Maharaja Ranjit Singh Death anniversary : ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਨੂੰ ਕਰਵਾਏ ਜਾਣਗੇ ਵਿਸ਼ੇਸ਼ ਗੁਰਮਤਿ ਸਮਾਗਮ
Maharaja Ranjit Singh Death anniversary : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਇਸ ਸਾਲ ਭਾਰਤ ਤੋਂ ਪਾਕਿਸਤਾਨ ਸਿੱਖ ਜਥੇ ਨਾ ਜਾਣ ਦੇ ਮੱਦੇਨਜ਼ਰ ਮਹਾਰਾਜਾ ਰਣਜੀਤ ਸਿੰਘ ਦੇ ਅੰਮ੍ਰਿਤਸਰ ਸਥਿਤ ਰਾਮਬਾਗ਼ ਵਿੱਚ ਹਵਾ ਮਹਿਲ ਦੇ ਨੇੜੇ ਨਿਸ਼ਾਨ ਸਾਹਿਬ ਵਾਲੀ ਥਾਂ ਉੱਤੇ 29 ਜੂਨ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ।
ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਢਾਡੀ/ਕਵੀਸ਼ਰ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਤੇ ਸਿੱਖ ਇਤਿਹਾਸ ਨਾਲ ਸੰਗਤ ਨੂੰ ਜੋੜਿਆ ਜਾਵੇਗਾ। ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਮੂਲੀਅਤ ਕਰਨਗੇ। ਜਥੇਦਾਰ ਗੜਗੱਜ ਨੇ ਅੰਮ੍ਰਿਤਸਰ ਦੀ ਸਿੱਖ ਸੰਗਤ, ਸਿੰਘ ਸਭਾਵਾਂ, ਸਿੱਖ ਸੰਸਥਾਵਾਂ, ਵਿਦਿਆਰਥੀ ਜਥੇਬੰਦੀਆਂ ਨੂੰ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਤਿਕਾਰਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਰਾਬਤਾ ਕਰਨ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਹ ਵਿਸ਼ੇਸ਼ ਸਮਾਗਮ ਉਲੀਕਿਆ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪਾਸੋਂ ਲੋੜੀਂਦੀ ਪ੍ਰਵਾਨਗੀ ਲੈ ਕੇ ਨਗਰ ਨਿਗਮ ਕੇ ਭਾਰਤ ਸਰਕਾਰ ਦੇ ਪੁਰਾਤੱਤਵ ਵਿਭਾਗ ਦੇ ਸਹਿਯੋਗ ਨਾਲ ਸਾਰਾ ਪ੍ਰਬੰਧ ਮੁਕੰਮਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਸਮਾਗਮ ਉਲੀਕਣ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ, ਇੰਚਾਰਜ ਹਰਜੀਤ ਸਿੰਘ ਤੇ ਰਣਜੀਤ ਸਿੰਘ ਨੇ ਅੰਮ੍ਰਿਤਸਰ ਵਿਕਾਸ ਮੰਚ ਦੇ ਅਹੁਦੇਦਾਰ ਪ੍ਰਿੰ. ਕੁਲਵੰਤ ਸਿੰਘ ਅਨਖੀ, ਸੁਰਿੰਦਰਜੀਤ ਸਿੰਘ, ਕੁਲਦੀਪ ਸਿੰਘ, ਰਾਜਵਿੰਦਰ ਸਿੰਘ, ਜਸਪਾਲ ਸਿੰਘ, ਕੰਵਲਜੀਤ ਸਿੰਘ, ਜਤਿੰਦਰ ਪਾਲ ਸਿੰਘ, ਪੁਰਾਤਤਵ ਵਿਭਾਗ ਤੋਂ ਹੀਰਾ ਸਿੰਘ ਨੂੰ ਨਾਲ ਲੈ ਕੇ ਰਾਮਬਾਗ਼ ਵਿਖੇ ਸਮਾਗਮ ਕਰਨ ਦੀ ਥਾਂ ਨਿਯਤ ਕੀਤੀ 'ਤੇ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਗੁਰਮਤਿ ਸਮਾਗਮ ਕਰਵਾਏ ਜਾਣਗੇ।
- PTC NEWS