Mansa News : ਕੋਟਲੀ ਕਲਾਂ 'ਚ ਮਾਪਿਆਂ ਦੇ ਇਕਲੌਤੇ 26 ਸਾਲਾ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਵਜ੍ਹਾ
Mansa Youth Murder : ਪਿੰਡ ਕੋਟਲੀ ਕਲਾ ਵਿਖੇ ਆਪਸੀ ਰੰਜਿਸ਼ ਨੂੰ ਲੈ ਕੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪਿੰਡ ਦੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਘਟਨਾ ਸਥਾਨ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾੀ ਅਨੁਸਾਰ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ, ਜਿਸ ਨੂੰ ਲੈ ਕੇ 26 ਸਾਲਾਂ ਨੌਜਵਾਨ ਸੁਖਜਿੰਦਰ ਸਿੰਘ ਛਿੰਦਾ ਦਾ ਪਿੰਡ ਦੇ ਹੀ ਨੌਜਵਾਨਾਂ ਵੱਲੋਂ ਸਵੇਰੇ ਬੱਸ ਸਟੈਂਡ 'ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਸੁਖਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਮ੍ਰਿਤਕ ਨੌਜਵਾਨ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦਾ ਪੁੱਤਰ ਬੱਸ ਸਟੈਂਡ 'ਤੇ ਸਟਾਰਟਿੰਗ ਕਰਵਾਉਣ ਦੇ ਲਈ ਗਿਆ ਸੀ ਪਰ ਪਹਿਲਾਂ ਤੋਂ ਹੀ ਪਲੈਨਿੰਗ ਬਣਾ ਕੇ ਬੈਠੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਉਸ ਥਾਂ 'ਤੇ ਆ ਕੇ ਉਸ ਨੂੰ ਸਰੇਆਮ ਗੋਲੀਆਂ ਮਾਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਕਈ ਸਾਲ ਪਹਿਲਾਂ ਟਰੈਕਟਰ 'ਤੇ ਡੈਕ ਲਾਉਣ ਨੂੰ ਲੈ ਕੇ ਆਪਸੀ ਤਕਰਾਰ ਹੋਇਆ ਸੀ। ਉਨ੍ਹਾਂ ਕਿਹਾ ਕਿ ਝਗੜੇ ਦੇ ਵਿੱਚ ਹੋਰ ਵੀ ਪਿੰਡ ਦੇ ਕੁਝ ਨੌਜਵਾਨ ਸ਼ਾਮਿਲ ਸਨ ਪਰ ਉਹ ਉਨ੍ਹਾਂ ਦੇ ਨਾਲ ਪਹਿਲਾਂ ਹੀ ਸਮਝੌਤਾ ਕਰ ਗਏ ਸਨ, ਜਿਸ ਕਾਰਨ ਹੁਣ ਉਨ੍ਹਾਂ ਦੇ ਇਕੱਲੇ ਪੁੱਤਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਇਨਸਾਫ ਦਿੱਤਾ ਜਾਵੇ।
ਉਧਰ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਕੋਟਲੀ ਕਲਾਂ ਵਿੱਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਤੁਰੰਤ ਪੁਲਿਸ ਪਾਰਟੀ ਨੇ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
- PTC NEWS