Ludhiana Corporation case : ਕੇਂਦਰੀ ਰਾਜ ਮੰਤਰੀ ਬਿੱਟੂ ਤੇ ਆਸ਼ੂ ਸਮੇਤ 3 ਖਿਲਾਫ਼ ਚਾਰਜਸ਼ੀਟ ਦਾਖਲ, ਲੁਧਿਆਣਾ ਅਦਾਲਤ 'ਚ 17 ਨੂੰ ਪੇਸ਼ ਹੋਣ ਦੇ ਹੁਕਮ
Ludhiana Nagar Nigam Protest case : ਲੁਧਿਆਣਾ ਨਗਰ ਨਿਗਮ ਸਾਹਮਣੇ ਪ੍ਰਦਰਸ਼ਨ ਕਰਨ ਦੇ ਮਾਮਲੇ 'ਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ 2 ਸੀਨੀਅਰ ਕਾਂਗਰਸੀ ਆਗੂਆਂ ਖਿਲਾਫ਼ ਲੁਧਿਆਣਾ ਪੁਲਿਸ ਨੇ ਅਦਾਲਤ 'ਚ ਚਾਰਜਸ਼ੀਟ ਦਾਖਲ ਕੀਤੀ ਹੈ, ਜਿਸ 'ਤੇ ਅਦਾਲਤ ਨੇ ਤਿੰਨਾਂ ਆਗੂਆਂ ਨੂੰ 17 ਮਾਰਚ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ।
ਜੱਜ ਜੁਗਰਾਜ ਸਿੰਘ ਦੀ ਅਦਾਲਤ ਨੇ ਚਾਰਜਸ਼ੀਟ 'ਤੇ ਨੋਟਿਸ ਲੈਂਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸੰਜੇ ਤਲਵਾਰ ਨੂੰ ਚਾਰਜ ਸੀਟ ਦਾਇਰ ਕਰਕੇ 17 ਮਾਰਚ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ।
ਕੀ ਹੈ ਪੂਰਾ ਮਾਮਲਾ ?
ਮਾਮਲਾ 27 ਫਰਵਰੀ 2024 ਦਾ ਹੈ, ਜਦੋਂ ਰਵਨੀਤ ਬਿੱਟੂ (ਉਸ ਸਮੇਂ ਕਾਂਗਰਸ ਵਿੱਚ), ਭਾਰਤ ਭੂਸ਼ਨ ਆਸ਼ੂ ਅਤੇ ਸੰਜੇ ਤਲਵਾੜ ਸਮੇਤ ਬਾਕੀ ਕਾਂਗਰਸੀ ਨੇਤਾਵਾਂ ਨੇ ਲੁਧਿਆਣਾ ਨਗਰ ਨਿਗਮ A ਜੋਨ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਨਗਰ ਨਿਗਮ ਦੇ ਜ਼ੋਨ-ਏ ਦੇ ਮੁੱਖ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ।ਇਸ ਦੌਰਾਨ ਨਗਰ ਨਿਗਮ ਦੇ ਚੌਂਕੀਦਾਰ ਦੇ ਨਾਲ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਲ ਇਹਨਾਂ ਕਾਂਗਰਸੀ ਲੀਡਰਾਂ ਦੀ ਹੱਥੋਪਾਈ ਹੋਈ ਸੀ।
ਉਪਰੰਤ ਚੌਂਕੀਦਾਰ ਅਮਿਤ ਕੁਮਾਰ ਦੀ ਸ਼ਿਕਾਇਤ 'ਤੇ ਪੁਲਿਸ ਦੇ ਵਿੱਚ ਸ਼ਿਕਾਇਤ ਦਰਜ ਕੀਤੀ ਗਈ ਸੀ ਅਤੇ ਇਹਨਾਂ ਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ ਐਫ.ਆਈ.ਆਰ ਵਿੱਚ ਆਈ.ਪੀ.ਸੀ. ਦੀ ਧਾਰਾ 186 (ਸਰਕਾਰੀ ਕਰਮਚਾਰੀ ਨੂੰ ਡਿਊਟੀ ਨਿਭਾਉਣ ਵਿੱਚ ਰੁਕਾਵਟ ਪਾਉਣਾ) ਅਤੇ 353 (ਲੋਕ ਸੇਵਕ ਨੂੰ ਡਿਊਟੀ ਨਿਭਾਉਣ ਤੋਂ ਰੋਕਣ ਲਈ ਹਮਲਾ ਜਾਂ ਅਪਰਾਧਿਕ ਤਾਕਤ ਦੀ ਵਰਤੋਂ) ਦੇ ਤਹਿਤ ਦੋਸ਼ ਦਾਇਰ ਕੀਤੇ ਗਏ ਹਨ।
ਪੁਲਿਸ ਨੇ ਮਾਮਲੇ ਵਿੱਚ ਰਵਨੀਤ ਸਿੰਘ ਬਿੱਟੂ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾਰ ਦੇ ਨਾਲ-ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਸ਼ਿਆਮ ਸੁੰਦਰ ਖ਼ਿਲਾਫ਼ ਮਾਮਲਾ ਦਰਜ ਕਰ ਕੀਤਾ ਸੀ।
- PTC NEWS