾ ਕਿ ਸਵੇਰੇ 8:15 ਵਜੇ ਇੱਕ ਈਮੇਲ ਪ੍ਰਾਪਤ ਹੋਈ ਜਿਸ ਵਿੱਚ ਅਦਾਲਤ ਦੀ ਇਮਾਰਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਇੱਕ ਬੰਬ ਸਕੁਐਡ ਤਾਇਨਾਤ ਕੀਤਾ ਗਿਆ।
ਫਤਿਹਗੜ੍ਹ ਸਾਹਿਬ ਅਦਾਲਤ ਨੂੰ ਵੀ ਮਿਲੀ ਧਮਕੀ
ਉਧਰ, ਫਤਿਹਗੜ੍ਹ ਸਾਹਿਬ ਸਥਿਤ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅਦਾਲਤ ਪ੍ਰਸ਼ਾਸਨ ਵੱਲੋਂ ਤੁਰੰਤ ਸਖ਼ਤ ਕਦਮ ਚੁੱਕੇ ਗਏ। ਸੁਰੱਖਿਆ ਕਾਰਨਾਂ ਕਰਕੇ ਜੁਡੀਸ਼ੀਅਲ ਕੰਪਲੈਕਸ ਦੀ ਦਾਖ਼ਲਾ ਅਸਥਾਈ ਤੌਰ ’ਤੇ ਬੰਦ ਕਰ ਦਿੱਤੀ ਗਈ।
ਜਾਣਕਾਰੀ ਅਨੁਸਾਰ, ਜ਼ਿਲ੍ਹਾ ਸੈਸ਼ਨ ਜੱਜ ਨੂੰ ਈਮੇਲ ਰਾਹੀਂ ਪ੍ਰਾਪਤ ਹੋਈ। ਇਸ ਧਮਕੀ ਤੋਂ ਬਾਅਦ ਕੋਟ ਕੰਪਲੈਕਸ ਫਤਿਹਗੜ੍ਹ ਸਾਹਿਬ ਨੂੰ ਸੁਰੱਖਿਆ ਕਾਰਨਾ ਕਰਕੇ ਬੰਦ ਕਰ ਦਿੱਤਾ ਗਿਆ। ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਤੇ ਵੱਡੇ ਸਵਾਲ ਖੜੇ ਕੀਤੇ ਹਨ ਉਹਨਾਂ ਕਿਹਾ ਕਿ ਰੋਜਾਨਾ ਹੀ ਕਿਤੇ ਨਾ ਕਿਤੋਂ ਅਜਿਹੀਆਂ ਧਮਕੀਆਂ ਮਿਲ ਰਹੀਆਂ ਹਨ ਜਿਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ। ਪੰਜਾਬ ਵਿੱਚ ਦਿਨ ਦਿਹਾੜੇ ਕਤਲ ਗਰਦ ਹੋ ਰਹੀ ਹੈ। ਲੁੱਟਾਂ ਖੋਹਾਂ ਹੋਣ ਕਾਰਨ ਅੱਜ ਹਰੇਕ ਵਿਅਕਤੀ ਆਪਣੇ ਆਪ ਨੂੰ ਸੁਰੱਖਿਤ ਮਹਿਸੂਸ ਕਰ ਰਿਹਾ ਹੈ ਉਹਨਾਂ ਕਿਹਾ ਕਿ ਅੱਜ ਪੰਜਾਬ ਵਿੱਚ ਜੰਗਲ ਰਾਜ ਬਣਦਾ ਜਾ ਰਿਹਾ ਹੈ।
ਪੁਲਿਸ ਅਤੇ ਬੰਬ ਸਕੁਐਡ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਕਿਸੇ ਨੂੰ ਵੀ ਅਦਾਲਤ ਦੇ ਅਹਾਤੇ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।
ਖਬਰ ਅਪਡੇਟ ਜਾਰੀ...
- PTC NEWS